ਸੰਗਰੂਰ 'ਚ ਇਨਕਮ ਟੈਕਸ ਦਾ ਵੱਡਾ ਐਕਸ਼ਨ: ਵੱਡੇ ਕਾਰੋਬਾਰੀ ਦੇ ਟਿਕਾਣਿਆਂ 'ਤੇ ਸਵੇਰੇ-ਸਵੇਰੇ ਰੇਡ, ਟੀਮਾਂ ਖੰਗਾਲ ਰਹੀਆਂ ਰਿਕਾਰਡ
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਵਿੱਚ ਵੀਰਵਾਰ ਸਵੇਰੇ ਇਨਕਮ ਟੈਕਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ। ਵਿਭਾਗ ਦੀਆਂ ਟੀਮਾਂ ਨੇ ਦਿੜ੍ਹਬਾ ਦੇ ਇੱਕ ਵੱਡੇ ਕਾਰੋਬਾਰੀ ਨਾਲ ਜੁੜੇ ਕਈ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਸਵੇਰ ਤੋਂ ਹੀ ਵੱਖ-ਵੱਖ ਥਾਵਾਂ 'ਤੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਕਾਰੋਬਾਰੀ ਦੇ ਟਿਕਾਣਿਆਂ ਤੋਂ ਇਲਾਵਾ ਉਸ ਦੇ ਕਰੀਬੀਆਂ ਅਤੇ ਹੋਰ ਸਬੰਧਤ ਵਿਅਕਤੀਆਂ ਦੇ ਘਰਾਂ ਤੇ ਦਫ਼ਤਰਾਂ ਵਿੱਚ ਵੀ ਜਾਂਚ ਕਰ ਰਹੀਆਂ ਹਨ। ਅਧਿਕਾਰੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੋਰ ਇਲਾਕਿਆਂ ਵਿੱਚ ਵੀ ਛਾਪੇਮਾਰੀ ਦੀ ਚਰਚਾ
ਸੂਤਰਾਂ ਅਨੁਸਾਰ, ਇਨਕਮ ਟੈਕਸ ਵਿਭਾਗ ਦੀ ਇਹ ਕਾਰਵਾਈ ਸਿਰਫ਼ ਦਿੜ੍ਹਬਾ ਤੱਕ ਹੀ ਸੀਮਤ ਨਹੀਂ ਹੈ। ਜ਼ਿਲ੍ਹੇ ਤੋਂ ਬਾਹਰ ਕਿਸੇ ਹੋਰ ਇਲਾਕੇ ਵਿੱਚ ਵੀ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਕਾਰਵਾਈ ਦੇ ਕਾਰਨਾਂ ਬਾਰੇ ਅਜੇ ਵੀ ਸਸਪੈਂਸ
ਫਿਲਹਾਲ ਵਿਭਾਗ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਛਾਪੇਮਾਰੀ ਕਿਸ ਮਾਮਲੇ ਜਾਂ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਨਾ ਹੀ ਸਬੰਧਤ ਕਾਰੋਬਾਰੀ ਜਾਂ ਉਸ ਨਾਲ ਜੁੜੇ ਹੋਰ ਲੋਕਾਂ ਦੇ ਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਦਿੱਤੀ ਗਈ ਹੈ। ਵਿਭਾਗ ਦੀਆਂ ਟੀਮਾਂ ਵੱਲੋਂ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।