ਪਰਵਿੰਦਰ ਝੋਟਾ ਕਤਲ ਕਾਂਡ: ਮੁੱਖ ਦੋਸ਼ੀ ਦਾ ਮੈਡੀਕਲ ਸਟੋਰ ਬੁਲਡੋਜ਼ਰ ਨਾਲ ਢਾਹਿਆ, ਗੁੱਸੇ ‘ਚ ਆਏ ਲੋਕਾਂ ਨੇ ਕੀਤੀ ਭਾਰੀ ਤੋੜ-ਫੋੜ ਤੇ ਫਿਰ ਕੀਤੀ ਅੱਗ ਦੇ ਹਵਾਲੇ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਤੋਂ ਬਾਅਦ ਮਾਨਸਾ ਦੇ ਵਿੱਚ ਹਲਾਤ ਤਣਾਅਪੂਰਨ ਹੋਏ ਪਏ ਹਨ। ਅੱਜ ਮੁੱਖ ਦੋਸ਼ੀ ਦੇ ਘਰ ਅਤੇ ਦੁਕਾਨ ਉੱਤੇ ਬੁਲਡੋਜ਼ਰ ਐਕਸ਼ਨ ਕੀਤਾ ਗਿਆ। ਦੁਕਾਨ ਉੱਤੇ ਜਦੋਂ ਪੀਲਾ ਪੰਜਾ ਚੱਲਿਆ, ਉਸ ਸਮੇਂ ਵੱਡੀ ਗਿਣਤੀ ਦੇ ਵਿੱਚ ਲੋਕ ਪਹੁੰਚ ਹੋਏ ਸਨ। ਲੋਕਾਂ ਦੇ ਵਿੱਚ ਭਾਰੀ ਗੁੱਸਾ ਦੇਖਣ ਨੂੰ ਮਿਲਿਆ।

By:  Lajwinder Kaur October 14th 2026 01:21 PM -- Updated: October 14th 2026 01:39 PM

ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ (45) ਦੇ ਕਤਲ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਮਾਮਲੇ ਵਿੱਚ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ ਹੈ ਕਿ ਉਸ ਨੇ ਮੰਗਲਵਾਰ ਨੂੰ ਫੇਸਬੁੱਕ ਲਾਈਵ ਦੌਰਾਨ ਝੋਟਾ ਨੂੰ ਤਿੰਨ ਗੋਲੀਆਂ ਮਾਰੀਆਂ ਸਨ। ਪੁਲਿਸ ਸੂਤਰਾਂ ਮੁਤਾਬਕ, ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਕਾਬੂ ਕੀਤਾ ਗਿਆ ਹੈ।

ਇਸ ਦੌਰਾਨ ਮਾਨਸਾ ਪ੍ਰਸ਼ਾਸਨ ਨੇ ਪੁਲਿਸ ਦੀ ਨਿਗਰਾਨੀ ਹੇਠ ਮੁਲਜ਼ਮ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਦੇ ਨਾਲ ਹੀ ਉਸ ਦੇ ਮੈਡੀਕਲ ਸਟੋਰ ਨੂੰ ਵੀ ਢਾਹ ਦਿੱਤਾ ਗਿਆ। ਦੁਕਾਨ ਵਿੱਚ ਭੰਨਤੋੜ ਕੀਤੀ ਗਈ ਅਤੇ ਉੱਥੇ ਪਏ ਸਾਮਾਨ ਨੂੰ ਅੱਗ ਲਗਾਉਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਦੁਕਾਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ।

ਗੁੱਸੇ ਵਿੱਚ ਆਏ ਲੋਕਾਂ ਨੇ ਦੁਕਾਨ ਵਿੱਚ ਕੀਤੀ ਭੰਨਤੋੜ

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਰੋਸ ਵਿੱਚ ਆਏ ਲੋਕਾਂ ਨੇ ਮੁਲਜ਼ਮ ਦੇ ਮੈਡੀਕਲ ਸਟੋਰ ਵਿੱਚ ਭੰਨਤੋੜ ਕੀਤੀ ਅਤੇ ਦੁਕਾਨ ਵਿੱਚ ਪਏ ਸਾਮਾਨ ਨੂੰ ਅੱਗ ਲਗਾ ਦਿੱਤੀ। 

ਉੱਧਰ, ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆਂ ਨੇ ਮਾਨਸਾ ਦੇ ਬਾਜ਼ਾਰ ਬੰਦ ਕਰਵਾ ਦਿੱਤੇ। ਮਾਹੌਲ ਨੂੰ ਦੇਖਦਿਆਂ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ।

ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰ ਅੰਤਿਮ ਸਸਕਾਰ ਨਾ ਕਰਨ ਦੀ ਮੰਗ 'ਤੇ ਅੜੇ ਹੋਏ ਹਨ। ਪਰਿਵਾਰ ਅਤੇ ਸਮਰਥਕਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਹੈ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੰਗੀ ਰਿਪੋਰਟ

ਇਸ ਮਾਮਲੇ ਦਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੀ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ।

ਦੂਜੇ ਪਾਸੇ, ਮਾਨਸਾ ਵਿੱਚ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਦਿੱਤਾ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਨਸਾ ਵਿੱਚ ਰੋਸ ਲਗਾਤਾਰ ਵਧ ਰਿਹਾ ਹੈ। ਹੁਣ ਸਾਰਿਆਂ ਦੀ ਨਜ਼ਰ ਪਰਿਵਾਰ ਦੀਆਂ ਮੰਗਾਂ, ਪੁਲਿਸ ਦੀ ਜਾਂਚ ਅਤੇ ਪ੍ਰਸ਼ਾਸਨ ਵੱਲੋਂ ਚੁੱਕੇ ਜਾਣ ਵਾਲੇ ਅਗਲੇ ਕਦਮਾਂ 'ਤੇ ਹੈ।

© Copyright Galactic Television & Communications Pvt. Ltd. 2026. All rights reserved.