ਹੁਸ਼ਿਆਰਪੁਰ 'ਚ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ਾਂ ਦੀ ਜਾਂਚ; ਮਨੀ ਲਾਂਡਰਿੰਗ ਤੇ ਬੇਨਾਮੀ ਜਾਇਦਾਦ ਨਾਲ ਜੁੜਿਆ ਮਾਮਲਾ
ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਹੁਸ਼ਿਆਰਪੁਰ ਦੇ ਜੋਧਾ ਮੱਲ ਰੋਡ ਸਥਿਤ ਉਨ੍ਹਾਂ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ
ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਹੁਸ਼ਿਆਰਪੁਰ ਦੇ ਜੋਧਾ ਮੱਲ ਰੋਡ ਸਥਿਤ ਉਨ੍ਹਾਂ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਜਾਣਕਾਰੀ ਮੁਤਾਬਕ, ਸੋਮਵਾਰ ਸਵੇਰੇ ਕਰੀਬ 5 ਵਜੇ ਸ਼ੁਰੂ ਹੋਈ ਇਸ ਕਾਰਵਾਈ ਦੌਰਾਨ ED ਦੀ ਟੀਮ ਵੱਲੋਂ ਘਰ ਦੇ ਅੰਦਰ ਮੌਜੂਦ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਲਈ CRPF ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਮਨੀ ਲਾਂਡਰਿੰਗ (PMLA) ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਜੁੜੀ ਹੋਈ ਹੈ। ਜਾਂਚ ਟੀਮ ਨੇ ਘਰ ਨੂੰ ਚਾਰੇ ਪਾਸਿਓਂ ਘੇਰਿਆ ਹੋਇਆ ਹੈ ਅਤੇ ਕਿਸੇ ਵੀ ਬਾਹਰੀ ਵਿਅਕਤੀ ਦੇ ਅੰਦਰ ਜਾਣ ਜਾਂ ਅੰਦਰੋਂ ਕਿਸੇ ਦੇ ਬਾਹਰ ਆਉਣ 'ਤੇ ਰੋਕ ਲਗਾਈ ਗਈ ਹੈ।
ਪੁੱਤਰ ਅਤੇ ਰੀਅਲ ਅਸਟੇਟ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ
ED ਦੀ ਇਹ ਕਾਰਵਾਈ ਸਿਰਫ਼ ਸੁੰਦਰ ਸ਼ਾਮ ਅਰੋੜਾ ਦੇ ਘਰ ਤੱਕ ਹੀ ਸੀਮਤ ਨਹੀਂ ਹੈ। ਮਿਲੀ ਜਾਣਕਾਰੀ ਅਨੁਸਾਰ, ਜਾਂਚ ਏਜੰਸੀ ਦੀਆਂ ਵੱਖ-ਵੱਖ ਟੀਮਾਂ ਵੱਲੋਂ ਉਨ੍ਹਾਂ ਦੇ ਪੁੱਤਰ ਪ੍ਰਤੀਕ ਅਰੋੜਾ ਅਤੇ ਕਾਰੋਬਾਰੀ ਸਾਥੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚ ਮਾਰਬੇਲਾ ਗਰੁੱਪ ਅਤੇ ਗੁਲਮੋਹਰ ਟਾਊਨਸ਼ਿਪ ਗਰੁੱਪ ਵਰਗੇ ਰੀਅਲ ਅਸਟੇਟ ਕਾਰੋਬਾਰੀਆਂ ਦੇ ਨਾਮ ਵੀ ਸਾਹਮਣੇ ਆਏ ਹਨ।
ਦੋਸ਼ ਹਨ ਕਿ ਗੈਰ-ਕਾਨੂੰਨੀ ਤਰੀਕੇ ਨਾਲ ਕਮਾਏ ਗਏ ਪੈਸੇ ਨੂੰ ਰੀਅਲ ਅਸਟੇਟ ਕਾਰੋਬਾਰ ਰਾਹੀਂ ਨਿਵੇਸ਼ ਕਰਕੇ ਲੁਕਾਇਆ ਗਿਆ। ਫਿਲਹਾਲ ED ਵੱਲੋਂ ਵਿੱਤੀ ਲੈਣ-ਦੇਣ ਨਾਲ ਜੁੜੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਨਵਰੀ ਵਿੱਚ ਵੀ ਹੋਈ ਸੀ ਛਾਪੇਮਾਰੀ
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁੰਦਰ ਸ਼ਾਮ ਅਰੋੜਾ ਜਾਂਚ ਏਜੰਸੀਆਂ ਦੇ ਨਿਸ਼ਾਨੇ 'ਤੇ ਆਏ ਹਨ। ਇਸ ਤੋਂ ਪਹਿਲਾਂ 27 ਜਨਵਰੀ ਨੂੰ ਵੀ ED ਵੱਲੋਂ ਆਮਦਨ ਕਰ ਵਿਭਾਗ ਦੇ ਨਾਲ ਮਿਲ ਕੇ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਉਸ ਸਮੇਂ ਵੀ ਅਧਿਕਾਰੀਆਂ ਨੇ ਕਈ ਘੰਟਿਆਂ ਤੱਕ ਦਸਤਾਵੇਜ਼ਾਂ ਦੀ ਜਾਂਚ ਕੀਤੀ ਸੀ। ਹਾਲਾਂਕਿ, ਮੌਜੂਦਾ ਛਾਪੇਮਾਰੀ ਸਬੰਧੀ ED ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।