ਚੋਣਾਂ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ: ਨਾਮੀ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼
ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਆਮ ਆਦਮੀ ਪਾਰਟੀ (AAP) ਦੇ ਨੌਜਵਾਨ ਆਗੂ ਐਡਵੋਕੇਟ ਭਾਨੂ ਪ੍ਰਤਾਪ ਸਿੰਘ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਵੀਰਵਾਰ ਦੇਰ ਰਾਤ ਸੋਸ਼ਲ ਮੀਡੀਆ ਰਾਹੀਂ ਇੱਕ ਪੋਸਟ ਸਾਂਝੀ ਕਰਕੇ ਜਨਤਕ ਤੌਰ 'ਤੇ ਆਪਣੇ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ।
ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਆਮ ਆਦਮੀ ਪਾਰਟੀ (AAP) ਦੇ ਨੌਜਵਾਨ ਆਗੂ ਐਡਵੋਕੇਟ ਭਾਨੂ ਪ੍ਰਤਾਪ ਸਿੰਘ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਵੀਰਵਾਰ ਦੇਰ ਰਾਤ ਸੋਸ਼ਲ ਮੀਡੀਆ ਰਾਹੀਂ ਇੱਕ ਪੋਸਟ ਸਾਂਝੀ ਕਰਕੇ ਜਨਤਕ ਤੌਰ 'ਤੇ ਆਪਣੇ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ। ਚੋਣਾਂ ਤੋਂ ਐਨ ਪਹਿਲਾਂ ਉਨ੍ਹਾਂ ਦੇ ਇਸ ਕਦਮ ਨੂੰ ਸੱਤਾਧਾਰੀ ਪਾਰਟੀ ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।
ਭਾਜਪਾ ਆਗੂਆਂ ਨਾਲ ਨੇੜਤਾ ਨੇ ਵਧਾਈਆਂ ਅਟਕਲਾਂ
ਮੌਜੂਦਾ ਸਮੇਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕਾਲਤ ਕਰ ਰਹੇ ਭਾਨੂ ਪ੍ਰਤਾਪ ਸਿੰਘ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਨ੍ਹਾਂ ਦਾ ਅਗਲਾ ਸਿਆਸੀ ਪੜਾਅ ਕਿਹੜੀ ਪਾਰਟੀ ਹੋਵੇਗੀ। ਹਾਲਾਂਕਿ, ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਜ਼ੋਰਾਂ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮਹਿਜ਼ 6 ਦਿਨ ਪਹਿਲਾਂ ਹੀ ਭਾਨੂ ਪ੍ਰਤਾਪ ਸਿੰਘ ਨੂੰ ਇੱਕ ਨਿੱਜੀ ਸਮਾਗਮ ਦੌਰਾਨ ਸੀਨੀਅਰ ਭਾਜਪਾ ਆਗੂ ਅਜੈ ਜਾਮਵਾਲ ਅਤੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਨਾਲ ਦੇਖਿਆ ਗਿਆ ਸੀ। ਇਸ ਮੁਲਾਕਾਤ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਕੋਈ ਵੱਡਾ ਸਿਆਸੀ ਫੈਸਲਾ ਲਏ ਜਾਣ ਦੇ ਕਿਆਸ ਲਗਾਏ ਜਾ ਰਹੇ ਸਨ।

ਸਿਆਸੀ ਸਫ਼ਰ 'ਤੇ ਇੱਕ ਨਜ਼ਰ
ਸੁਨੀਲ ਜਾਖੜ ਦੇ ਕਰੀਬੀ ਮੰਨੇ ਜਾਣ ਵਾਲੇ ਭਾਨੂ ਪ੍ਰਤਾਪ ਸਿੰਘ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੁਜਾਨਪੁਰ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਸਨ। ਪਰ ਉਸ ਵੇਲੇ ਕਾਂਗਰਸ ਵੱਲੋਂ ਨਰੇਸ਼ ਪੁਰੀ ਨੂੰ ਟਿਕਟ ਦਿੱਤੇ ਜਾਣ ਕਾਰਨ ਉਹ ਨਾਰਾਜ਼ ਚੱਲ ਰਹੇ ਸਨ। ਇਸੇ ਦੇ ਚੱਲਦਿਆਂ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਸੀ ਅਤੇ ਅਗਸਤ 2023 ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ।
ਸੁਜਾਨਪੁਰ ਅਤੇ ਧਾਰ ਕਲਾਂ ਦੇ ਸਿਆਸੀ ਸਮੀਕਰਨਾਂ 'ਤੇ ਪਵੇਗਾ ਅਸਰ
ਸੁਜਾਨਪੁਰ ਵਿਧਾਨ ਸਭਾ ਹਲਕੇ, ਖ਼ਾਸ ਕਰਕੇ ਕੰਢੀ ਅਤੇ ਧਾਰ ਕਲਾਂ ਪੱਟੀ ਵਿੱਚ ਰਾਜਪੂਤ ਭਾਈਚਾਰੇ, ਆਮ ਲੋਕਾਂ ਅਤੇ ਨੌਜਵਾਨਾਂ ਵਿੱਚ ਐਡਵੋਕੇਟ ਭਾਨੂ ਪ੍ਰਤਾਪ ਸਿੰਘ ਦੀ ਕਾਫ਼ੀ ਮਜ਼ਬੂਤ ਪਕੜ ਮੰਨੀ ਜਾਂਦੀ ਹੈ। ਇਲਾਕੇ ਵਿੱਚ ਉਨ੍ਹਾਂ ਦੇ ਚੰਗੇ ਪ੍ਰਭਾਵ ਨੂੰ ਦੇਖਦਿਆਂ, 'ਆਪ' ਤੋਂ ਉਨ੍ਹਾਂ ਦੇ ਵੱਖ ਹੋਣ ਨਾਲ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਸਿਆਸੀ ਸਮੀਕਰਨਾਂ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।