CM ਭਗਵੰਤ ਮਾਨ ਨੇ ਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਨਿੱਘਾ ਸਵਾਗਤ, ਪੰਜਾਬ ਅਤੇ ਦੇਸ਼ ਦੇ ਮੁੱਦਿਆਂ 'ਤੇ ਹੋਈ ਚਰਚਾ ...
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਅੱਜ ਚੰਡੀਗੜ੍ਹ ਪਹੁੰਚਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਨੂੰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਤੇ 'ਜੀ ਆਇਆਂ ਨੂੰ' ਕਿਹਾ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਅੱਜ ਚੰਡੀਗੜ੍ਹ ਪਹੁੰਚਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਨੂੰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਦੋਵਾਂ ਵਿਚਾਲੇ ਪੰਜਾਬ ਅਤੇ ਦੇਸ਼ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਇਆ। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਸਾਂਝੀਆਂ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਸੀਐੱਮ ਮਾਨ ਵੱਲੋਂ ਵੀ ਐਕਸ ਉੱਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ-
‘ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ...
ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਨੂੰ ਪੰਜਾਬ ਦੀ ਧਰਤੀ 'ਤੇ 'ਜੀ ਆਇਆਂ ਨੂੰ' ਕਿਹਾ...
ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ 'ਤੇ ਪਹੁੰਚੇ ਹਨ…’
ਤਿੰਨ ਦਿਨਾਂ ਦੇ ਹਿਮਾਚਲ ਦੌਰੇ ’ਤੇ ਰਾਸ਼ਟਰਪਤੀ ਮੁਰਮੂ
ਦਰਅਸਲ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤਿੰਨ ਦਿਨਾਂ ਦੇ ਹਿਮਾਚਲ ਪ੍ਰਦੇਸ਼ ਦੌਰੇ ’ਤੇ ਹਨ। ਉਹ ਬਿਲਾਸਪੁਰ ਵਿੱਚ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਦੇ ਪਹਿਲੇ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਰਹੇ ਹਨ।
ਇਸ ਸਮਾਰੋਹ ਦੌਰਾਨ ਰਾਸ਼ਟਰਪਤੀ ਮੁਰਮੂ ਵੱਲੋਂ 91 ਡਾਕਟਰਾਂ ਅਤੇ ਪੈਰਾਮੈਡੀਕਲ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣੀਆਂ ਹਨ। ਰਾਸ਼ਟਰਪਤੀ ਦੇ ਇਸ ਦੌਰੇ ਨੂੰ ਦੇਖਦਿਆਂ ਉਨ੍ਹਾਂ ਦੇ ਚੰਡੀਗੜ੍ਹ ਪਹੁੰਚਣ ’ਤੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ।
ਜਨਵਰੀ ਵਿੱਚ ਰਾਸ਼ਟਰਪਤੀ ਦਾ ਸਵਾਗਤ ਨਹੀਂ ਕਰ ਸਕੇ ਸਨ CM ਮਾਨ
ਇਸ ਤੋਂ ਪਹਿਲਾਂ ਜਨਵਰੀ 2026 ਵਿੱਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੰਮ੍ਰਿਤਸਰ ਪਹੁੰਚੇ ਸਨ। ਉਸ ਸਮੇਂ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ 50ਵੇਂ ਸਾਲਾਨਾ ਦੀਕਸ਼ਾਂਤ ਸਮਾਰੋਹ ਵਿੱਚ ਸ਼ਿਰਕਤ ਕੀਤੀ ਸੀ ਅਤੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਸਨ।
ਉਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਦਾ ਸਵਾਗਤ ਕਰਨ ਲਈ ਨਹੀਂ ਪਹੁੰਚ ਸਕੇ ਸਨ। ਇਸ ਦਾ ਕਾਰਨ ਉਸ ਸਮੇਂ ਉਨ੍ਹਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਦੱਸਿਆ ਗਿਆ ਸੀ।
ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟੀਕਰਨ ਲਈ ਬੁਲਾਇਆ ਸੀ
ਦੱਸਿਆ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਪਰੰਪਰਾਵਾਂ ਅਤੇ ਧਾਰਮਿਕ ਮਾਨਤਾਵਾਂ ਨਾਲ ਜੁੜੇ ਕਥਿਤ ਬਿਆਨਾਂ ਦੇ ਸਬੰਧ ਵਿੱਚ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਇਆ ਗਿਆ ਸੀ। ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉੱਥੇ ਪੇਸ਼ ਹੋਣ ਦਾ ਫੈਸਲਾ ਕੀਤਾ ਸੀ।
ਇਸ ਕਾਰਨ ਉਹ ਉਸ ਸਮੇਂ ਰਾਸ਼ਟਰਪਤੀ ਮੁਰਮੂ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਦਾ ਸਵਾਗਤ ਕਰਨ ਲਈ ਮੌਜੂਦ ਨਹੀਂ ਸਨ। ਹੁਣ ਚੰਡੀਗੜ੍ਹ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਰਾਸ਼ਟਰਪਤੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।