ਜਾਣੋ ਕੌਣ ਹੈ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲਾ ਸ਼ਖਸ! ਪਹਿਲੀ ਤਸਵੀਰ ਆਈ ਸਾਹਮਣੇ…
ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਖੰਜਰ ਨਾਲ ਹਮਲਾ ਹੋਇਆ। ਪੁਲਿਸ ਮੁਤਾਬਕ ਹਮਲਾਵਰ ਨਿਹੰਗ ਜਸਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਮਲੇ ਦੌਰਾਨ ਸੁਖਬੀਰ ਬਾਦਲ ਦੇ ਹੱਥ ’ਤੇ ਸੱਟ ਲੱਗੀ, ਜਦਕਿ ਉਨ੍ਹਾਂ ਨੂੰ ਬਚਾਉਂਦੇ ਹੋਏ ਇੱਕ ਪੁਲਿਸ ਇੰਸਪੈਕਟਰ ਵੀ ਜ਼ਖਮੀ ਹੋ ਗਿਆ। ਦੋਵਾਂ ਨੂੰ ਨਾਂਦੇੜ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਦਰਸ਼ਨਾਂ ਤੋਂ ਬਾਅਦ ਹਮਲਾ ਹੋਣ ਦੀ ਮਹਾਰਾਸ਼ਟਰ ਪੁਲਿਸ ਵੱਲੋਂ ਪੁਸ਼ਟੀ ਕੀਤੀ ਗਈ ਹੈ। ਨਾਂਦੇੜ ਪੁਲਿਸ ਵੱਲੋਂ ਜਾਰੀ ਪ੍ਰੈਸ ਨੋਟ ਮੁਤਾਬਕ ਇਹ ਘਟਨਾ ਅੱਜ 13 ਅਗਸਤ 2026 ਨੂੰ ਦੁਪਹਿਰ ਕਰੀਬ 1:50 ਵਜੇ ਵਾਪਰੀ।
ਪੁਲਿਸ ਅਨੁਸਾਰ ਸੁਖਬੀਰ ਸਿੰਘ ਬਾਦਲ ਨਾਂਦੇੜ ਜ਼ਿਲ੍ਹੇ ਦੇ ਮੁਖੇਡ ਤਹਿਸੀਲ ਅਧੀਨ ਪੈਂਦੇ ਮੁਗਟ ਪਿੰਡ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਦਰਸ਼ਨ ਕਰਨ ਤੋਂ ਬਾਅਦ ਬਾਹਰ ਆ ਰਹੇ ਸਨ। ਇਸ ਦੌਰਾਨ ਇੱਕ ਸਿੱਖ ਸੇਵਾਦਾਰ ਨੇ ਉਨ੍ਹਾਂ ਦੇ ਹੱਥ ‘ਤੇ ਖੰਜਰ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਮਹਾਰਾਸ਼ਟਰ ਪੁਲਿਸ ਨੇ ਜਾਣਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਹਮਲਾਵਰ ਨਿਹੰਗ ਜਸਪਾਲ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਬਚਾਅ ਦੌਰਾਨ ਪੁਲਿਸ ਅਧਿਕਾਰੀ ਵੀ ਜ਼ਖ਼ਮੀ
ਪੁਲਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਲਈ ਤਾਇਨਾਤ SPU ਦੇ ਪੁਲਿਸ ਇੰਸਪੈਕਟਰ ਸੰਤੋਸ਼ ਕੇਂਦਰੇ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਦੇ ਹੱਥ ‘ਤੇ ਵੀ ਸੱਟ ਲੱਗੀ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਯਸ਼ੋਦਾਈ ਹਸਪਤਾਲ, ਨਾਂਦੇੜ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਪ੍ਰੈਸ ਨੋਟ ਅਨੁਸਾਰ ਦੋਵਾਂ ਦੀ ਹਾਲਤ ਇਸ ਸਮੇਂ ਠੀਕ ਦੱਸੀ ਜਾ ਰਹੀ ਹੈ।
ਹਮਲਾ ਕਰਨ ਵਾਲੇ ਨਿਹੰਗ ਨੂੰ ਕੀਤਾ ਗਿਆ ਸਨਮਾਨਿਤ
ਇਸ ਦੌਰਾਨ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਮਲਾ ਕਰਨ ਵਾਲੇ ਨਿਹੰਗ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ 'ਤੇ ਇਸ ਤੋਂ ਪਹਿਲਾਂ ਦਸੰਬਰ 2024 ਵਿੱਚ ਵੀ ਹਮਲਾ ਹੋ ਚੁੱਕਾ ਹੈ। ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿਖੇ ਸੇਵਾਦਾਰ ਵਜੋਂ ਧਾਰਮਿਕ ਸਜ਼ਾ ਭੁਗਤਣ ਦੌਰਾਨ ਉਨ੍ਹਾਂ 'ਤੇ ਗੋਲੀ ਚਲਾਈ ਗਈ ਸੀ। ਜਿਸ 'ਚ ਉਹ ਵਾਲ-ਵਾਲ ਬਚੇ ਸਨ।