ਪੰਜਾਬ 'ਚ ED ਦਾ ਵੱਡਾ ਐਕਸ਼ਨ, 7 IAS-IPS ਅਧਿਕਾਰੀਆਂ ਨੂੰ ਸੰਮਨ; ਮੁਅੱਤਲ DIG ਭੁੱਲਰ ਮਾਮਲੇ 'ਚ ਜਾਂਚ ਦਾ ਘੇਰਾ ਵਧਿਆ
ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹੁਣ ਸੂਬੇ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਪੰਜ ਮੌਜੂਦਾ ਅਤੇ ਦੋ ਸੇਵਾਮੁਕਤ ਅਧਿਕਾਰੀਆਂ ਸਮੇਤ ਕੁੱਲ 7 ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ।
ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹੁਣ ਸੂਬੇ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਪੰਜ ਮੌਜੂਦਾ ਅਤੇ ਦੋ ਸੇਵਾਮੁਕਤ ਅਧਿਕਾਰੀਆਂ ਸਮੇਤ ਕੁੱਲ 7 ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ IAS, IPS ਅਤੇ PCS ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਈਡੀ ਦਫ਼ਤਰ ਵਿੱਚ ਵੱਖ-ਵੱਖ ਤਰੀਕਾਂ 'ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।
ਈਡੀ ਦੀ ਜਾਂਚ ਦਾ ਘੇਰਾ ਭੁੱਲਰ ਦੇ ਕਥਿਤ ਸਹਿਯੋਗੀ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਤੱਕ ਪਹੁੰਚਣ ਤੋਂ ਬਾਅਦ ਵਧਿਆ ਹੈ। ਜਾਂਚ ਏਜੰਸੀ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਸ਼ਾਰਦਾ ਰਾਹੀਂ ਪੰਜਾਬ ਸਰਕਾਰ ਦੇ ਕਿਹੜੇ-ਕਿਹੜੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਵਿਚਕਾਰ ਕਿਸ ਤਰ੍ਹਾਂ ਦਾ ਆਰਥਿਕ ਲੈਣ-ਦੇਣ ਹੋਇਆ ਸੀ।
ਵਿਚੋਲੇ 'ਤੇ ਅਧਿਕਾਰੀਆਂ ਤੋਂ ਤਬਾਦਲਿਆਂ ਅਤੇ ਪੋਸਟਿੰਗ ਦੇ ਨਾਂ 'ਤੇ ਕਥਿਤ ਤੌਰ 'ਤੇ ਪੈਸੇ ਵਸੂਲਣ ਦੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਈਡੀ ਇਹ ਵੀ ਪਤਾ ਲਗਾ ਰਹੀ ਹੈ ਕਿ ਕੀ ਸਰਕਾਰੀ ਕੰਮਕਾਜ, ਤਬਾਦਲਿਆਂ ਅਤੇ ਨਿਯੁਕਤੀਆਂ ਵਿੱਚ ਕਿਸੇ ਨੂੰ ਗਲਤ ਤਰੀਕੇ ਨਾਲ ਆਰਥਿਕ ਲਾਭ ਪਹੁੰਚਾਇਆ ਗਿਆ ਸੀ।
ਇਨ੍ਹਾਂ 7 ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸੰਮਨ
ਈਡੀ ਵੱਲੋਂ ਜਿਨ੍ਹਾਂ ਸੱਤ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ, ਉਨ੍ਹਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਕੁਮਾਰ ਰਾਹੁਲ (IAS) ਨੂੰ 23 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਫਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਦੇ ਸਟਾਫ਼ ਅਧਿਕਾਰੀ ਆਨੰਦ ਸਾਗਰ ਸ਼ਰਮਾ (PCS) ਅਤੇ ਸੇਵਾਮੁਕਤ ਅਧਿਕਾਰੀ ਅਰੁਣ ਸ਼ੇਖਰੀ ਨੂੰ 25 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਜਦਕਿ ਆਮ ਪ੍ਰਸ਼ਾਸਨ ਅਤੇ ਤਾਲਮੇਲ ਵਿਭਾਗ ਦੀ ਵਿਸ਼ੇਸ਼ ਸਕੱਤਰ ਨੀਰੂ ਕਤਿਆਲ ਗੁਪਤਾ (IAS), ਫਾਜ਼ਿਲਕਾ ਦੇ ਐਸਐਸਪੀ ਗਗਨ ਅਜੀਤ ਸਿੰਘ ਅਤੇ ਜਲੰਧਰ ਦੇ ਸਾਬਕਾ ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਸਪਰਾ ਨੂੰ 26 ਨਵੰਬਰ ਨੂੰ ਈਡੀ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸੇ ਤਰ੍ਹਾਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (IPS) ਨੂੰ 27 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਰੁਣ ਸ਼ੇਖਰੀ ਫਰੀਦਕੋਟ, ਫਿਰੋਜ਼ਪੁਰ ਅਤੇ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਰਹਿ ਚੁੱਕੇ ਹਨ, ਜਦਕਿ ਗੁਰਪ੍ਰੀਤ ਸਪਰਾ ਜਲੰਧਰ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
CBI ਦੀਆਂ ਦੋ FIR ਦੇ ਆਧਾਰ 'ਤੇ ED ਕਰ ਰਹੀ ਜਾਂਚ
ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਈਡੀ ਨੇ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਦਰਜ ਕੀਤੀਆਂ ਦੋ ਐਫਆਈਆਰਜ਼ ਦੇ ਆਧਾਰ 'ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਜਾਂਚ ਸ਼ੁਰੂ ਕੀਤੀ ਸੀ। ਇਨ੍ਹਾਂ ਐਫਆਈਆਰਜ਼ ਵਿੱਚ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਸ਼ਾਮਲ ਹਨ।
ਘਰੋਂ ਸਾਢੇ 7 ਕਰੋੜ ਦੀ ਨਕਦੀ ਅਤੇ ਢਾਈ ਕਿਲੋ ਸੋਨਾ ਮਿਲਣ ਦਾ ਦਾਅਵਾ
ਇਸ ਮਾਮਲੇ ਵਿੱਚ ਸੀਬੀਆਈ ਨੇ ਭੁੱਲਰ ਦੇ ਚੰਡੀਗੜ੍ਹ ਦੇ ਸੈਕਟਰ-40 ਸਥਿਤ ਘਰ 'ਤੇ ਛਾਪੇਮਾਰੀ ਕੀਤੀ ਸੀ। ਸੀਬੀਆਈ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਛਾਪੇ ਦੌਰਾਨ ਕਰੀਬ ਸਾਢੇ 7 ਕਰੋੜ ਰੁਪਏ ਦੀ ਨਕਦੀ, ਢਾਈ ਕਿਲੋ ਸੋਨਾ, ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼, ਮਹਿੰਗੀ ਸ਼ਰਾਬ ਅਤੇ ਘੜੀਆਂ ਬਰਾਮਦ ਕੀਤੀਆਂ ਗਈਆਂ ਸਨ।