Arvind Kejriwal: ਅਦਾਲਤ 'ਚ ਭਾਵੁਕ ਹੋਏ ਕੇਜਰੀਵਾਲ, ਭਰ ਆਈਆਂ ਅੱਖਾਂ, ਬੋਲੇ- 'ਮੈਂ ਹਮੇਸ਼ਾ ਕਿਹਾ ਸੀ ਰੱਬ ਸਾਡੇ ਨਾਲ ਹੈ…AAP ਕੱਟੜ ਇਮਾਨਦਾਰ’
ਦਿੱਲੀ ਤੋਂ ਇਸ ਸਮੇਂ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦਿੱਲੀ ਸਰਕਾਰ ਦੀ ਪੁਰਾਣੀ ਆਬਕਾਰੀ (ਸ਼ਰਾਬ) ਨੀਤੀ ਨਾਲ ਜੁੜੇ ਕਥਿਤ ਘੁਟਾਲੇ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਮੋੜ ਆਇਆ, ਜਦੋਂ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸਮੇਤ ਸਾਰੇ ਮੁਲਜ਼ਮਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਜਾਂਚ ਏਜੰਸੀ CBI ਇਨ੍ਹਾਂ ਇਲਜ਼ਾਮਾਂ ਨੂੰ ਸਾਬਤ ਕਰਨ ਲਈ ਲੋੜੀਂਦੇ ਅਤੇ ਠੋਸ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੀ ਹੈ। ਸੁਣਵਾਈ ਦੌਰਾਨ ਕੇਜਰੀਵਾਲ ਅਤੇ ਸਿਸੋਦੀਆ ਖੁਦ ਅਦਾਲਤ ਵਿੱਚ ਮੌਜੂਦ ਸਨ, ਜਿੱਥੇ ਫੈਸਲਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਬਹੁਤ ਵੱਡੀ ਕਾਨੂੰਨੀ ਰਾਹਤ ਮਿਲੀ।
ਅਦਾਲਤ ਦੀ CBI 'ਤੇ ਸਖ਼ਤ ਟਿੱਪਣੀ: 23 ਮੁਲਜ਼ਮਾਂ ਨੂੰ ਮਿਲੀ ਰਾਹਤ
ਅਦਾਲਤ ਨੇ ਆਪਣੇ ਹੁਕਮਾਂ ਵਿੱਚ CBI ਦੀ ਜਾਂਚ 'ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਚਾਰਜਸ਼ੀਟ ਵਿੱਚ ਗੰਭੀਰ ਖਾਮੀਆਂ ਹਨ ਅਤੇ ਕਿਸੇ ਵੀ ਗਵਾਹ ਜਾਂ ਬਿਆਨ ਨਾਲ ਇਲਜ਼ਾਮ ਸਪੱਸ਼ਟ ਤੌਰ 'ਤੇ ਸਾਬਤ ਨਹੀਂ ਹੁੰਦੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਉਪਲਬਧ ਰਿਕਾਰਡ ਅਤੇ ਸਬੂਤ ਇਲਜ਼ਾਮ ਤੈਅ ਕਰਨ ਦੇ ਮਿਆਰ 'ਤੇ ਖਰੇ ਨਹੀਂ ਉਤਰਦੇ, ਇਸ ਲਈ ਕਾਰਵਾਈ ਅੱਗੇ ਵਧਾਉਣ ਦਾ ਕੋਈ ਆਧਾਰ ਨਹੀਂ ਬਣਦਾ। ਇਸ ਫੈਸਲੇ ਨਾਲ ਕੇਜਰੀਵਾਲ ਅਤੇ ਸਿਸੋਦੀਆ ਸਮੇਤ ਕੁੱਲ 23 ਮੁਲਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਇਸ ਨੂੰ ਦਿੱਲੀ ਦੀ ਰਾਜਨੀਤੀ ਵਿੱਚ ਇੱਕ ਅਹਿਮ ਮੋੜ ਮੰਨਿਆ ਜਾ ਰਿਹਾ ਹੈ।
ਕੇਜਰੀਵਾਲ ਦੀ ਭਾਵੁਕ ਪ੍ਰਤੀਕਿਰਿਆ: 'ਇਹ ਸੱਚ ਦੀ ਜਿੱਤ ਹੈ'
ਅਦਾਲਤ ਦੇ ਫੈਸਲੇ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਸ਼ਰਾਬ ਘੁਟਾਲੇ ਨੂੰ ਲੈ ਕੇ ਉਨ੍ਹਾਂ 'ਤੇ ਲਗਾਏ ਗਏ ਸਾਰੇ ਇਲਜ਼ਾਮ ਅਦਾਲਤ ਨੇ ਖਾਰਜ ਕਰ ਦਿੱਤੇ ਹਨ ਅਤੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਨੂੰ ‘ਸੱਚ ਦੀ ਜਿੱਤ’ ਕਰਾਰ ਦਿੱਤਾ। ਜੱਜ ਦਾ ਧੰਨਵਾਦ ਕਰਦਿਆਂ ਉਨ੍ਹਾਂ ਇਲਜ਼ਾਮ ਲਾਇਆ ਕਿ ਭਾਜਪਾ ਨੇ ਆਜ਼ਾਦ ਭਾਰਤ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਰਚੀ ਸੀ ਅਤੇ ਉਨ੍ਹਾਂ ਦੀ ਪਾਰਟੀ ਦੇ ਚੋਟੀ ਦੇ ਆਗੂਆਂ ਨੂੰ ਖ਼ਤਮ ਕਰਨ ਲਈ ਜੇਲ੍ਹ ਭੇਜਿਆ ਗਿਆ ਸੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਇਲਜ਼ਾਮ ਲਗਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਉਮਰ ਭਰ ਸਿਰਫ਼ ਇਮਾਨਦਾਰੀ ਹੀ ਕਮਾਈ ਹੈ ਅਤੇ ਅਦਾਲਤ ਨੇ ਵੀ ਉਨ੍ਹਾਂ ਨੂੰ ਤੇ ਮਨੀਸ਼ ਸਿਸੋਦੀਆ ਨੂੰ ‘ਕੱਟੜ ਇਮਾਨਦਾਰ’ ਸਾਬਤ ਕਰ ਦਿੱਤਾ ਹੈ। ਨਾਲ ਹੀ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿਆਸਤ ਲਈ ਲੋਕਤੰਤਰੀ ਸੰਸਥਾਵਾਂ ਨਾਲ ਖਿਲਵਾੜ ਨਾ ਕੀਤਾ ਜਾਵੇ।
CBI ਨੂੰ ਸਖ਼ਤ ਫਟਕਾਰ: ਸਬੂਤਾਂ ਦੀ ਘਾਟ ਕਾਰਨ ਸਾਰੇ ਮੁਲਜ਼ਮ ਬਰੀ
ਅਦਾਲਤ ਨੇ ਇਸ ਮਾਮਲੇ ਵਿੱਚ ਸਾਰੇ 23 ਮੁਲਜ਼ਮਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਪੂਰੀ ਤਰ੍ਹਾਂ ਡਿਸਚਾਰਜ ਕਰ ਦਿੱਤਾ ਹੈ ਅਤੇ ਕਿਸੇ ਵੀ ਮੁਲਜ਼ਮ ਖ਼ਿਲਾਫ਼ ਇਲਜ਼ਾਮ ਤੈਅ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਕਿ ਉਪਲਬਧ ਸਬੂਤ ਕੇਸ ਚਲਾਉਣ ਲਈ ਕਾਫ਼ੀ ਨਹੀਂ ਹਨ। ਇਸ ਦੇ ਨਾਲ ਹੀ, ਜਾਂਚ ਪ੍ਰਕਿਰਿਆ ਵਿੱਚ ਪਾਈਆਂ ਗਈਆਂ ਗੰਭੀਰ ਖਾਮੀਆਂ ਨੂੰ ਲੈ ਕੇ ਅਦਾਲਤ ਨੇ CBI ਨੂੰ ਸਖ਼ਤ ਫਿਟਕਾਰ ਲਗਾਈ। ਜਾਂਚ ਦੀ ਗੁਣਵੱਤਾ 'ਤੇ ਸਵਾਲ ਉਠਾਉਂਦੇ ਹੋਏ ਅਦਾਲਤ ਨੇ ਏਜੰਸੀ ਨੂੰ ਨਸੀਹਤ ਦਿੱਤੀ ਕਿ ਭਵਿੱਖ ਵਿੱਚ ਅਜਿਹੇ ਮਾਮਲਿਆਂ ਵਿੱਚ ਵਧੇਰੇ ਸਾਵਧਾਨੀ ਅਤੇ ਨਿਰਪੱਖਤਾ ਵਰਤੀ ਜਾਵੇ।
ਅਦਾਲਤ ਨੇ ਇਸ ਮਾਮਲੇ ਵਿੱਚ ਸਾਰੇ 23 ਮੁਲਜ਼ਮਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਪੂਰੀ ਤਰ੍ਹਾਂ ਡਿਸਚਾਰਜ ਕਰ ਦਿੱਤਾ ਹੈ ਅਤੇ ਕਿਸੇ ਵੀ ਮੁਲਜ਼ਮ ਖ਼ਿਲਾਫ਼ ਇਲਜ਼ਾਮ ਤੈਅ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਕਿ ਉਪਲਬਧ ਸਬੂਤ ਕੇਸ ਚਲਾਉਣ ਲਈ ਕਾਫ਼ੀ ਨਹੀਂ ਹਨ। ਇਸ ਦੇ ਨਾਲ ਹੀ, ਜਾਂਚ ਪ੍ਰਕਿਰਿਆ ਵਿੱਚ ਪਾਈਆਂ ਗਈਆਂ ਗੰਭੀਰ ਖਾਮੀਆਂ ਨੂੰ ਲੈ ਕੇ ਅਦਾਲਤ ਨੇ CBI ਨੂੰ ਸਖ਼ਤ ਫਟਕਾਰ ਲਗਾਈ। ਜਾਂਚ ਦੀ ਗੁਣਵੱਤਾ 'ਤੇ ਸਵਾਲ ਉਠਾਉਂਦੇ ਹੋਏ ਅਦਾਲਤ ਨੇ ਏਜੰਸੀ ਨੂੰ ਨਸੀਹਤ ਦਿੱਤੀ ਕਿ ਭਵਿੱਖ ਵਿੱਚ ਅਜਿਹੇ ਮਾਮਲਿਆਂ ਵਿੱਚ ਵਧੇਰੇ ਸਾਵਧਾਨੀ ਅਤੇ ਨਿਰਪੱਖਤਾ ਵਰਤੀ ਜਾਵੇ।
'ਸੱਚ ਦੀ ਜਿੱਤ': ਆਮ ਆਦਮੀ ਪਾਰਟੀ ਦਾ ਪ੍ਰਤੀਕਰਮ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੀ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ- ਜਿਵੇਂ ਕਿਹਾ ਜਾਂਦਾ ਹੈ ਕਿ 'ਨਿਆਂ ਵਿੱਚ ਦੇਰੀ ਹੋ ਸਕਦੀ ਹੈ ਪਰ ਉਸ ਨੂੰ ਰੋਕਿਆ ਨਹੀਂ ਸਕਦਾ'। ਮਾਨਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਜੀ, ਮਨੀਸ਼ ਸਿਸੋਦੀਆ ਜੀ ਅਤੇ ਹੋਰ ਸਾਰੇ ਸਾਥੀਆਂ ਨੂੰ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਝੂਠੇ, ਮਨਘੜਤ ਅਤੇ ਸਫੈਦ ਝੂਠ ਦੇ ਪੁਲੰਦੇ ਵਾਲੇ ਕੇਸ ਵਿੱਚੋਂ ਬਰੀ ਕੀਤੇ ਜਾਣ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਇਹ ਸਭ ਆਮ ਆਦਮੀ ਪਾਰਟੀ ਦੀ ਇਮਾਨਦਾਰੀ ਵਾਲੀ ਰਾਜਨੀਤੀ ਨੂੰ ਬਦਨਾਮ ਕਰਨ ਅਤੇ ਨੁਕਸਾਨ ਪਹੁੰਚਾਉਣ ਲਈ ਕੀਤਾ ਸੀ। ਦੇਸ਼ ਦੇ ਲੋਕ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਸਾਜ਼ਿਸ਼ਘੜਿਆਂ ਨੂੰ ਮੂੰਹ-ਤੋੜ ਜਵਾਬ ਦੇਣਗੇ। ਜੈ ਹਿੰਦ'