Sajjan Kumar : 84 ਦੇ ਦੰਗਿਆਂ ਦਾ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਹੋਈ ਮੌਤ; ਤਿਹਾੜ ਜੇਲ੍ਹ 'ਚ ਕੱਟ ਰਿਹਾ ਸੀ ਉਮਰ ਕੈਦ

84 ਦੇ ਦੰਗਿਆਂ ਦਾ ਮੁੱਖ ਦੋਸ਼ੀ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ 'ਚ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਸ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ ਸੀ। ਜ਼ਿਕਰਯੋਗ ਹੈ ਕਿ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ।

By:  Lajwinder Kaur August 20th 2026 01:39 PM -- Updated: August 20th 2026 04:47 PM

84 ਦੇ ਦੰਗਿਆਂ ਦਾ ਮੁੱਖ ਦੋਸ਼ੀ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ 'ਚ ਮੌਤ ਹੋ ਗਈ ਹੈ।  ਮੀਡੀਆ ਰਿਪੋਰਟਾਂ ਮੁਤਾਬਕ ਉਸ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ ਸੀ। ਜ਼ਿਕਰਯੋਗ ਹੈ ਕਿ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ।

ਜਾਣੋ ਕਦੋਂ ਸ਼ੁਰੂ ਹੋਇਆ ਸੀ ਸੱਜਣ ਕੁਮਾਰ ਦਾ ਸਿਆਸੀ ਸਫਰ

ਸੱਜਣ ਕੁਮਾਰ ਦਾ ਜਨਮ 23 ਸਤੰਬਰ 1945 ਨੂੰ ਦਿੱਲੀ ਵਿੱਚ ਹੋਇਆ ਸੀ। ਉਸ ਨੇ ਮੈਟ੍ਰਿਕ ਤੱਕ ਪੜ੍ਹਾਈ ਕੀਤੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਹਨ। ਉਨ੍ਹਾਂ ਨੇ 1977 ਵਿੱਚ ਦਿੱਲੀ ਨਗਰ ਨਿਗਮ ਦੇ ਕੌਂਸਲਰ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ। ਇਸ ਤੋਂ ਬਾਅਦ ਉਹ ਦਿੱਲੀ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਬਣੇ। 1980 ਵਿੱਚ ਉਹ ਪਹਿਲੀ ਵਾਰ ਬਾਹਰੀ ਦਿੱਲੀ ਤੋਂ ਲੋਕ ਸਭਾ ਮੈਂਬਰ ਚੁਣੇ ਗਏ। ਇਸ ਤੋਂ ਬਾਅਦ 1991 ਅਤੇ 2004 ਵਿੱਚ ਵੀ ਇਸੇ ਸੀਟ ਤੋਂ ਸੰਸਦ ਮੈਂਬਰ ਰਹੇ। ਸੰਸਦ ਵਿੱਚ ਉਨ੍ਹਾਂ ਨੇ ਸ਼ਹਿਰੀ ਵਿਕਾਸ ਅਤੇ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ ਨਾਲ ਸਬੰਧਤ ਕਮੇਟੀਆਂ ਵਿੱਚ ਕੰਮ ਕੀਤਾ। ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਛੱਡ ਦਿੱਤੀ। ਫਰਵਰੀ 2025 ਵਿੱਚ 1984 ਦੇ ਦੰਗਿਆਂ ਨਾਲ ਜੁੜੇ ਇੱਕ ਹੋਰ ਕਤਲ ਮਾਮਲੇ ਵਿੱਚ ਵੀ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

ਪਿਤਾ-ਪੁੱਤਰ ਦੀ ਹੱਤਿਆ ਸਮੇਤ ਇਨ੍ਹਾਂ ਮਾਮਲਿਆਂ ‘ਚ ਸੀ ਦੋਸ਼ੀ

ਸੱਜਣ ਕੁਮਾਰ ਨੂੰ ਪਿਤਾ-ਪੁੱਤਰ ਦੀ ਹੱਤਿਆ ਸਮੇਤ 2 ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਦਿੱਲੀ ਕੈਂਟ ਦੀ ਪਾਲਮ ਕਾਲੋਨੀ ਵਿੱਚ 5 ਸਿੱਖਾਂ ਦੀ ਹੱਤਿਆ ਅਤੇ ਗੁਰਦੁਆਰਾ ਸਾੜਨ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਤੰਬਰ 2023 ਵਿੱਚ ਰਾਊਜ਼ ਐਵੇਨਿਊ ਕੋਰਟ ਨੇ ਸੁਲਤਾਨਪੁਰੀ ਵਿੱਚ 3 ਸਿੱਖਾਂ ਦੀ ਹੱਤਿਆ ਦੇ ਮਾਮਲੇ ਵਿੱਚ ਉਸ ਨੂੰ ਬਰੀ ਕਰ ਦਿੱਤਾ ਸੀ। CBI ਦੀ ਗਵਾਹ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਸੱਜਣ ਕੁਮਾਰ ਭੀੜ ਨੂੰ ਭੜਕਾ ਰਹੇ ਸਨ। 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਵਿੱਚ ਸਰਦਾਰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਹੋਈ ਸੀ। ਇਸ ਮਾਮਲੇ ਵਿੱਚ 12 ਫਰਵਰੀ 2025 ਨੂੰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 25 ਫਰਵਰੀ ਨੂੰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

ਕਰੀਬ 3500 ਲੋਕਾਂ ਦੀ ਹੋਈ ਸੀ ਮੌਤ

1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਕਰੀਬ 3500 ਲੋਕਾਂ ਦੀ ਮੌਤ ਹੋਈ ਸੀ। 31 ਅਕਤੂਬਰ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1 ਨਵੰਬਰ ਤੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਉੱਠੇ ਸਨ। ਦਿੱਲੀ ਵਿੱਚ ਕਰੀਬ 2700 ਅਤੇ ਦੇਸ਼ ਭਰ ਵਿੱਚ ਲਗਭਗ 3500 ਲੋਕਾਂ ਦੀ ਮੌਤ ਹੋਈ। ਮਈ 2000 ਵਿੱਚ ਜੀ.ਟੀ. ਨਾਨਾਵਤੀ ਕਮਿਸ਼ਨ ਦਾ ਗਠਨ ਕੀਤਾ ਗਿਆ। ਇਸ ਦੀਆਂ ਸਿਫਾਰਸ਼ਾਂ ਦੇ ਆਧਾਰ ’ਤੇ 24 ਅਕਤੂਬਰ 2005 ਨੂੰ CBI ਨੇ ਮਾਮਲਾ ਦਰਜ ਕੀਤਾ। 2010 ਵਿੱਚ ਟ੍ਰਾਇਲ ਕੋਰਟ ਨੇ ਸੱਜਣ ਕੁਮਾਰ ਸਮੇਤ ਕਈ ਮੁਲਜ਼ਮਾਂ ਨੂੰ ਸੰਮਨ ਜਾਰੀ ਕੀਤੇ। 2013 ਵਿੱਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਤੋਂ ਬਾਅਦ CBI ਨੇ ਦਿੱਲੀ ਹਾਈ ਕੋਰਟ ਵਿੱਚ ਅਪੀਲ ਕੀਤੀ। 17 ਦਸੰਬਰ 2018 ਨੂੰ ਦਿੱਲੀ ਹਾਈ ਕੋਰਟ ਨੇ ਪੰਜ ਸਿੱਖਾਂ ਦੀ ਹੱਤਿਆ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ।

© Copyright Galactic Television & Communications Pvt. Ltd. 2026. All rights reserved.