ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ: ਐਡਵੋਕੇਟ ਧਾਮੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 1822 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰ ਦਿੱਤੇ ਗਏ ਹਨ।
8 ਹਜ਼ਾਰ ਪਾਸਪੋਰਟ ਪਹੁੰਚੇ, ਸੀਮਤ ਕੋਟੇ ਕਾਰਨ 1828 ਭੇਜੇ
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ ਅਤੇ SGPC ਕੋਲ ਲਗਭਗ 8 ਹਜ਼ਾਰ ਪਾਸਪੋਰਟ ਪਹੁੰਚੇ ਸਨ। ਪਰ ਸਰਕਾਰਾਂ ਵੱਲੋਂ ਨਿਰਧਾਰਤ ਕੀਤੇ ਗਏ ਲਗਭਗ 1800 ਸ਼ਰਧਾਲੂਆਂ ਦੇ ਕੋਟੇ ਕਾਰਨ ਸੀਮਤ ਪਾਸਪੋਰਟ ਹੀ ਜਮ੍ਹਾਂ ਕਰਵਾਏ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਅਪੀਲ ਕੀਤੀ ਸੀ। ਇਸ ਪ੍ਰਕਿਰਿਆ ਤਹਿਤ ਕੁੱਲ 1828 ਪਾਸਪੋਰਟ ਜਮ੍ਹਾਂ ਕਰਵਾਏ ਗਏ ਸਨ, ਜਿਨ੍ਹਾਂ ਵਿੱਚੋਂ 6 ਵੀਜ਼ੇ ਰੱਦ ਹੋ ਗਏ ਹਨ ਅਤੇ ਬਾਕੀ 1822 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ।
22 ਤਰੀਕ ਨੂੰ ਰਵਾਨਾ ਹੋਵੇਗਾ ਜਥਾ
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਜਥਾ 22 ਤਰੀਕ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਯਾਤਰਾ ਦੌਰਾਨ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨਗੇ।
ਜਥੇ ਦੀ ਗਿਣਤੀ ਵਧਾਉਣ ਅਤੇ ਗੁਰਧਾਮਾਂ ਦੀ ਸੰਭਾਲ ਦੀ ਮੰਗ
SGPC ਪ੍ਰਧਾਨ ਨੇ ਜਾਣਕਾਰੀ ਦਿੱਤੀ ਕਿ ਕਮੇਟੀ ਵੱਲੋਂ ਵਿਸ਼ੇਸ਼ ਮਤਾ ਪਾਸ ਕਰਕੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜਥੇ ਦੀ ਨਿਰਧਾਰਤ ਗਿਣਤੀ ਵਧਾਈ ਜਾਵੇ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ, ਵਿਸਾਖੀ, ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜਿਆਂ ਮੌਕੇ ਵੀ ਵੱਡੇ ਜਥੇ ਭੇਜਣ ਦੀ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਅਸਥਾਨ ਚੂਨਾ ਮੰਡੀ (ਲਾਹੌਰ) ਵਿਖੇ ਵੀ ਸੰਗਤਾਂ ਨੂੰ ਦਰਸ਼ਨਾਂ ਲਈ ਭੇਜਣ ਦੀ ਵਿਸ਼ੇਸ਼ ਇਜਾਜ਼ਤ ਦੇਣ ਦੀ ਮੰਗ ਕੀਤੀ।
ਇਸ ਦੇ ਨਾਲ ਹੀ ਪਾਕਿਸਤਾਨ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਦੇ ਮੁੱਦੇ 'ਤੇ ਵੀ SGPC ਵੱਲੋਂ ਮਤੇ ਪਾਸ ਕਰਕੇ ਪਾਕਿਸਤਾਨ ਸਰਕਾਰ ਦਾ ਧਿਆਨ ਦਿਵਾਇਆ ਗਿਆ ਹੈ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਤਿਹਾਸਕ ਵਿਰਾਸਤ ਅਤੇ ਗੁਰਧਾਮਾਂ ਦੀ ਸੰਭਾਲ ਲਈ ਹੋਰ ਠੋਸ ਯਤਨ ਕੀਤੇ ਜਾਣ ਦੀ ਲੋੜ ਹੈ।