CM ਮਾਨ ਦਾ ਵੱਡਾ ਫੈਸਲਾ! ਪੰਜਾਬ ਪੁਲਿਸ ਲਈ 117 ਨਵੀਆਂ ਗੱਡੀਆਂ ਖ਼ਰੀਦਣ ਨੂੰ ਦਿੱਤੀ ਮਨਜ਼ੂਰੀ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਮੀਖਿਆ ਬੈਠਕ ਦੌਰਾਨ ਪੰਜਾਬ ਪੁਲਿਸ ਲਈ 117 ਨਵੇਂ ਵਾਹਨ ਖ਼ਰੀਦਣ ਦੀ ਮਨਜ਼ੂਰੀ ਮੌਕੇ 'ਤੇ ਹੀ ਦੇ ਦਿੱਤੀ।

By:  Lajwinder Kaur October 16th 2026 06:09 PM -- Updated: October 16th 2026 06:12 PM

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਮੀਖਿਆ ਬੈਠਕ ਦੌਰਾਨ ਪੰਜਾਬ ਪੁਲਿਸ ਲਈ 117 ਨਵੇਂ ਵਾਹਨ ਖ਼ਰੀਦਣ ਦੀ ਮਨਜ਼ੂਰੀ ਮੌਕੇ 'ਤੇ ਹੀ ਦੇ ਦਿੱਤੀ। ਉਨ੍ਹਾਂ ਨੇ ਪੁਲਿਸ ਨੂੰ ਆਧੁਨਿਕ ਸਹੂਲਤਾਂ ਅਤੇ ਨਵੇਂ ਵਾਹਨਾਂ ਨਾਲ ਲੈਸ ਰੱਖਣ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਲਈ ਅਹਿਮ ਬੈਠਕ ਕੀਤੀ। ਇਸ ਬੈਠਕ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀ, ਡੀਐੱਸਪੀ ਅਤੇ ਡਿਪਟੀ ਕਮਿਸ਼ਨਰ ਸ਼ਾਮਲ ਹੋਏ। ਬੈਠਕ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਕਾਰਵਾਈ ਅਤੇ ਪੁਲਿਸ ਦੀ ਕਾਰਗੁਜ਼ਾਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਪੰਜਾਬ ਪੁਲਿਸ ਨੂੰ ਮਿਲਣਗੀਆਂ 117 ਨਵੀਆਂ ਗੱਡੀਆਂ

ਬੈਠਕ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਲਈ 117 ਨਵੇਂ ਵਾਹਨ ਖ਼ਰੀਦਣ ਦੀ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਦਾ ਉਦੇਸ਼ ਪੁਲਿਸ ਦੀ ਕਾਰਜਕੁਸ਼ਲਤਾ ਨੂੰ ਵਧਾਉਣਾ ਅਤੇ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਸਮੇਂ ਦੀ ਲੋੜ ਅਨੁਸਾਰ ਆਧੁਨਿਕ ਸਹੂਲਤਾਂ ਅਤੇ ਵਾਹਨਾਂ ਨਾਲ ਅਪਡੇਟ ਰੱਖਣਾ ਜ਼ਰੂਰੀ ਹੈ, ਤਾਂ ਜੋ ਅਪਰਾਧਾਂ 'ਤੇ ਕਾਬੂ ਪਾਉਣ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਮਦਦ ਮਿਲ ਸਕੇ।

ਨਸ਼ਿਆਂ ਵਿਰੁੱਧ ਮੁਹਿੰਮ ਦੀ ਕੀਤੀ ਸਮੀਖਿਆ

ਫਿਲੌਰ ਵਿੱਚ ਹੋਈ ਇਸ ਬੈਠਕ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਪੰਜਾਬ ਦੇ ਸਾਰੇ ਥਾਣਿਆਂ ਦੇ ਐੱਸਐੱਚਓਜ਼ ਨਾਲ ਬੈਠਕ ਕੀਤੀ ਸੀ। ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੀ ਜਵਾਬਦੇਹੀ ਅਤੇ ਕਾਰਵਾਈ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ 'ਤੇ ਨਸ਼ਿਆਂ ਬਾਰੇ ਕੇਂਦਰ ਵੱਲੋਂ ਚੁੱਕੇ ਸਵਾਲਾਂ ਦਾ ਕਰਾਰਾ ਜਵਾਬ ਦਿੱਤਾ।

© Copyright Galactic Television & Communications Pvt. Ltd. 2026. All rights reserved.