AAP ਨੇ ਖਿੱਚੀ ਚੋਣਾਂ ਦੀ ਤਿਆਰੀ...ਉਮੀਦਵਾਰਾਂ ਦੀ ਪਹਿਲੀ ਲਿਸਟ 'ਤੇ ਲੱਗੀ ਮੋਹਰ: CM ਮਾਨ ਦਾ ਵੱਡਾ ਐਲਾਨ; ਕੱਲ੍ਹ ਜਾਰੀ ਹੋਵੇਗੀ ਸੂਚੀ

ਆਪ ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚ ਲਈਆਂ ਹਨ। ਜੀ ਹਾਂ ਅੱਜ ਦਿੱਲੀ ਵਿਖੇ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

By:  Lajwinder Kaur October 30th 2026 03:42 PM -- Updated: October 30th 2026 03:50 PM

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਇਹ ਸੂਚੀ ਕੱਲ੍ਹ 31 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ।

ਦਰਅਸਲ, ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸੀਨੀਅਰ ਆਗੂ ਮੌਜੂਦ ਰਹੇ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ।

PAC ਦੀ ਮੀਟਿੰਗ ਤੋਂ ਬਾਅਦ ਜਾਰੀ ਹੋਵੇਗੀ ਪਹਿਲੀ ਸੂਚੀ

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਲਈ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰ ਕੀਤਾ ਗਿਆ ਹੈ। ਇਨ੍ਹਾਂ ਨਾਵਾਂ ਨੂੰ 31 ਅਕਤੂਬਰ ਨੂੰ ਹੋਣ ਵਾਲੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਲਈ ਰੱਖਿਆ ਜਾਵੇਗਾ।

ਉਨ੍ਹਾਂ ਮੁਤਾਬਕ, PAC ਦੀ ਮੀਟਿੰਗ ਵਿੱਚ ਚਰਚਾ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਇਸ ਐਲਾਨ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਖਾਸ ਤੌਰ 'ਤੇ ਉਨ੍ਹਾਂ ਹਲਕਿਆਂ 'ਤੇ ਨਜ਼ਰ ਰਹੇਗੀ, ਜਿੱਥੇ ਪਾਰਟੀ ਨਵੇਂ ਚਿਹਰਿਆਂ ਨੂੰ ਮੌਕਾ ਦੇ ਸਕਦੀ ਹੈ।



© Copyright Galactic Television & Communications Pvt. Ltd. 2026. All rights reserved.