ਮਨੀਲਾ ਦੇ ਇਤਿਹਾਸਕ ਖ਼ਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ PM ਮੋਦੀ ਦਾ ਨਤਮਸਤਕ ਹੋਣਾ ਸਿੱਖ ਵਿਰਾਸਤ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਤੀਕ: ਤਰੁਣ ਚੁੱਘ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰੀ ਦਫ਼ਤਰ ਦਿੱਲੀ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਨੀਲਾ (ਫਿਲੀਪੀਨਜ਼) ਸਥਿਤ ਇਤਿਹਾਸਕ ਖ਼ਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਇਸ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰੀ ਦਫ਼ਤਰ ਦਿੱਲੀ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਨੀਲਾ (ਫਿਲੀਪੀਨਜ਼) ਸਥਿਤ ਇਤਿਹਾਸਕ ਖ਼ਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਇਸ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣ ਦੀ ਭਰਪੂਰ ਸ਼ਲਾਘਾ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਦਮ ਸਿੱਖ ਗੁਰੂਆਂ ਦੀ ਮਹਾਨ ਪਰੰਪਰਾ ਅਤੇ ਸਿੱਖ ਭਾਈਚਾਰੇ ਪ੍ਰਤੀ ਪ੍ਰਧਾਨ ਮੰਤਰੀ ਦੀ ਡੂੰਘੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ।
ਤਰੁਣ ਚੁੱਘ ਨੇ ਕਿਹਾ ਕਿ ਇੱਕ ਸਦੀ ਤੋਂ ਵੀ ਵੱਧ ਪੁਰਾਣੇ ਇਸ ਇਤਿਹਾਸਕ ਅਸਥਾਨ ਦਾ ਪੁਨਰ-ਵਿਕਾਸ ਪ੍ਰਧਾਨ ਮੰਤਰੀ ਮੋਦੀ ਦੇ 'ਵਿਕਾਸ ਵੀ, ਵਿਰਾਸਤ ਵੀ' ਦੇ ਮੂਲ ਮੰਤਰ ਦੀ ਜਿਉਂਦੀ-ਜਾਗਦੀ ਮਿਸਾਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੀ.ਐੱਮ. ਮੋਦੀ ਦਾ ਸਿੱਖ ਕੌਮ ਪ੍ਰਤੀ ਸਨੇਹ ਸਿਰਫ਼ ਭਾਰਤ ਦੀਆਂ ਸਰਹੱਦਾਂ ਤੱਕ ਸੀਮਤ ਨਹੀਂ ਹੈ, ਸਗੋਂ ਦੁਨੀਆ ਦੇ ਹਰ ਕੋਨੇ ਵਿੱਚ ਵੱਸਦੇ ਸਿੱਖ ਭੈਣ-ਭਰਾਵਾਂ ਦੀ ਆਸਥਾ ਅਤੇ ਵਿਰਾਸਤ ਦੀ ਸੰਭਾਲ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੀ ਹੈ।
ਸਿੱਖ ਵਿਰਾਸਤ ਨੂੰ ਮਿਲੀ ਵਿਸ਼ਵ ਪੱਧਰੀ ਪਛਾਣ:
ਰਾਜ ਸਭਾ ਮੈਂਬਰ ਨੇ ਪ੍ਰਧਾਨ ਮੰਤਰੀ ਵੱਲੋਂ ਸਿੱਖ ਭਾਈਚਾਰੇ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ:
ਕਰਤਾਰਪੁਰ ਸਾਹਿਬ ਲਾਂਘਾ ਅਤੇ ਵੀਰ ਬਾਲ ਦਿਵਸ: ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਮਨਾਉਣ ਵਰਗੇ ਇਤਿਹਾਸਕ ਫੈਸਲੇ ਲਏ ਗਏ।
ਅਫ਼ਗਾਨਿਸਤਾਨ ਤੋਂ ਸੁਰੱਖਿਅਤ ਵਾਪਸੀ: ਸੰਕਟ ਦੇ ਸਮੇਂ ਅਫ਼ਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪੂਰੇ ਸਤਿਕਾਰ ਸਹਿਤ ਭਾਰਤ ਲਿਆਉਣ ਅਤੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਗਈ।
ਕੌਮਾਂਤਰੀ ਪੱਧਰ 'ਤੇ ਸਤਿਕਾਰ: ਕੈਨੇਡਾ ਅਤੇ ਈਰਾਨ ਦੇ ਗੁਰਦੁਆਰਿਆਂ ਵਿੱਚ ਮੱਥਾ ਟੇਕਣ, ਬੈਂਕਾਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕੇ ਜਾਰੀ ਕਰਨ, ਇਟਲੀ ਵਿੱਚ ਸਿੱਖ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸੰਭਾਲਣ ਵਾਲੀਆਂ ਸੰਸਥਾਵਾਂ ਨਾਲ ਸੰਵਾਦ ਅਤੇ ਅਮਰੀਕਾ ਤੇ ਨਿਊਜ਼ੀਲੈਂਡ ਵਿੱਚ ਸਿੱਖ ਭਾਈਚਾਰੇ ਨਾਲ ਆਤਮੀ ਮੁਲਾਕਾਤਾਂ ਨੇ ਸਿੱਖ ਇਤਿਹਾਸ ਨੂੰ ਵਿਸ਼ਵ ਪੱਧਰ 'ਤੇ ਮਾਣ ਦਿਵਾਇਆ ਹੈ।
ਅਖੀਰ ਵਿੱਚ ਸੀਨੀਅਰ ਆਗੂ ਤਰੁਣ ਚੁੱਘ ਨੇ ਕਿਹਾ ਕਿ ਦੁਨੀਆ ਭਰ ਵਿੱਚ ਪੰਜਾਬੀ ਅਤੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਭਾਰਤ ਦਾ ਮਾਣ ਵਧਾਇਆ ਹੈ, ਅਤੇ ਮਨੀਲਾ ਦੌਰੇ ਨੇ ਇਹ ਸੁਨੇਹਾ ਦਿੱਤਾ ਹੈ ਕਿ ਭਾਰਤ ਦੀ ਅਧਿਆਤਮਿਕ ਵਿਰਾਸਤ ਭੂਗੋਲਿਕ ਹੱਦਾਂ ਤੋਂ ਪਰੇ ਹੈ।