ਸੱਤਿਆ ਨਿਕੇਤਨ ਹਾਦਸੇ ਤੋਂ ਬਾਅਦ ਦਿੱਲੀ ਦੀ CM ਦਾ ਵੱਡਾ ਹੁਕਮ: ਗੈਰ-ਕਾਨੂੰਨੀ ਉਸਾਰੀਆਂ ’ਤੇ ਚੱਲੇਗਾ ਬੁੱਲਡੋਜ਼ਰ, ਪੀਜੀ ਹੋਸਟਲਾਂ ਦੀ ਕੀਤੀ ਜਾਏ ਜਾਂਚ

ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿੱਚ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।

By:  Lajwinder Kaur September 9th 2026 01:56 PM -- Updated: September 9th 2026 02:47 PM

ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿੱਚ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਦਿੱਲੀ ਨਗਰ ਨਿਗਮ ਨੂੰ ਲੋੜ ਪੈਣ ’ਤੇ ਬੁੱਲਡੋਜ਼ਰ ਦੀ ਵਰਤੋਂ ਕਰਕੇ ਖ਼ਤਰਨਾਕ ਅਤੇ ਗੈਰ-ਕਾਨੂੰਨੀ ਢਾਂਚਿਆਂ ਨੂੰ ਹਟਾਉਣ ਲਈ ਕਿਹਾ ਹੈ।

ਇਹ ਹੁਕਮ ਬੁੱਧਵਾਰ, 9 ਸਤੰਬਰ ਨੂੰ ਜਾਰੀ ਕੀਤੇ ਗਏ। ਮੁੱਖ ਮੰਤਰੀ ਨੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਢਾਹੁਣ ਦੀ ਕਾਰਵਾਈ ਕਰਨ ਦੇ ਨਾਲ-ਨਾਲ ਸਾਰੇ ਸੀਨੀਅਰ ਨਗਰ ਨਿਗਮ ਅਧਿਕਾਰੀਆਂ ਨੂੰ ਮੌਕੇ ’ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਪੀਜੀ ਹਾਸਟਲਾਂ ਦੀ ਹੋਵੇਗੀ ਤੀਬਰ ਜਾਂਚ

ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਦੇ ਸਾਰੇ ਪੇਇੰਗ ਗੈਸਟ, ਯਾਨੀ ਪੀਜੀ ਹਾਸਟਲਾਂ ਦੀ ਤੀਬਰ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਅਧਿਕਾਰੀ ਇਹ ਜਾਂਚ ਕਰਨਗੇ ਕਿ ਇਨ੍ਹਾਂ ਇਮਾਰਤਾਂ ਵਿੱਚ ਕੋਈ ਗੈਰ-ਕਾਨੂੰਨੀ ਉਸਾਰੀ, ਵਾਧੂ ਮੰਜ਼ਿਲ, ਬੇਸਮੈਂਟ ਵਿੱਚ ਬਦਲਾਅ ਜਾਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਤਾਂ ਨਹੀਂ ਹੋ ਰਹੀ।

ਜਿੱਥੇ ਵੀ ਨਿਯਮਾਂ ਦੇ ਉਲਟ ਉਸਾਰੀ ਮਿਲੇਗੀ, ਉੱਥੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਦਾ ਧਿਆਨ ਖ਼ਾਸ ਤੌਰ ’ਤੇ ਉਨ੍ਹਾਂ ਇਮਾਰਤਾਂ ’ਤੇ ਹੈ ਜਿੱਥੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਜਾਂ ਹੋਰ ਲੋਕ ਰਹਿੰਦੇ ਹਨ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਹੈ ਕਿ ਪੀਜੀ ਹਾਸਟਲਾਂ ਦੀ ਜਾਂਚ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਾ ਰਹੇ। ਇਮਾਰਤ ਦੀ ਅਸਲ ਹਾਲਤ, ਐਮਰਜੈਂਸੀ ਰਸਤੇ, ਅੱਗ ਬੁਝਾਊ ਪ੍ਰਬੰਧ, ਪੌੜੀਆਂ, ਬਿਜਲੀ ਦੀਆਂ ਤਾਰਾਂ ਅਤੇ ਬੇਸਮੈਂਟ ਦੀ ਵਰਤੋਂ ਬਾਰੇ ਵੀ ਜਾਂਚ ਕੀਤੀ ਜਾਵੇ।

ਇਮਾਰਤਾਂ ਦੇ ਪੁਰਾਣੇ ਰਿਕਾਰਡ ਵੀ ਖੰਗਾਲੇ ਜਾਣਗੇ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਮਾਰਤਾਂ ਦੇ ਰਿਕਾਰਡ ਦੀ ਜਾਂਚ ਕਰਨ ਲਈ ਵੀ ਕਿਹਾ ਹੈ। ਇਸ ਜਾਂਚ ਰਾਹੀਂ ਇਹ ਪਤਾ ਲਗਾਇਆ ਜਾਵੇਗਾ ਕਿ ਗੈਰ-ਕਾਨੂੰਨੀ ਉਸਾਰੀ ਕਦੋਂ ਕੀਤੀ ਗਈ, ਇਸ ਲਈ ਕਿਸ ਨੇ ਮਨਜ਼ੂਰੀ ਦਿੱਤੀ ਅਤੇ ਇਹ ਮਾਮਲਾ ਕਿਸ ਅਧਿਕਾਰੀ ਜਾਂ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਸੀ।

ਇਸ ਦੇ ਨਾਲ ਇਹ ਵੀ ਦੇਖਿਆ ਜਾਵੇਗਾ ਕਿ ਇਮਾਰਤ ਦੇ ਮਾਲਕ ਨੇ ਮਨਜ਼ੂਰਸ਼ੁਦਾ ਨਕਸ਼ੇ ਤੋਂ ਵੱਧ ਕੋਈ ਕੰਮ ਤਾਂ ਨਹੀਂ ਕਰਵਾਇਆ। ਜੇਕਰ ਕਿਸੇ ਅਧਿਕਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ।

ਸਰਕਾਰ ਦਾ ਮੰਨਣਾ ਹੈ ਕਿ ਇਮਾਰਤਾਂ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਸ ਕਾਰਵਾਈ ਦਾ ਮਕਸਦ ਸਿਰਫ਼ ਢਾਹੁਣਾ ਨਹੀਂ, ਸਗੋਂ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਣਾ ਵੀ ਹੈ।

© Copyright Galactic Television & Communications Pvt. Ltd. 2026. All rights reserved.