ਨਿਵੇਸ਼ ਘੁਟਾਲੇ ਨੂੰ ਲੈ ਕੇ ED ਦੀ ਵੱਡੀ ਕਾਰਵਾਈ, ਜੰਮੂ-ਕਸ਼ਮੀਰ ਤੇ ਪੰਜਾਬ ਸਮੇਤ 8 ਥਾਵਾਂ 'ਤੇ ਛਾਪੇਮਾਰੀ
ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਨਿਵੇਸ਼ ਦੇ ਨਾਂ 'ਤੇ ਲੋਕਾਂ ਨਾਲ ਕਥਿਤ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ED ਦੀਆਂ ਟੀਮਾਂ ਨੇ ਜੰਮੂ-ਕਸ਼ਮੀਰ ਅਤੇ ਪੰਜਾਬ ਸਮੇਤ ਵੱਖ-ਵੱਖ ਥਾਵਾਂ 'ਤੇ ਕੁੱਲ 8 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।
ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਨਿਵੇਸ਼ ਦੇ ਨਾਂ 'ਤੇ ਲੋਕਾਂ ਨਾਲ ਕਥਿਤ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ED ਦੀਆਂ ਟੀਮਾਂ ਨੇ ਜੰਮੂ-ਕਸ਼ਮੀਰ ਅਤੇ ਪੰਜਾਬ ਸਮੇਤ ਵੱਖ-ਵੱਖ ਥਾਵਾਂ 'ਤੇ ਕੁੱਲ 8 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਨ੍ਹਾਂ ਵਿੱਚ ਕਠੂਆ, ਊਧਮਪੁਰ ਅਤੇ ਪੰਜਾਬ ਦਾ ਪਠਾਨਕੋਟ ਵੀ ਸ਼ਾਮਲ ਹਨ। ਇਸ ਮਾਮਲੇ ਦੀ ਜਾਂਚ ਹੋਰ ਸੂਬਿਆਂ ਵਿੱਚ ਵੀ ਕੀਤੀ ਜਾ ਰਹੀ ਹੈ।
ਜਾਣੋ ਪੂਰਾ ਮਾਮਲਾ ਹੈ ਕੀ?
ਇਹ ਮਾਮਲਾ ਸਾਬਕਾ SSB ਅਧਿਕਾਰੀ ਗੁਰਮੀਤ ਸਿੰਘ ਅਤੇ ਉਸ ਦੇ ਸਾਥੀਆਂ ਨਾਲ ਜੁੜਿਆ ਹੋਇਆ ਹੈ। ਦੋਸ਼ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਹਰ ਮਹੀਨੇ ਵੱਧ ਮੁਨਾਫ਼ਾ ਦੇਣ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਪੈਸੇ ਨਿਵੇਸ਼ ਕਰਵਾਏ। ਇਸ ਯੋਜਨਾ ਤਹਿਤ ਲੋਕਾਂ ਨੂੰ ਭਰੋਸਾ ਦਿਵਾਇਆ ਜਾਂਦਾ ਸੀ ਕਿ ਉਨ੍ਹਾਂ ਨੂੰ ਨਿਵੇਸ਼ ਕੀਤੀ ਰਕਮ 'ਤੇ ਹਰ ਮਹੀਨੇ ਨਿਸ਼ਚਿਤ ਮੁਨਾਫ਼ਾ ਮਿਲੇਗਾ।
ਦੱਸਿਆ ਜਾ ਰਿਹਾ ਹੈ ਕਿ ਇਸ ਕਥਿਤ ਨਿਵੇਸ਼ ਯੋਜਨਾ ਦੇ ਜਾਲ ਵਿੱਚ SSB ਦੇ ਸੇਵਾ ਕਰ ਰਹੇ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਲੋਕਾਂ ਨੂੰ ਵੱਧ ਰਿਟਰਨ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਵੱਡੀ ਰਕਮ ਇਕੱਠੀ ਕੀਤੀ ਗਈ।
ਕਈ ਸੂਬਿਆਂ 'ਚ ਦਰਜ ਹਨ FIR, PMLA ਤਹਿਤ ਜਾਂਚ ਸ਼ੁਰੂ
ਇਸ ਮਾਮਲੇ ਸਬੰਧੀ ਜੰਮੂ-ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਬਿਹਾਰ ਵਿੱਚ ਪੁਲਿਸ ਵੱਲੋਂ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ FIR ਦੇ ਆਧਾਰ 'ਤੇ ED ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਜਾਂਚ ਸ਼ੁਰੂ ਕੀਤੀ ਹੈ।
ED ਦੀ ਟੀਮ ਹੁਣ ਇਸ ਗੱਲ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਲੋਕਾਂ ਤੋਂ ਇਕੱਠੀ ਕੀਤੀ ਗਈ ਰਕਮ ਕਿੱਥੇ ਭੇਜੀ ਗਈ ਅਤੇ ਕੀ ਇਸ ਪੈਸੇ ਨਾਲ ਕੋਈ ਜਾਇਦਾਦ ਖਰੀਦੀ ਗਈ ਹੈ। ਇਸ ਤੋਂ ਇਲਾਵਾ ਪੈਸੇ ਦੇ ਲੈਣ-ਦੇਣ ਅਤੇ ਕਥਿਤ ਘੁਟਾਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ED ਦੀ ਛਾਪੇਮਾਰੀ ਅਤੇ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।