ਪਰਵਿੰਦਰ ਝੋਟਾ ਤੇ ਦਿੜ੍ਹਬਾ ਮਾਮਲੇ 'ਚ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ ਗ੍ਰਹਿ ਮੰਤਰਾਲਾ, ਅਮਿਤ ਸ਼ਾਹ ਨੇ ਮਾਨ ਸਰਕਾਰ ਨੂੰ ਘੇਰਿਆ

ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਅਪਰਾਧਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।

By:  Lajwinder Kaur October 16th 2026 04:22 PM -- Updated: October 16th 2026 04:27 PM

ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਅਪਰਾਧਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਦਿੜ੍ਹਬਾ ਵਿੱਚ ਇੱਕ ਵਿਅਕਤੀ ਵੱਲੋਂ ਕਥਿਤ ਤੌਰ 'ਤੇ ਦਬਾਅ ਹੇਠ ਜ਼ਹਿਰ ਖਾਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਗ੍ਰਹਿ ਮੰਤਰਾਲਾ ਇਨ੍ਹਾਂ ਦੋਵਾਂ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।

ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ?

ਪਰਵਿੰਦਰ ਸਿੰਘ ਝੋਟਾ ਕਤਲਕਾਂਡ 'ਤੇ ਚੁੱਕੇ ਸਵਾਲ

ਕੇਂਦਰੀ ਗ੍ਰਹਿ ਮੰਤਰੀ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਦਿਨ-ਦਿਹਾੜੇ ਹੋਈ ਇਸ ਘਟਨਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੁਤਾਬਕ, ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਬਣੀ ਹੋਈ ਹੈ।

ਅਮਿਤ ਸ਼ਾਹ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਰਟੀ ਦੇ ਇੱਕ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਦੋਸ਼ਾਂ ਅਤੇ ਘਟਨਾਵਾਂ ਨੂੰ ਲੈ ਕੇ ਗ੍ਰਹਿ ਮੰਤਰਾਲਾ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।

ਦਿੜ੍ਹਬਾ ਮਾਮਲੇ ਦਾ ਵੀ ਕੀਤਾ ਜ਼ਿਕਰ

ਅਮਿਤ ਸ਼ਾਹ ਨੇ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਵਿੱਚ ਇੱਕ ਪਿਤਾ ਵੱਲੋਂ ਕਥਿਤ ਤੌਰ 'ਤੇ ਦਬਾਅ ਹੇਠ ਜ਼ਹਿਰ ਖਾਣ ਦੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ ਅਤੇ ਸੰਗਠਿਤ ਅਪਰਾਧ ਦਾ ਖ਼ਤਰਾ ਵੀ ਗੰਭੀਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।

ਭਗਵੰਤ ਮਾਨ ਤੋਂ ਪੁੱਛਿਆ ਸਵਾਲ

ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਪ੍ਰਚਾਰ ਨਹੀਂ, ਸਗੋਂ ਜਵਾਬ ਚਾਹੀਦੇ ਹਨ। ਉਨ੍ਹਾਂ ਅਨੁਸਾਰ, ਲੋਕਾਂ ਨੂੰ ਐਲਾਨਾਂ ਦੀ ਬਜਾਏ ਨਤੀਜੇ ਚਾਹੀਦੇ ਹਨ।

ਉਨ੍ਹਾਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਫ਼ੈਸਲਾਕੁਨ ਕਾਰਵਾਈ ਕਰਨ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਤਰ੍ਹਾਂ ਦੀ ਕਥਿਤ ਸਿਆਸੀ ਸਰਪ੍ਰਸਤੀ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ।

ਪੰਜਾਬ ਨੂੰ ਨਸ਼ਾਮੁਕਤ ਅਤੇ ਗੈਂਗਸਟਰਮੁਕਤ ਬਣਾਉਣ ਦਾ ਕੀਤਾ ਵਾਅਦਾ

ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਸੂਬੇ ਨੂੰ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਨਸ਼ਿਆਂ ਦੇ ਕਾਰੋਬਾਰ 'ਤੇ ਸਖ਼ਤ ਕਾਰਵਾਈ ਕਰਨਾ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨਾ, ਅਪਰਾਧੀਆਂ ਵਿਰੁੱਧ ਸਖ਼ਤ ਕਦਮ ਚੁੱਕਣਾ ਅਤੇ ਕਾਨੂੰਨ ਦਾ ਰਾਜ ਸਥਾਪਤ ਕਰਨਾ ਹੈ, ਤਾਂ ਜੋ ਕਿਸੇ ਵੀ ਨਾਗਰਿਕ ਨੂੰ ਡਰ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਨਾ ਹੋਣਾ ਪਵੇ।

ਅਮਿਤ ਸ਼ਾਹ ਨੇ ਇਹ ਸੰਦੇਸ਼ ਹਿੰਦੀ ਅਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ ਸਾਂਝਾ ਕੀਤਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਿਆਸੀ ਬਹਿਸ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

© Copyright Galactic Television & Communications Pvt. Ltd. 2026. All rights reserved.