ਪੰਜਾਬ 'ਚ AAP ਨੂੰ ਵੱਡਾ ਝਟਕਾ! ਦੂਜੀ ਲਿਸਟ ਤੋਂ ਬਾਅਦ ਲੱਗੀ ਅਸਤੀਫ਼ਿਆਂ ਦੀ ਝੜੀ, ਇਨ੍ਹਾਂ ਆਗੂਆਂ ਨੇ ਛੱਡੀ ਪਾਰਟੀ, ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਨੇ ਵੀ ਦਿੱਤਾ ਅਸਤੀਫ਼ਾ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਹਲਕਾ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਪਾਰਟੀ ਦੀ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਹੋ ਕੇ ਤਿੰਨ ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਹਲਕਾ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਪਾਰਟੀ ਦੀ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਹੋ ਕੇ ਤਿੰਨ ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਪਾਰਟੀ ਛੱਡਣ ਵਾਲਿਆਂ ਵਿੱਚ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਵੀ ਸ਼ਾਮਲ ਹਨ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।
ਸੁਖਦੀਪ ਸਿੰਘ ਛੀਨਾ ਤੋਂ ਇਲਾਵਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ ਅਤੇ ਹਲਕੇ ਦੇ ਐੱਸ.ਸੀ. ਵਿੰਗ ਦੇ ਕੋਆਰਡੀਨੇਟਰ ਗੁਰਦੇਵ ਸਿੰਘ ਜੋਬਨ ਝੰਜੋਟੀ ਨੇ ਵੀ ਪਾਰਟੀ ਛੱਡ ਦਿੱਤੀ ਹੈ। ਤਿੰਨਾਂ ਆਗੂਆਂ ਦੀ ਨਾਰਾਜ਼ਗੀ ਦਾ ਮੁੱਖ ਕਾਰਨ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਉਮੀਦਵਾਰ ਐਲਾਨਿਆ ਜਾਣਾ ਦੱਸਿਆ ਜਾ ਰਿਹਾ ਹੈ।
13 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਸੁਖਦੀਪ ਸਿੰਘ ਛੀਨਾ
ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ ਨੇ ਕਿਹਾ ਕਿ ਉਹ ਪਿਛਲੇ 13 ਸਾਲਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਕੰਮ ਕੀਤਾ ਹੈ। ਉਨ੍ਹਾਂ ਦੀ ਟੀਮ ਨੇ ਇਲਾਕੇ ਦੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਇਆ ਸੀ।
ਛੀਨਾ ਨੇ ਇਲਜ਼ਾਮ ਲਾਇਆ ਕਿ ਪਿਛਲੇ ਕੁਝ ਸਮੇਂ ਤੋਂ ਹਲਕਾ ਇੰਚਾਰਜ ਡਾ. ਸੋਨੀਆ ਮਾਨ ਦੀਆਂ ਕਥਿਤ ਗਲਤ ਨੀਤੀਆਂ ਕਾਰਨ ਪਾਰਟੀ ਦੇ ਪੁਰਾਣੇ ਆਗੂਆਂ ਅਤੇ ਵਰਕਰਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸ਼ੁਰੂਆਤੀ ਸਮੇਂ ਤੋਂ ਜੁੜੇ ਕਈ ਵਰਕਰ ਹੁਣ ਨਿਰਾਸ਼ ਹੋ ਕੇ ਆਪਣੇ ਘਰਾਂ ਵਿੱਚ ਬੈਠ ਗਏ ਹਨ।
ਸੋਨੀਆ ਮਾਨ ਦੀ ਟਿਕਟ 'ਤੇ ਮੁੜ ਵਿਚਾਰ ਕਰਨ ਦੀ ਮੰਗ
ਸੁਖਦੀਪ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਹਲਕਾ ਰਾਜਾਸਾਂਸੀ ਤੋਂ ਐਲਾਨੀ ਗਈ ਉਮੀਦਵਾਰ ਸੋਨੀਆ ਮਾਨ ਦੀ ਟਿਕਟ 'ਤੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਦੀ ਮੰਗ ਹੈ ਕਿ ਹਲਕੇ ਵਿੱਚੋਂ ਕਿਸੇ ਯੋਗ ਅਤੇ ਚੋਣ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਪਾਰਟੀ ਵਰਕਰ ਨੂੰ ਉਮੀਦਵਾਰ ਬਣਾਇਆ ਜਾਵੇ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪਾਰਟੀ ਹਾਈਕਮਾਂਡ ਨੇ ਉਮੀਦਵਾਰ ਬਦਲਣ ਬਾਰੇ ਵਿਚਾਰ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਹੋਰ ਆਗੂ ਅਤੇ ਵਰਕਰ ਵੀ ਆਮ ਆਦਮੀ ਪਾਰਟੀ ਛੱਡ ਸਕਦੇ ਹਨ।