ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ! ਜੋਧ ਸਿੰਘ ਸਮਰਾ ਨੂੰ ਅਜਨਾਲਾ ਤੋਂ ਐਲਾਨਿਆ ਉਮੀਦਵਾਰ, ਸਰਕਾਰ ਬਣਨ 'ਤੇ ਮੰਤਰੀ ਬਣਾਉਣ ਦਾ ਵੀ ਕੀਤਾ ਵਾਅਦਾ
ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (SAD) ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ਇੱਕ ਵਿਸ਼ਾਲ 'ਪੰਜਾਬ ਬਚਾਓ ਰੈਲੀ' ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਜਿੱਥੇ ਉਨ੍ਹਾਂ ਨੇ ਹਲਕੇ ਤੋਂ ਪਾਰਟੀ ਦਾ ਅਧਿਕਾਰਤ ਉਮੀਦਵਾਰ ਐਲਾਨ ਦਿੱਤਾ ਹੈ।
ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (SAD) ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ਇੱਕ ਵਿਸ਼ਾਲ 'ਪੰਜਾਬ ਬਚਾਓ ਰੈਲੀ' ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਰੈਲੀ ਦੌਰਾਨ ਵੱਡਾ ਐਲਾਨ ਕਰਦਿਆਂ ਸੁਖਬੀਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਅਜਨਾਲਾ ਹਲਕੇ ਤੋਂ ਪਾਰਟੀ ਦਾ ਅਧਿਕਾਰਤ ਉਮੀਦਵਾਰ ਐਲਾਨ ਦਿੱਤਾ ਹੈ।
ਸੁਖਬੀਰ ਬਾਦਲ ਵੱਲੋਂ ਮੰਤਰੀ ਬਣਾਉਣ ਦਾ ਵਾਅਦਾ
ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਮਿਹਨਤੀ ਅਤੇ ਜ਼ਮੀਨੀ ਪੱਧਰ ਦੇ ਆਗੂਆਂ ਨੂੰ ਅੱਗੇ ਲਿਆਉਂਦਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਜੋਧ ਸਿੰਘ ਸਮਰਾ ਨੂੰ ਕੈਬਨਿਟ ਵਿੱਚ ਮੰਤਰੀ ਦਾ ਅਹੁਦਾ ਵੀ ਦਿੱਤਾ ਜਾਵੇਗਾ।
ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ
ਇਸ ਮੌਕੇ ਅਕਾਲੀ ਆਗੂਆਂ ਨੇ ਪੰਜਾਬ ਦੀ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸੂਬੇ ਦੀ ਕਾਨੂੰਨ-ਵਿਵਸਥਾ, ਭ੍ਰਿਸ਼ਟਾਚਾਰ ਅਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਦੀਆਂ ਗ਼ਰੀਬ ਪੱਖੀ ਲੋਕ ਭਲਾਈ ਸਕੀਮਾਂ, ਜਿਵੇਂ ਕਿ ਆਟਾ-ਦਾਲ ਸਕੀਮ, ਸ਼ਗਨ ਸਕੀਮ, ਵਜ਼ੀਫ਼ਾ ਸਕੀਮ ਅਤੇ ਮੁਫ਼ਤ ਦਵਾਈਆਂ ਦੀਆਂ ਸਹੂਲਤਾਂ ਨੂੰ ਬੰਦ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ।
ਜੋਧ ਸਿੰਘ ਸਮਰਾ ਨੇ ਜਤਾਇਆ ਧੰਨਵਾਦ
ਟਿਕਟ ਮਿਲਣ ਅਤੇ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਜੋਧ ਸਿੰਘ ਸਮਰਾ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸਮੂਹ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿੱਚ ਵੀ ਪਾਰਟੀ ਲਈ ਡਟੇ ਰਹਿਣ ਵਾਲੇ ਵਰਕਰ ਹੀ ਅਕਾਲੀ ਦਲ ਦੀ ਅਸਲ ਤਾਕਤ ਹਨ ਅਤੇ ਉਹ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਪੂਰੀ ਤਰ੍ਹਾਂ ਸਮਰਪਿਤ ਰਹਿਣਗੇ।