ਰਾਜ ਸਭਾ ਮੈਂਬਰ ਤਰੁਣ ਚੁੱਘ ਮਿਲੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ, ਦੁੱਖ ਕੀਤਾ ਸਾਂਝਾ, ਬੋਲੇ- 'ਇਨਸਾਫ਼ ਮਿਲਣ ਤੱਕ ਪਰਿਵਾਰ ਦੇ ਨਾਲ ਖੜ੍ਹੇ ਹਾਂ'
ਲੰਘੀ 7 ਸਤੰਬਰ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਕਰਨ ਵਾਲੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਮਾਮਲੇ ਵਿੱਚ ਸਿਆਸੀ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਪਹੁੰਚੇ।
ਲੰਘੀ 7 ਸਤੰਬਰ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਕਰਨ ਵਾਲੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਮਾਮਲੇ ਵਿੱਚ ਸਿਆਸੀ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਹਰ ਸੰਭਵ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਸਰਕਾਰ 'ਤੇ ਤਿੱਖੇ ਨਿਸ਼ਾਨੇ
ਇਸ ਮੌਕੇ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਪੰਜਾਬ ਸਰਕਾਰ ਨੂੰ ਲੰਬੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੂੰ ਆਮ ਲੋਕਾਂ ਨੇ ਬਹੁਤ ਉਮੀਦਾਂ ਨਾਲ ਚੁਣ ਕੇ ਸੱਤਾ ਵਿੱਚ ਭੇਜਿਆ ਸੀ, ਉਸੇ ਸਰਕਾਰ ਦੇ ਰਾਜ ਵਿੱਚ ਆਮ ਲੋਕਾਂ ਅਤੇ ਦਲਿਤ ਵਰਗ ਉੱਤੇ ਕਥਿਤ ਤੌਰ ’ਤੇ ਅੱਤਿਆਚਾਰ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਗੁਲਜ਼ਾਰ ਸਿੰਘ ਦਾ ਮਾਮਲਾ ਇਸ ਦੀ ਇੱਕ ਦੁਖਦਾਈ ਅਤੇ ਸ਼ਰਮਨਾਕ ਉਦਾਹਰਣ ਹੈ।
ਇਸ ਔਖੇ ਸਮੇਂ ‘ਚ ਭਾਜਪਾ ਪਰਿਵਾਰ ਨਾਲ ਖੜ੍ਹੀ ਹੈ
ਚੁੱਘ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਗੁਲਜ਼ਾਰ ਸਿੰਘ ਵੱਲੋਂ ਆਪਣੀ ਮੌਤ ਤੋਂ ਪਹਿਲਾਂ ਲਏ ਗਏ ਨਾਵਾਂ ਅਤੇ ਇਸ ਮਾਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਤਦ ਤੱਕ ਭਾਜਪਾ ਪੀੜਤ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ।
ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਸਵਾਲ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਤਰੁਣ ਚੁੱਘ ਨੇ ਕਿਹਾ ਕਿ ਅੱਜ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਵਿੱਚ ਨਸ਼ਾ ਖੁੱਲ੍ਹੇਆਮ ਮਿਲ ਰਿਹਾ ਹੈ। ਉਨ੍ਹਾਂ ਵਿਅੰਗ ਕੱਸਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਾ ਇਸ ਤਰ੍ਹਾਂ ਵਿਕ ਰਿਹਾ ਹੈ ਜਿਵੇਂ ਕੋਈ ਆਮ ਟਾਫ਼ੀਆਂ ਵਿਕਦੀਆਂ ਹੋਣ, ਜਿਸ ਨਾਲ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।
ਕੇਂਦਰ ਤੱਕ ਪਹੁੰਚਾਈ ਜਾਵੇਗੀ ਆਵਾਜ਼
ਭਾਜਪਾ ਆਗੂ ਨੇ ਦੱਸਿਆ ਕਿ ਉਨ੍ਹਾਂ ਨੇ ਪਰਿਵਾਰ ਕੋਲੋਂ ਇੱਕ ਲਿਖਤੀ ਪੱਤਰ ਮੰਗਿਆ ਹੈ ਤਾਂ ਜੋ ਇਸ ਪੱਤਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਤੱਕ ਪਹੁੰਚਾਇਆ ਜਾ ਸਕੇ। ਇਸ ਦਾ ਮੁੱਖ ਮਕਸਦ ਪੂਰੇ ਮਾਮਲੇ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਬੰਧਤ ਲੋਕਾਂ ਦੀ ਭੂਮਿਕਾ ਦੀ ਉੱਚ ਪੱਧਰੀ ਜਾਂਚ ਕਰਵਾਉਣਾ ਅਤੇ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣਾ ਹੈ। ਹੁਣ ਇਸ ਮਾਮਲੇ ਵਿੱਚ ਕੇਂਦਰੀ ਪੱਧਰ 'ਤੇ ਵੀ ਸਿਆਸੀ ਦਬਾਅ ਵਧਣ ਦੇ ਆਸਾਰ ਬਣ ਗਏ ਹਨ।