ਮਨਪ੍ਰੀਤ ਇਆਲੀ 'ਵਾਰਿਸ ਪੰਜਾਬ ਦੇ' ‘ਚ ਸ਼ਾਮਲ; ਪੰਥਕ ਏਕਤਾ 'ਤੇ ਦਿੱਤਾ ਜ਼ੋਰ, ਬੋਲੇ- ‘ਭਾਜਪਾ ਨਾਲ ਨਹੀਂ ਕਰੇਗਾ ਗਠਜੋੜ’

By:  Lajwinder Kaur June 9th 2026 12:38 PM -- Updated: June 9th 2026 02:14 PM

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਅਰਦਾਸ ਕਰਨ ਉਪਰੰਤ ਚੰਡੀਗੜ੍ਹ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਰਸਮੀ ਤੌਰ 'ਤੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਮੁੱਖ ਏਜੰਡੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਅਤੇ ਪੰਥਕ ਵਿਚਾਰਧਾਰਾ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਅਤੇ ਜਥੇਬੰਦੀਆਂ ਨੂੰ ਇੱਕ ਮੰਚ 'ਤੇ ਲਿਆਉਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਥਕ ਤਾਕਤਾਂ ਦੀ ਇੱਕਜੁੱਟਤਾ ਬਹੁਤ ਜ਼ਰੂਰੀ ਹੈ, ਤਾਂ ਜੋ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਉਹ ਭਾਜਪਾ ਦੇ ਨਾਲ ਗਠਜੋੜ ਨਹੀਂ ਕਰਨਗੇ।

ਪੰਥਕ ਏਕਤਾ 'ਤੇ ਦਿੱਤਾ ਜ਼ੋਰ

ਇਆਲੀ ਨੇ ਇਹ ਵੀ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪੰਥਕ ਏਕਤਾ ਦੇ ਸਮਰਥਕ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਦਿਸ਼ਾ ਵਿੱਚ ਕੰਮ ਕਰਦੇ ਰਹਿਣਗੇ। ਉਨ੍ਹਾਂ ਉਮੀਦ ਜਤਾਈ ਕਿ ਵੱਖ-ਵੱਖ ਪੰਥਕ ਦਲ ਆਪਣੇ ਆਪਸੀ ਮਤਭੇਦ ਭੁਲਾ ਕੇ ਇੱਕ ਸਾਂਝੇ ਮੰਚ 'ਤੇ ਆਉਣਗੇ, ਜਿਸ ਨਾਲ ਪੰਜਾਬ ਦੇ ਹਿੱਤਾਂ ਦੀ ਮਜ਼ਬੂਤੀ ਨਾਲ ਪੈਰਵੀ ਕੀਤੀ ਜਾ ਸਕੇਗੀ।

ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਅਰਦਾਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਅਤੇ ਇਲਾਕੇ ਦੇ ਕਈ ਪਤਵੰਤਿਆਂ ਨੇ ਉਨ੍ਹਾਂ ਨੂੰ ਨਵੀਂ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮਨਪ੍ਰੀਤ ਸਿੰਘ ਇਆਲੀ ਦਾ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ ਹੋਣਾ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।

ਮਨਪ੍ਰੀਤ ਇਆਲੀ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ(ਪੁਨਰ ਸੁਰਜੀਤ) ਦੇ ਆਗੂਆਂ ਨਾਲ ਮਤਭੇਦ ਹੋਣ ਕਾਰਨ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਉਹ ਲੰਬੇ ਸਮੇਂ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਵੀ ਰਹੇ ਸਨ। ਆਪਣੀ ਪਿਛਲੀ ਸਿਆਸੀ ਪਾਰੀ ਦੌਰਾਨ ਉਨ੍ਹਾਂ ਨੇ ਪਾਰਟੀ ਵਿੱਚ ਅਹਿਮ ਭੂਮਿਕਾਵਾਂ ਨਿਭਾਈਆਂ ਸਨ, ਪਰ ਪਾਰਟੀ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਹੋਏ ਮਤਭੇਦਾਂ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਸੀ। 

© Copyright Galactic Television & Communications Pvt. Ltd. 2026. All rights reserved.