2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਕੱਸੀ ਕਮਰ! ਬਲਾਕ ਪ੍ਰਧਾਨਾਂ ਦਾ ਐਲਾਨ; ਨਾਲ ਹੀ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਲਿਸਟ ਕੀਤੀ ਜਾਰੀ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਆਪਣੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਆਪਣੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ ਵੱਖ-ਵੱਖ ਹਲਕਿਆਂ ਵਿੱਚ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।
‘ਆਪ’ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਕੁੱਲ 507 ਨਵੀਆਂ ਸੰਗਠਨਾਤਮਕ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਨਿਯੁਕਤੀਆਂ ਦਾ ਮਕਸਦ ਪਾਰਟੀ ਦੇ ਜ਼ਮੀਨੀ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਸਰਕਾਰ ਦੀਆਂ ਨੀਤੀਆਂ ਤੇ ਲੋਕ-ਭਲਾਈ ਦੇ ਕੰਮਾਂ ਨੂੰ ਆਮ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।
ਹਲਕਾ ਅਤੇ ਬਲਾਕ ਪੱਧਰ ’ਤੇ ਸੰਗਠਨ ਮਜ਼ਬੂਤ ਕਰਨ ਦੀ ਕੋਸ਼ਿਸ਼
ਪਾਰਟੀ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਬਲਾਕ ਪੱਧਰ ’ਤੇ ਜ਼ਿੰਮੇਵਾਰੀਆਂ ਵੰਡੀਆਂ ਗਈਆਂ ਹਨ। ਇਸ ਨਾਲ ‘ਆਪ’ ਵੱਲੋਂ ਆਪਣੇ ਸਥਾਨਕ ਸੰਗਠਨ ਨੂੰ ਚੋਣਾਂ ਤੋਂ ਪਹਿਲਾਂ ਸਰਗਰਮ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਨਵੇਂ ਅਹੁਦੇਦਾਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਬਣਾਉਣ ਦੀ ਜ਼ਿੰਮੇਵਾਰੀ ਮਿਲੇਗੀ।
ਪਾਰਟੀ ਨੇ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਸਾਰੇ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਲੋਕ-ਪੱਖੀ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।
ਯੂਥ ਵਿੰਗ ’ਤੇ ਵੀ ਖਾਸ ਫੋਕਸ
ਆਮ ਆਦਮੀ ਪਾਰਟੀ ਵੱਲੋਂ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਦੀ ਸਿਆਸਤ ਵਿੱਚ ਨੌਜਵਾਨ ਵਿੰਗ ਦੀ ਭੂਮਿਕਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ‘ਆਪ’ ਪੰਜਾਬ ਯੂਥ ਵਿੰਗ ਵੱਲੋਂ ਨੌਜਵਾਨਾਂ ਨਾਲ ਜੁੜੀਆਂ ਮੁਹਿੰਮਾਂ ਅਤੇ ਪ੍ਰੋਗਰਾਮਾਂ ਰਾਹੀਂ ਆਪਣੀ ਸਰਗਰਮੀ ਵਧਾਈ ਗਈ ਹੈ। ਜਿਸ ਕਰਕੇ 493 ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵਧੀਆਂ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਆਪਣਾ ਸੰਗਠਨ ਮਜ਼ਬੂਤ ਕਰਨ ਵਿੱਚ ਜੁਟੀਆਂ ਹੋਈਆਂ ਹਨ। ਪਿਛਲੇ ਦਿਨਾਂ ਵਿੱਚ ‘ਆਪ’ ਵੱਲੋਂ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਨਵੀਂ ਸੂਚੀ ਵੀ ਜਾਰੀ ਕੀਤੀ ਗਈ ਸੀ, ਜਿਸ ਵਿੱਚ 23 ਬੁਲਾਰੇ ਅਤੇ 29 ਟੀਵੀ ਪੈਨਲਿਸਟ ਸ਼ਾਮਲ ਕੀਤੇ ਗਏ ਸਨ।