ਪਰਵਿੰਦਰ ਝੋਟਾ ਦੇ ਕ**ਤਲ ਤੋਂ ਬਾਅਦ ਮਾਨਸਾ ’ਚ ਮਾਹੌਲ ਤਣਾਅਪੂਰਨ! ਮੁਲਜ਼ਮ ਕੈਮਿਸਟ ਫ਼ਰਾਰ; ਸਮਰਥਕਾਂ ਨੇ ਭੰਨ੍ਹੀ ਦੁਕਾਨ

ਮਾਨਸਾ ਤੋਂ ਅੱਜ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ, ਜਦੋਂ ਸਵੇਰੇ-ਸਵੇਰੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ। ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ। ਪਰਿਵਾਰ ਨੂੰ ਡਿਟੇਨ ਕਰ ਲਿਆ ਗਿਆ ਹੈ।

By:  Lajwinder Kaur October 13th 2026 04:45 PM -- Updated: October 13th 2026 04:50 PM

ਪੰਜਾਬ ਦੇ ਮਾਨਸਾ ਵਿੱਚ ਮੰਗਲਵਾਰ, 13 ਅਕਤੂਬਰ ਦੀ ਸਵੇਰ ਨਸ਼ਾ ਵਿਰੋਧੀ ਕਾਰਕੁਨ ਅਤੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਨਸ਼ਾ ਵੇਚਣ ਦੇ ਮੁੱਦੇ ਨੂੰ ਲੈ ਕੇ ਝੋਟਾ ਦੀ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨਾਲ ਬਹਿਸ ਹੋ ਗਈ। ਇਸ ਦੌਰਾਨ ਅਸ਼ਵਨੀ ਨੇ ਕਥਿਤ ਤੌਰ ’ਤੇ ਆਪਣੀ ਪਿਸਤੌਲ ਨਾਲ ਝੋਟਾ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਉਨ੍ਹਾਂ ਦੇ ਚਾਰ ਸਾਥੀਆਂ ਦੇ ਵੀ ਗੋਲੀ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਵਾਰਦਾਤ ਤੋਂ ਬਾਅਦ ਮੁਲਜ਼ਮ ਪਿਸਤੌਲ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਮਗਰੋਂ ਮਾਨਸਾ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ। ਝੋਟਾ ਦੇ ਸਮਰਥਕਾਂ ਨੇ ਮੁਲਜ਼ਮ ਦੀ ਦੁਕਾਨ ਦੀ ਭੰਨ੍ਹਤੋੜ ਕੀਤੀ ਅਤੇ ਸ਼ਹਿਰ ਬੰਦ ਕਰਨ ਦਾ ਐਲਾਨ ਕਰ ਦਿੱਤਾ। ਦੂਜੇ ਪਾਸੇ, ਪੁਲਿਸ ਨੇ ਮੁਲਜ਼ਮ ਦੀ ਭਾਲ ਤੇਜ਼ ਕਰਦਿਆਂ ਉਸ ਦੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਪੁਰਾਣੀ ਰੰਜਿਸ਼ ਕਾਰਨ ਵਾਰਦਾਤ ਹੋਣ ਦਾ ਖ਼ਦਸ਼ਾ

ਪੁਲਿਸ ਮੁਤਾਬਕ, ਪਰਵਿੰਦਰ ਸਿੰਘ ਝੋਟਾ ਅਤੇ ਮੈਡੀਕਲ ਸਟੋਰ ਮਾਲਕ ਵਿਚਾਲੇ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਸਾਲ 2023 ਵਿੱਚ ਝੋਟਾ ਨੇ ਕਥਿਤ ਤੌਰ ’ਤੇ ਨਸ਼ਾ ਵੇਚਣ ਦੇ ਦੋਸ਼ਾਂ ਨੂੰ ਲੈ ਕੇ ਇਸੇ ਦੁਕਾਨਦਾਰ ਦੇ ਗਲੇ ਵਿੱਚ ਜੁੱਤੀਆਂ ਦੀ ਮਾਲਾ ਪਾ ਕੇ ਉਸ ਨੂੰ ਘੁਮਾਇਆ ਸੀ। ਇਸ ਘਟਨਾ ਤੋਂ ਬਾਅਦ ਦੋਵਾਂ ਵਿਚਾਲੇ ਤਣਾਅ ਬਣਿਆ ਹੋਇਆ ਸੀ।

ਪੁਲਿਸ ਇਸ ਪੁਰਾਣੀ ਰੰਜਿਸ਼ ਅਤੇ ਮੰਗਲਵਾਰ ਸਵੇਰੇ ਹੋਈ ਬਹਿਸ ਨੂੰ ਕਤਲ ਦੇ ਮਾਮਲੇ ਦੀ ਜਾਂਚ ਦੇ ਅਹਿਮ ਪਹਿਲੂਆਂ ਵਜੋਂ ਦੇਖ ਰਹੀ ਹੈ। ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਸਮਰਥਕਾਂ ਨੇ ਮੁਲਜ਼ਮ ਦੀ ਦੁਕਾਨ ਭੰਨੀ, ਸ਼ਹਿਰ ਬੰਦ ਦਾ ਐਲਾਨ

ਪਰਵਿੰਦਰ ਝੋਟਾ ਦੇ ਕਤਲ ਦੀ ਖ਼ਬਰ ਫੈਲਦਿਆਂ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਸਿਵਲ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ। ਉਨ੍ਹਾਂ ਨੇ ਸ਼ਹਿਰ ਬੰਦ ਕਰਨ ਦਾ ਐਲਾਨ ਕਰਦਿਆਂ ਝੋਟਾ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਸਮਰਥਕਾਂ ਨੇ ਲਾਸ਼ ਸੌਂਪਣ ਦੀ ਮੰਗ ਵੀ ਕੀਤੀ, ਪਰ ਪੁਲਿਸ ਵੱਲੋਂ ਲਾਸ਼ ਨਾ ਸੌਂਪੇ ਜਾਣ ’ਤੇ ਗੁੱਸਾ ਹੋਰ ਵਧ ਗਿਆ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਮੈਡੀਕਲ ਸਟੋਰ ਦੀ ਭੰਨ੍ਹਤੋੜ ਕੀਤੀ। ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ।

ਮੁਲਜ਼ਮ ਦੇ ਪਰਿਵਾਰਕ ਮੈਂਬਰ ਹਿਰਾਸਤ ਵਿੱਚ, ਕਈ ਟੀਮਾਂ ਬਣਾਈਆਂ

ਮਾਮਲੇ ਦੀ ਜਾਂਚ ਲਈ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਅਤੇ ਮਾਨਸਾ ਪੁਲਿਸ ਵੱਲੋਂ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੀਆਈਏ ਅਤੇ ਕਾਊਂਟਰ ਇੰਟੈਲੀਜੈਂਸ ਸਮੇਤ ਕਈ ਟੀਮਾਂ ਬਣਾਈਆਂ ਗਈਆਂ ਹਨ।

ਪੁਲਿਸ ਅਨੁਸਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਕਥਿਤ ਤੌਰ ’ਤੇ ਮੈਡੀਕਲ ਸਟੋਰ ਦੇ ਮਾਲਕ ਨੇ ਆਪਣੇ ਲਾਇਸੈਂਸੀ ਪਿਸਤੌਲ ਦੀ ਵਰਤੋਂ ਕੀਤੀ। ਘਟਨਾ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਡੀਆਈਜੀ ਹਰਜੀਤ ਸਿੰਘ ਮੁਤਾਬਕ, ਮੁਲਜ਼ਮ ਦੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਉਸ ਨੂੰ ਫ਼ਰਾਰ ਹੋਣ ਵਿੱਚ ਮਦਦ ਕਰਨ ਦੇ ਸ਼ੱਕ ਹੇਠ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਹੋਰ ਸਬੰਧਤ ਵਿਅਕਤੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਫੇਸਬੁੱਕ ਲਾਈਵ ਦੌਰਾਨ ਹੋਈ ਵਾਰਦਾਤ, ਹਥਿਆਰ ਦੀ ਵੀ ਹੋਵੇਗੀ ਜਾਂਚ

ਡੀਆਈਜੀ ਹਰਜੀਤ ਸਿੰਘ ਅਨੁਸਾਰ, ਘਟਨਾ ਸਮੇਂ ਪਰਵਿੰਦਰ ਸਿੰਘ ਝੋਟਾ ਫੇਸਬੁੱਕ ’ਤੇ ਲਾਈਵ ਵੀਡੀਓ ਬਣਾ ਰਹੇ ਸਨ। ਪੁਲਿਸ ਇਸ ਵੀਡੀਓ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਦੇ ਘਟਨਾਕ੍ਰਮ ਬਾਰੇ ਪੂਰੀ ਜਾਣਕਾਰੀ ਮਿਲ ਸਕੇ।

ਪੁਲਿਸ ਨੇ ਦੱਸਿਆ ਕਿ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਲਾਇਸੈਂਸੀ ਪਿਸਤੌਲ ਹੋਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ, ਪਿਸਤੌਲ ਦੇ ਬੋਰ, ਚਲਾਈਆਂ ਗਈਆਂ ਗੋਲੀਆਂ ਦੀ ਗਿਣਤੀ ਅਤੇ ਲਾਇਸੈਂਸ ਨਾਲ ਸਬੰਧਤ ਹੋਰ ਵੇਰਵਿਆਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ।

ਮੁੱਖ ਮੰਤਰੀ ਨੇ ਬੁਲਾਈ ਉੱਚ ਪੱਧਰੀ ਮੀਟਿੰਗ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਅਤੇ ਸੀਨੀਅਰ ਪੁਲਿਸ ਅਧਿਕਾਰੀਆਂ (ਐੱਸਐੱਸਪੀ) ਦੀ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਉੱਧਰ, ਮਾਨਸਾ ਪੁਲਿਸ ਵੱਲੋਂ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

© Copyright Galactic Television & Communications Pvt. Ltd. 2026. All rights reserved.