ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਨਾਮੀ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ
ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਕੁੱਝ ਸਮੇਂ ਪਹਿਲਾਂ ਹੀ ਆਪ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਸੀ। ਅਜਿਹੇ ਦੇ ਵਿੱਚ ਇੱਕ ਨਾਮੀ ਆਗੂ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੂੰ ਹੁਸ਼ਿਆਰਪੁਰ ਵਿੱਚ ਝਟਕਾ ਲੱਗਾ ਹੈ। ਹੁਸ਼ਿਆਰਪੁਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਕੁਲਜੀਤ ਸਿੰਘ ਬਜਵਾੜਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਖੁਦ ਇਸ ਦੀ ਪੁਸ਼ਟੀ ਕਰਦਿਆਂ ਪਾਰਟੀ ਛੱਡਣ ਦਾ ਕਾਰਨ ਘਰੇਲੂ ਜ਼ਿੰਮੇਵਾਰੀਆਂ ਦੱਸਿਆ ਹੈ। ਹਾਲਾਂਕਿ, ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।
ਟਿਕਟ ਨਾ ਮਿਲਣ ਤੋਂ ਸਨ ਨਾਰਾਜ਼
ਦਰਅਸਲ, ਕੁਲਜੀਤ ਸਿੰਘ ਬਜਵਾੜਾ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਮੰਨੇ ਜਾ ਰਹੇ ਸਨ। ਉਹ ਲੰਬੇ ਸਮੇਂ ਤੋਂ ਇਸ ਸੀਟ ਤੋਂ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਮਜ਼ਬੂਤ ਕਰ ਰਹੇ ਸਨ। ਪਰ ਪਾਰਟੀ ਹਾਈਕਮਾਂਡ ਵੱਲੋਂ ਮੁੜ ਮੌਜੂਦਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਟਿਕਟ ਦੇਣ ਦਾ ਫ਼ੈਸਲਾ ਕੀਤਾ ਗਿਆ।
ਟਿਕਟ ਦੇ ਐਲਾਨ ਤੋਂ ਬਾਅਦ ਅਸਤੀਫ਼ੇ ਦੀ ਚਰਚਾ ਤੇਜ਼
ਬ੍ਰਹਮ ਸ਼ੰਕਰ ਜਿੰਪਾ ਨੂੰ ਮੁੜ ਉਮੀਦਵਾਰ ਐਲਾਨੇ ਜਾਣ ਤੋਂ ਕੁਝ ਦਿਨ ਬਾਅਦ ਹੀ ਕੁਲਜੀਤ ਸਿੰਘ ਬਜਵਾੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਇਸ ਕਾਰਨ ਉਨ੍ਹਾਂ ਦੇ ਫ਼ੈਸਲੇ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਮਿਲਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਹੁਸ਼ਿਆਰਪੁਰ ਸੀਟ ਤੋਂ ਟਿਕਟ ਦੀ ਉਮੀਦ ਲਗਾਈ ਬੈਠੇ ਬਜਵਾੜਾ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਤੋਂ ਨਿਰਾਸ਼ ਹੋ ਸਕਦੇ ਹਨ। ਹਾਲਾਂਕਿ, ਉਨ੍ਹਾਂ ਨੇ ਆਪਣੇ ਅਸਤੀਫ਼ੇ ਪਿੱਛੇ ਘਰੇਲੂ ਜ਼ਿੰਮੇਵਾਰੀਆਂ ਨੂੰ ਕਾਰਨ ਦੱਸਿਆ ਹੈ। ਉਨ੍ਹਾਂ ਵੱਲੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ਗੀ ਦੀ ਕੋਈ ਸਪੱਸ਼ਟ ਪੁਸ਼ਟੀ ਨਹੀਂ ਕੀਤੀ ਗਈ ਹੈ।
ਅਗਲਾ ਸਿਆਸੀ ਕਦਮ ਕੀ ਹੋਵੇਗਾ?
ਫਿਲਹਾਲ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਕੁਲਜੀਤ ਸਿੰਘ ਬਜਵਾੜਾ ਆਉਣ ਵਾਲੇ ਸਮੇਂ ਵਿੱਚ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣਗੇ ਜਾਂ ਸਰਗਰਮ ਸਿਆਸਤ ਤੋਂ ਦੂਰੀ ਬਣਾ ਲੈਣਗੇ। ਪਰ ਟਿਕਟ ਦੇ ਐਲਾਨ ਤੋਂ ਬਾਅਦ ਉਨ੍ਹਾਂ ਵੱਲੋਂ ਦਿੱਤਾ ਗਿਆ ਅਸਤੀਫ਼ਾ ਹੁਸ਼ਿਆਰਪੁਰ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਸਭ ਦੀਆਂ ਨਜ਼ਰਾਂ ਉਨ੍ਹਾਂ ਦੇ ਅਗਲੇ ਸਿਆਸੀ ਕਦਮ 'ਤੇ ਟਿਕੀਆਂ ਹੋਈਆਂ ਹਨ।