ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਪੰਜਾਬ ਦੀ ਸਿਆਸਤ 'ਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਨਾਮੀ ਚਿਹਰਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਗਏ।
ਪੰਜਾਬੀ ਸੰਗੀਤ ਜਗਤ ਅਤੇ ਸਿਆਸੀ ਗਲਿਆਰਿਆਂ ਵਿੱਚੋਂ ਇੱਕ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਗਿੱਲ ਰੌਂਤਾ ਨੇ ‘ਵਾਰਿਸ ਪੰਜਾਬ ਦੇ’ ਸੰਗਠਨ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਨੇ ਮੋਹਾਲੀ ਵਿਖੇ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਸ ਸੰਗਠਨ ਦੀ ਰਸਮੀ ਮੈਂਬਰਸ਼ਿਪ ਹਾਸਲ ਕੀਤੀ।
ਖ਼ਾਸ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਹੋਈ ਸ਼ਮੂਲੀਅਤ
ਇਸ ਅਹਿਮ ਸਮਾਗਮ ਦੌਰਾਨ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਜਿੱਥੇ ਗਿੱਲ ਰੌਂਤਾ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਹੀ ਸੰਗਠਨ ਦੀ ਪੁਆਧ ਇਕਾਈ ਦੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਬਹੁਤ ਧੂਮ-ਧਾਮ ਨਾਲ ਕੀਤਾ ਗਿਆ।
ਸ ਦੌਰਾਨ ਪਾਰਟੀ ਆਗੂਆਂ ਨੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਭਰ ਵਿੱਚ ਇਸ ਦੀਆਂ ਗਤੀਵਿਧੀਆਂ ਦਾ ਵਿਸਥਾਰ ਕਰਨ ਬਾਰੇ ਡੂੰਘੀ ਵਿਚਾਰ-ਚਰਚਾ ਕੀਤੀ।
ਲੋਕਾਂ ਦੀ ਆਵਾਜ਼ ਬੁਲੰਦ ਕਰਾਂਗਾ: ਗਿੱਲ ਰੌਂਤਾ
ਸੰਗਠਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਗਿੱਲ ਰੌਂਤਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ, ਪੰਜਾਬੀਆਂ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਇਸ ਸੰਗਠਨ ਦੇ ਜ਼ਰੀਏ ਸਿੱਧੇ ਤੌਰ 'ਤੇ ਲੋਕਾਂ ਵਿੱਚ ਰਹਿਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮਜ਼ਬੂਤੀ ਨਾਲ ਅੱਗੇ ਰੱਖਣਗੇ। ਉਨ੍ਹਾਂ ਦਾ ਮੰਨਣਾ ਹੈ ਕਿ ਆਮ ਲੋਕਾਂ ਨਾਲ ਨਿਰੰਤਰ ਸੰਪਰਕ ਬਣਾ ਕੇ ਹੀ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕੀਤਾ ਜਾ ਸਕਦਾ ਹੈ।
"ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਜੁੜਨਾ ਸਕਾਰਾਤਮਕ ਕਦਮ" - ਮਨਪ੍ਰੀਤ ਸਿੰਘ ਇਆਲੀ
ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਸਮਾਜ ਦੇ ਵੱਖ-ਵੱਖ ਖੇਤਰਾਂ ਅਤੇ ਨਾਮਵਰ ਹਸਤੀਆਂ ਦਾ ਸੰਗਠਨ ਨਾਲ ਜੁੜਨਾ ਇੱਕ ਬਹੁਤ ਹੀ ਸਕਾਰਾਤਮਕ ਪਹਿਲ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਨਵੇਂ ਦਫ਼ਤਰ ਦੇ ਖੁੱਲ੍ਹਣ ਨਾਲ ਫ਼ੀਲਡ ਵਿੱਚ ਕੰਮ ਕਰ ਰਹੇ ਵਰਕਰਾਂ ਨੂੰ ਹੋਰ ਹੌਂਸਲਾ ਮਿਲੇਗਾ ਅਤੇ ਆਮ ਲੋਕਾਂ ਨਾਲ ਤਾਲਮੇਲ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ।
ਇਸ ਨਵੇਂ ਸਿਆਸੀ ਅਤੇ ਸਮਾਜਿਕ ਮੋੜ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਸਮੀਕਰਨ ਬਣਨ ਦੀ ਉਮੀਦ ਜਤਾਈ ਜਾ ਰਹੀ ਹੈ।