CBI-ED ਦੀ ਕਾਰਵਾਈ ਖ਼ਿਲਾਫ਼ ਪੰਜਾਬ ਭਰ ‘ਚ ‘ਆਪ’ ਦਾ ਹੱਲਾ ਬੋਲ: ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ AAP ਵਰਕਰਾਂ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ
ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਤੇ ਕੇਂਦਰ ਸਰਕਾਰ ਦੇ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦੇ ਬਾਹਰ ਪਹੁੰਚ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਕੇਂਦਰ ਸਰਕਾਰ ਵਿਚਕਾਰ ਸਿਆਸੀ ਟਕਰਾਅ ਲਗਾਤਾਰ ਸਿਖਰ ’ਤੇ ਪਹੁੰਚਦਾ ਜਾ ਰਿਹਾ ਹੈ। ਕੇਂਦਰੀ ਜਾਂਚ ਏਜੰਸੀਆਂ (ED ਅਤੇ CBI) ਦੀਆਂ ਵੱਖ-ਵੱਖ ਕਾਰਵਾਈਆਂ ਦੇ ਵਿਰੋਧ ਵਿੱਚ ਅੱਜ ‘ਆਪ’ ਵੱਲੋਂ ਪੰਜਾਬ ਭਰ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦੇ ਬਾਹਰ ਪਹੁੰਚ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ
ਪ੍ਰਦਰਸ਼ਨ ਦੀ ਤੀਬਰਤਾ ਨੂੰ ਦੇਖਦਿਆਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਇਆ। ਕੇਵਲ ਸਿੰਘ ਢਿੱਲੋਂ ਦੀ ਕੋਠੀ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਦਿਆਂ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਸੜਕਾਂ ’ਤੇ ਬੈਰੀਕੇਡਿੰਗ ਕਰ ਦਿੱਤੀ ਗਈ ਤਾਂ ਜੋ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਇਸ ਦੇ ਬਾਵਜੂਦ ‘ਆਪ’ ਵਰਕਰਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਭਾਰੀ ਰੋਸ ਦੇਖਣ ਨੂੰ ਮਿਲਿਆ।
ਚੋਣਾਂ ਤੋਂ ਪਹਿਲਾਂ ਏਜੰਸੀਆਂ ਦੀ ਐਂਟਰੀ ਦਾ ਦੋਸ਼
ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਜਾਣਬੁੱਝ ਕੇ ਚੋਣਾਂ ਜਾਂ ਅਹਿਮ ਮੌਕਿਆਂ ਤੋਂ ਪਹਿਲਾਂ ਵਿਰੋਧੀ ਧਿਰਾਂ ਨੂੰ ਦਬਾਉਣ ਲਈ CBI ਅਤੇ ED ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਸਮੇਤ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਛਾਪੇਮਾਰੀ ਸਿਰਫ਼ ਪਾਰਟੀ ਨੂੰ ਬਦਨਾਮ ਕਰਨ ਅਤੇ ਸਿਆਸੀ ਬਦਲਾਖੋਰੀ ਦੀ ਸੋਚੀ-ਸਮਝੀ ਸਾਜ਼ਿਸ਼ ਹੈ।
ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ ਵਿਰੋਧ ਪ੍ਰਦਰਸ਼ਨ
ਜ਼ਿਕਰਯੋਗ ਹੈ ਕਿ ਸਿਰਫ਼ ਬਰਨਾਲਾ ਹੀ ਨਹੀਂ, ਸਗੋਂ ਚੰਡੀਗੜ੍ਹ, ਅੰਮ੍ਰਿਤਸਰ ਅਤੇ ਪਟਿਆਲਾ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ‘ਆਪ’ ਵਰਕਰਾਂ ਵੱਲੋਂ ਸੜਕਾਂ ’ਤੇ ਉਤਰ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਕੇਂਦਰੀ ਏਜੰਸੀਆਂ ਦੇ ਇਸ ਕਥਿਤ ਦਬਾਅ ਅੱਗੇ ਨਹੀਂ ਝੁਕਣਗੇ ਅਤੇ ਲੋਕਤੰਤਰ ਦੀ ਆਵਾਜ਼ ਨੂੰ ਬੁਲੰਦ ਰੱਖਣਗੇ।