ਨਾਰੀ ਸ਼ਕਤੀ ਨਾਲ ਕੀਤਾ ਵਾਅਦਾ ਪੂਰਾ ਕਰਕੇ ਰਹਾਂਗੇ: ਮਹਿਲਾ ਰਾਖਵੇਂਕਰਨ 'ਤੇ PM ਮੋਦੀ ਦਾ ਵੱਡਾ ਬਿਆਨ, ਕਿਹਾ- ਵਿਰੋਧੀ ਧਿਰ ਨਹੀਂ ਰੋਕ ਸਕੇਗੀ
2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਲਾਗੂ ਕਰਨ ਦੀਆਂ ਤਿਆਰੀਆਂ ਦਰਮਿਆਨ ਕੇਂਦਰ ਸਰਕਾਰ ਨੇ ਹੱਦਬੰਦੀ (Delimitation) ਨਾਲ ਜੁੜੇ ਸੋਧ ਬਿੱਲ ਨੂੰ ਕੈਬਨਿਟ ਤੋਂ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਸਤਾਵਿਤ ਬਿੱਲ ਰਾਹੀਂ ਲੋਕ ਸਭਾ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੀਆਂ ਸੀਟਾਂ ਵਿੱਚ ਵਾਧਾ ਕਰਨ ਦੀ ਵਿਵਸਥਾ ਕੀਤੀ ਗਈ ਹੈ...
2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਲਾਗੂ ਕਰਨ ਦੀਆਂ ਤਿਆਰੀਆਂ ਦਰਮਿਆਨ ਕੇਂਦਰ ਸਰਕਾਰ ਨੇ ਹੱਦਬੰਦੀ (Delimitation) ਨਾਲ ਜੁੜੇ ਸੋਧ ਬਿੱਲ ਨੂੰ ਕੈਬਨਿਟ ਤੋਂ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਸਤਾਵਿਤ ਬਿੱਲ ਰਾਹੀਂ ਲੋਕ ਸਭਾ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੀਆਂ ਸੀਟਾਂ ਵਿੱਚ ਵਾਧਾ ਕਰਨ ਦੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਦਾ ਰਾਹ ਪੱਧਰਾ ਹੋ ਸਕੇ।
PM ਮੋਦੀ ਨੇ 'X' 'ਤੇ ਸਾਂਝੀ ਕੀਤੀ ਪੋਸਟ
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' (ਪਹਿਲਾਂ ਟਵਿੱਟਰ) 'ਤੇ ਪੋਸਟ ਸਾਂਝੀ ਕਰਦਿਆਂ ਮਹਿਲਾ ਰਾਖਵੇਂਕਰਨ ਪ੍ਰਤੀ ਆਪਣਾ ਸੰਕਲਪ ਦੁਹਰਾਇਆ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਰੀ ਸ਼ਕਤੀ ਨਾਲ ਕੀਤਾ ਗਿਆ ਵਾਅਦਾ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਔਰਤਾਂ ਦੀ ਭਾਗੀਦਾਰੀ ਵਧਾਉਣ ਤੋਂ ਉਨ੍ਹਾਂ ਨੂੰ ਨਹੀਂ ਰੋਕ ਸਕਣਗੀਆਂ।
ਪ੍ਰਧਾਨ ਮੰਤਰੀ ਨੇ ਦੇਸ਼ ਦੀ ਹਰ ਔਰਤ ਨੂੰ ਭਰੋਸਾ ਦਿਵਾਉਂਦਿਆਂ ਲਿਖਿਆ ਕਿ ਸਰਕਾਰ ਮਹਿਲਾ ਰਾਖਵਾਂਕਰਨ ਲਾਗੂ ਕਰਨ ਦੇ ਰਾਹ ਵਿੱਚ ਆਉਣ ਵਾਲੀ ਹਰ ਰੁਕਾਵਟ ਨੂੰ ਦੂਰ ਕਰੇਗੀ। ਉਨ੍ਹਾਂ ਕਿਹਾ ਕਿ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਦੀ ਕੋਸ਼ਿਸ਼ ਕਈ ਦਹਾਕਿਆਂ ਤੋਂ ਚੱਲ ਰਹੀ ਹੈ ਅਤੇ ਉਹ ਖੁਦ ਵੀ ਲੰਬੇ ਸਮੇਂ ਤੋਂ ਇਸ ਦਿਸ਼ਾ ਵਿੱਚ ਯਤਨਸ਼ੀਲ ਰਹੇ ਹਨ। ਪੀ.ਐੱਮ. ਮੋਦੀ ਨੇ ਦੱਸਿਆ ਕਿ ਕਈ ਔਰਤਾਂ ਨੇ ਮੁਲਾਕਾਤਾਂ ਦੌਰਾਨ ਇਹ ਮੁੱਦਾ ਚੁੱਕਿਆ ਹੈ ਅਤੇ ਕਈ ਭੈਣਾਂ ਨੇ ਪੱਤਰ ਲਿਖ ਕੇ ਆਪਣੀਆਂ ਉਮੀਦਾਂ ਉਨ੍ਹਾਂ ਸਾਹਮਣੇ ਰੱਖੀਆਂ ਹਨ।
ਕੀ ਹੈ ਸਰਕਾਰ ਦੀ ਤਿਆਰੀ ਅਤੇ ਨਵਾਂ ਪ੍ਰਸਤਾਵ?
ਵਿਸ਼ੇਸ਼ ਇਜਲਾਸ ਵਿੱਚ ਪੇਸ਼ ਹੋਵੇਗਾ ਬਿੱਲ: ਕੇਂਦਰ ਸਰਕਾਰ 30 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਸੰਵਿਧਾਨ (132ਵੀਂ ਸੋਧ) ਬਿੱਲ, 2026 ਪੇਸ਼ ਕਰਨ ਜਾ ਰਹੀ ਹੈ।
ਸੀਟਾਂ ਵਿੱਚ 50 ਫੀਸਦੀ ਵਾਧਾ: ਇਸ ਬਿੱਲ ਤਹਿਤ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਲੋਕ ਸਭਾ ਅਤੇ ਵਿਧਾਨ ਸਭਾ ਸੀਟਾਂ ਵਿੱਚ 50 ਫੀਸਦੀ ਵਾਧਾ ਕਰਨ ਦਾ ਪ੍ਰਸਤਾਵ ਹੈ। ਇਸ ਨਾਲ ਲੋਕ ਸਭਾ ਦੀ ਵੱਧ ਤੋਂ ਵੱਧ ਗਿਣਤੀ ਮੌਜੂਦਾ 550 ਤੋਂ ਵਧ ਕੇ 850 ਤੱਕ ਪਹੁੰਚ ਜਾਵੇਗੀ।
2051 ਤੱਕ ਅਨੁਪਾਤ ਰਹੇਗਾ ਬਰਕਰਾਰ: ਦੱਖਣੀ ਸੂਬਿਆਂ ਦੇ ਖਦਸ਼ਿਆਂ ਨੂੰ ਦੂਰ ਕਰਨ ਲਈ ਇਹ ਵੀ ਪ੍ਰਸਤਾਵ ਰੱਖਿਆ ਗਿਆ ਹੈ ਕਿ ਸੂਬਿਆਂ ਵਿਚਕਾਰ ਸੀਟਾਂ ਦੀ ਮੌਜੂਦਾ ਅਨੁਪਾਤਕ ਵੰਡ 2051 ਤੱਕ ਬਰਕਰਾਰ ਰੱਖੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਤੰਬਰ 2023 ਵਿੱਚ ਸੰਸਦ ਵੱਲੋਂ 'ਨਾਰੀ ਸ਼ਕਤੀ ਵੰਦਨ ਐਕਟ' ਪਾਸ ਕੀਤਾ ਗਿਆ ਸੀ, ਜਿਸ ਤਹਿਤ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨ ਦਾ ਪ੍ਰਬੰਧ ਹੈ। ਹੁਣ ਸਰਕਾਰ 2029 ਦੀਆਂ ਆਮ ਚੋਣਾਂ ਤੋਂ ਪਹਿਲਾਂ ਇਸ ਪੂਰੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਦੀ ਤਿਆਰੀ ਵਿੱਚ ਹੈ।