ਸੰਸਦ ਮੈਂਬਰ ਅੰਮ੍ਰਿਤਪਾਲ ਦੀ Airport ਤੋਂ ਪਹਿਲੀ ਝਲਕ ਆਈ ਸਾਹਮਣੇ, ਭਲਕੇ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਦੀ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਬਾਹਰ ਲੈ ਕੇ ਹਵਾਈ ਅੱਡੇ ਲਈ ਰਵਾਨਾ ਹੋਏ। ਜਿੱਥੇ ਪੁਲਿਸ ਟੀਮ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਹਵਾਈ ਜਹਾਜ਼ ਰਾਹੀਂ ਦਿੱਲੀ ਲੈ ਕੇ ਪਹੁੰਚੇਗੀ
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਦੀ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਬਾਹਰ ਲੈ ਕੇ ਹਵਾਈ ਅੱਡੇ ਲਈ ਰਵਾਨਾ ਹੋਏ। ਜਿੱਥੇ ਪੁਲਿਸ ਟੀਮ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਹਵਾਈ ਜਹਾਜ਼ ਰਾਹੀਂ ਦਿੱਲੀ ਲੈ ਕੇ ਪਹੁੰਚੇਗੀ ਅਤੇ ਉੱਥੋਂ ਫਲਾਈਟ ਰਾਹੀਂ ਪੰਜਾਬ ਲਿਆਉਂਦਾ ਜਾਵੇਗਾ। ਏਅਰਪੋਰਟ ਤੋਂ ਭਾਈ ਅੰਮ੍ਰਿਤਪਾਲ ਦੀ ਪਹਿਲੀ ਝਲਕ ਨਜ਼ਰ ਆਈ।
3 ਘੰਟੇ ਦੀ ਮਿਲੀ ਹੈ ਕਸਟਡੀ ਪੈਰੋਲ
ਅੰਮ੍ਰਿਤਸਰ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਭਲਕੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ 3 ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ। ਸੁਰੱਖਿਆ ਕਾਰਨਾਂ ਕਰਕੇ ਇਸ ਗੱਲ ਦੀ ਜਾਣਕਾਰੀ ਗੁਪਤ ਰੱਖੀ ਗਈ ਹੈ ਕਿ ਪੰਜਾਬ ਪਹੁੰਚਣ 'ਤੇ ਉਨ੍ਹਾਂ ਨੂੰ ਕਿੱਥੇ ਰੱਖਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ (84) ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਦੇ ਖੇਤਾਂ ਵਿੱਚ ਕੀਤਾ ਜਾਵੇਗਾ। ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਸਸਕਾਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਆਉਣ-ਜਾਣ ਦੇ ਖ਼ਰਚੇ ਲਈ ਪਰਿਵਾਰ ਨੇ ਜਮ੍ਹਾਂ ਕਰਵਾਏ 10 ਲੱਖ ਰੁਪਏ
ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਅਤੇ ਵਾਪਸ ਲਿਜਾਣ ਦੇ ਖ਼ਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਸਰਕਾਰੀ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਸ ਵਿੱਚੋਂ ਕਰੀਬ 7 ਲੱਖ 84 ਹਜ਼ਾਰ ਰੁਪਏ ਅੰਮ੍ਰਿਤਪਾਲ ਸਿੰਘ ਅਤੇ ਨਾਲ ਆਉਣ ਵਾਲੇ 5 ਪੁਲਿਸ ਮੁਲਾਜ਼ਮਾਂ ਦੀਆਂ ਹਵਾਈ ਟਿਕਟਾਂ 'ਤੇ ਖ਼ਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅਦਾਲਤ ਦੇ ਹੁਕਮਾਂ ਮੁਤਾਬਕ 22 ਨਵੰਬਰ ਨੂੰ ਫੁੱਲ ਚੁਗਣ ਅਤੇ 23 ਨਵੰਬਰ ਨੂੰ ਭੋਗ ਦੀਆਂ ਰਸਮਾਂ ਵਿੱਚ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।
ਮਾਹੌਲ ਵਿਗੜਨ 'ਤੇ ਤੁਰੰਤ ਵਾਪਸ ਲਿਜਾ ਸਕੇਗੀ ਪੁਲਿਸ
ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ 3 ਦਿਨਾਂ ਦੀ ਪੈਰੋਲ 'ਤੇ ਅਸਮਰੱਥਾ ਜਤਾਈ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸਿਰਫ਼ 3 ਘੰਟੇ ਦੀ ਇਜਾਜ਼ਤ ਦਿੱਤੀ ਹੈ। ਅੰਮ੍ਰਿਤਸਰ ਦੀ ਸੈਸ਼ਨ ਕੋਰਟ ਨੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਸਪੱਸ਼ਟ ਅਧਿਕਾਰ ਦਿੱਤੇ ਹਨ ਕਿ ਜੇਕਰ ਅੰਤਿਮ ਸਸਕਾਰ ਦੌਰਾਨ ਕਾਨੂੰਨ-ਵਿਵਸਥਾ ਵਿਗੜਦੀ ਹੈ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਪੈਦਾ ਹੁੰਦਾ ਹੈ, ਤਾਂ ਪੁਲਿਸ ਪੈਰੋਲ ਦਾ ਸਮਾਂ ਪੂਰਾ ਹੋਣ ਦੀ ਉਡੀਕ ਕੀਤੇ ਬਿਨਾਂ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਉੱਥੋਂ ਹਟਾ ਕੇ ਪੰਜਾਬ ਤੋਂ ਬਾਹਰ ਵਾਪਸ ਜੇਲ੍ਹ ਲਿਜਾ ਸਕਦੀ ਹੈ।
ਮਾਤਾ ਬਲਵਿੰਦਰ ਕੌਰ ਨੇ ਕੀਤੀ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ
ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਪਰਿਵਾਰ ਅਦਾਲਤ ਦੇ ਫੈਸਲੇ ਦਾ ਪੂਰਾ ਸਤਿਕਾਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਭਲਕੇ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਘਰ ਲਿਆਂਦਾ ਜਾਵੇਗਾ ਅਤੇ ਉਸ ਤੋਂ ਬਾਅਦ ਉਹ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਸੁਰੱਖਿਆ ਨਿਯਮਾਂ ਤਹਿਤ ਉਹ ਕਿਸੇ ਨਾਲ ਮੁਲਾਕਾਤ ਨਹੀਂ ਕਰ ਸਕਣਗੇ, ਇਸ ਲਈ ਪਰਿਵਾਰ ਵੱਲੋਂ ਸੰਗਤ ਅਤੇ ਸਮਰਥਕਾਂ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।