AAP ਮੰਤਰੀ ਦੇ ਪਿਤਾ ਅਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਪੰਜਾਬ ਦੀ ਸਿਆਸਤ 'ਚ ਸੋਗ ਦੀ ਲਹਿਰ ਛਾਈ ਹੋਈ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 93 ਸਾਲ ਤੋਂ ਵੱਧ ਉਮਰ ਦੇ ਸਨ ਅਤੇ ਉਨ੍ਹਾਂ ਨੇ ਜਲੰਧਰ ਦੇ ਬਸਤੀ ਖੇਤਰ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ।
ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ 'ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 93 ਸਾਲ ਤੋਂ ਵੱਧ ਉਮਰ ਦੇ ਸਨ ਅਤੇ ਉਨ੍ਹਾਂ ਨੇ ਜਲੰਧਰ ਦੇ ਬਸਤੀ ਖੇਤਰ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਉਹਨਾਂ ਦੇ ਦਿਹਾਂਤ 'ਤੇ ਸ਼ੋਕ ਵਜੋਂ ਪੰਜਾਬ ਸਰਕਾਰ ਨੇ ਅੱਜ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਪਾਕਿਸਤਾਨ 'ਚ ਹੋਇਆ ਸੀ ਜਨਮ
ਭਗਤ ਚੁੰਨੀ ਲਾਲ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ। ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਕੇ ਵੱਸ ਗਿਆ ਸੀ। ਰਾਜਨੀਤੀ ਤੋਂ ਇਲਾਵਾ ਉਨ੍ਹਾਂ ਦਾ ਖੇਡਾਂ ਦਾ ਸਮਾਨ (ਸਪੋਰਟਸ ਗੁੱਡਜ਼) ਐਕਸਪੋਰਟ ਕਰਨ ਦਾ ਕਾਰੋਬਾਰ ਸੀ। ਉਹ ਆਪਣੇ ਪਿੱਛੇ 4 ਬੇਟੇ ਅਤੇ 4 ਬੇਟੀਆਂ ਛੱਡ ਗਏ ਹਨ।
ਲੰਬਾ ਰਾਜਨੀਤਿਕ ਸਫ਼ਰ
1985: ਉਨ੍ਹਾਂ ਨੇ ਪਹਿਲੀ ਵਾਰ ਜਲੰਧਰ ਦੱਖਣੀ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ।
1997: ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਹ ਜਲੰਧਰ ਦੱਖਣੀ ਤੋਂ ਚੋਣ ਜਿੱਤ ਕੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ।
2007 ਅਤੇ 2012: ਉਹ ਦੂਜੀ ਅਤੇ ਤੀਜੀ ਵਾਰ ਵੀ ਵਿਧਾਇਕ ਚੁਣੇ ਗਏ।
2011: ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ।
2012-2017: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵਿੱਚ ਉਹ ਕੈਬਨਿਟ ਮੰਤਰੀ ਰਹੇ। ਉਨ੍ਹਾਂ ਨੇ ਲੋਕਲ ਬਾਡੀਜ਼, ਮੈਡੀਕਲ ਸਿੱਖਿਆ ਅਤੇ ਜੰਗਲਾਤ ਵਰਗੇ ਕਈ ਅਹਿਮ ਮੰਤਰਾਲੇ ਸੰਭਾਲੇ। ਇਸ ਦੇ ਨਾਲ ਹੀ ਉਹ ਵਿਧਾਨ ਸਭਾ 'ਚ ਭਾਜਪਾ ਵਿਧਾਇਕ ਦਲ ਦੇ ਨੇਤਾ ਵੀ ਰਹੇ।
ਉਨ੍ਹਾਂ ਨੇ 2017 ਵਿੱਚ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 10 ਸਤੰਬਰ 2026 ਨੂੰ ਸ਼ਾਮ 5:00 ਵਜੇ ਮਾਡਲ ਹਾਊਸ ਰੋਡ ਸ਼ਮਸ਼ਾਨ ਘਾਟ, ਬਸਤੀ ਸ਼ੇਖ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਡੂੰਘੀ ਸੋਗ ਦੀ ਲਹਿਰ ਦੌੜ ਗਈ ਹੈ।
ਕਾਂਗਰਸ ਦੇ ਸੀਨੀਅਰ ਆਗੂ ਤੇ MP ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਦੁੱਖ ਜਤਾਉਂਦੇ ਹੋਏ ਕਿਹਾ- 'ਪੰਜਾਬ ਦੀ ਸਿਆਸਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਨਾਲ ਮਨ ਨੂੰ ਡੂੰਘਾ ਦੁੱਖ ਪਹੁੰਚਿਆ ਹੈ। ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦਾ ਵਿਛੋੜਾ ਪਰਿਵਾਰ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਲਈ ਵੀ ਇੱਕ ਵੱਡਾ ਘਾਟਾ ਹੈ। ਇਸ ਦੁੱਖ ਦੀ ਘੜੀ ਵਿੱਚ ਮੈਂ ਪਰਿਵਾਰ ਅਤੇ ਸਨੇਹੀਆਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।