ਅਕਾਲੀ ਦਲ-ਭਾਜਪਾ ਗੱਠਜੋੜ 'ਤੇ 'ਆਪ' ਦਾ ਤਿੱਖਾ ਹਮਲਾ: ਹਰਪਾਲ ਚੀਮਾ ਨੇ ਸੁਖਬੀਰ ਬਾਦਲ ਤੇ ਪਾਰਟੀ ਆਗੂਆਂ ਨੂੰ DNA ਟੈਸਟ ਕਰਵਾਉਣ ਦੀ ਦਿੱਤੀ ਚੁਣੌਤੀ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਮੁੜ ਹੋਏ ਗੱਠਜੋੜ 'ਤੇ ਆਮ ਆਦਮੀ ਪਾਰਟੀ (AAP) ਨੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਪੰਜਾਬ ਦੇ ਵਿੱਤ ਮੰਤਰੀ ਅਤੇ ਸੀਨੀਅਰ 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਆਪਣਾ ਅਤੇ ਆਪਣੀ ਪਾਰਟੀ ਦੇ ਆਗੂਆਂ ਦਾ ਡੀ.ਐਨ.ਏ. (DNA) ਟੈਸਟ ਕਰਵਾਉਣਾ ਚਾਹੀਦਾ ਹੈ

By:  Lajwinder Kaur November 25th 2026 01:28 PM -- Updated: November 25th 2026 01:35 PM

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਮੁੜ ਹੋਏ ਗੱਠਜੋੜ 'ਤੇ ਆਮ ਆਦਮੀ ਪਾਰਟੀ (AAP) ਨੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਪੰਜਾਬ ਦੇ ਵਿੱਤ ਮੰਤਰੀ ਅਤੇ ਸੀਨੀਅਰ 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਆਪਣਾ ਅਤੇ ਆਪਣੀ ਪਾਰਟੀ ਦੇ ਆਗੂਆਂ ਦਾ ਡੀ.ਐਨ.ਏ. (DNA) ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਅੰਦਰ ਪੰਜਾਬ ਪ੍ਰਤੀ ਕਿੰਨੀ ਕੁ ਵਫ਼ਾਦਾਰੀ ਬਚੀ ਹੈ।

ਹਰਪਾਲ ਚੀਮਾ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਪੂਰੀ ਤਰ੍ਹਾਂ ਗ਼ੈਰ-ਸਿਧਾਂਤਕ ਅਤੇ 'ਠੱਗ ਜੋੜ' ਕਰਾਰ ਦਿੰਦਿਆਂ ਕਿਹਾ ਕਿ ਇਹ ਸਿਰਫ਼ ਸੱਤਾ ਦੇ ਭੁੱਖੇ ਲੋਕ ਹਨ, ਜੋ ਪੰਜਾਬ ਦੇ ਹੱਕਾਂ ਦੀ ਲੜਾਈ ਕਦੇ ਨਹੀਂ ਲੜ ਸਕਦੇ। ਉਨ੍ਹਾਂ ਯਾਦ ਦਿਵਾਇਆ ਕਿ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਕਾਰਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ ਸੀ, ਪਰ ਅੱਜ ਉਹੀ ਅਕਾਲੀ ਦਲ ਮੁੜ ਭਾਜਪਾ ਦੀ ਗੋਦ ਵਿੱਚ ਜਾ ਬੈਠਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਕਿਸਾਨ, ਮਜ਼ਦੂਰ, ਵਪਾਰੀ ਅਤੇ ਮੁਲਾਜ਼ਮ ਇਸ ਮੌਕਾਪ੍ਰਸਤ ਗੱਠਜੋੜ ਨੂੰ ਕਰਾਰਾ ਸਬਕ ਸਿਖਾਉਣਗੇ।

ਮੋਗਾ ਮਹਾਰੈਲੀ ਤੇ 2027 ਦੀਆਂ ਚੋਣਾਂ ਦੀ ਤਿਆਰੀ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਮੋਗਾ ਵਿਖੇ ਇੱਕ ਵੱਡੀ ਮਹਾਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ। ਇਸ ਮਹਾਰੈਲੀ ਦੌਰਾਨ 'ਆਪ' ਵੱਲੋਂ ਪੰਜਾਬ ਦੇ ਭਵਿੱਖ ਦਾ ਵਿਕਾਸ ਰੋਡਮੈਪ ਜਨਤਾ ਸਾਹਮਣੇ ਪੇਸ਼ ਕੀਤਾ ਜਾਵੇਗਾ।

ਟਿਕਟਾਂ ਦੀ ਵੰਡ ਸਬੰਧੀ ਸਪੱਸ਼ਟ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਸਿਰਫ਼ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਅਤੇ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ। ਪਾਰਟੀ ਸੂਤਰਾਂ ਅਨੁਸਾਰ ਉਮੀਦਵਾਰਾਂ ਦੀ ਅਗਲੀ ਅਹਿਮ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ ਜਾਰੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਮੌਜੂਦਾ ਮੰਤਰੀਆਂ ਦੇ ਵਿਧਾਨ ਸਭਾ ਹਲਕੇ ਬਦਲਣ ਬਾਰੇ ਫਿਲਹਾਲ ਪਾਰਟੀ ਪੱਧਰ 'ਤੇ ਕੋਈ ਵਿਚਾਰ-ਮੰਥਨ ਨਹੀਂ ਚੱਲ ਰਿਹਾ।

ਰਾਜਾ ਵੜਿੰਗ ਦੇ ਬਿਆਨ 'ਤੇ ਪਲਟਵਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ ਕਾਂਗਰਸ ਨੂੰ ਦੂਜਿਆਂ 'ਤੇ ਸਵਾਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਖੁਦ ਕਈ ਧੜਿਆਂ ਅਤੇ ਗਰੁੱਪਾਂ ਵਿੱਚ ਵੰਡੀ ਹੋਈ ਹੈ, ਜਿੱਥੇ ਆਗੂ ਆਪਸੀ ਖਿੱਚੋਤਾਣ ਵਿੱਚ ਉਲਝੇ ਹੋਏ ਹਨ ਅਤੇ ਉਨ੍ਹਾਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ।

© Copyright Galactic Television & Communications Pvt. Ltd. 2026. All rights reserved.