ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਘਰ ’ਤੇ ਸੁੱਟੇ ਦੋ ਗ੍ਰਨੇਡ, ਤਿੰਨ ਜਣੇ ਗੰਭੀਰ ਜ਼ਖ਼ਮੀ, ਧਮਾਕਿਆਂ ਨਾਲ ਪਿੰਡ ’ਚ ਦਹਿਸ਼ਤ
ਅਜਨਾਲਾ ਦੇ ਸਰਹੱਦੀ ਪਿੰਡ ਜੱਟਾ ਵਿੱਚ ਦੇਰ ਰਾਤ ਇੱਕ ਘਰ ’ਤੇ ਕਥਿਤ ਗ੍ਰਨੇਡ ਹਮਲਾ ਹੋਇਆ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਦੋ ਗ੍ਰਨੇਡ ਸੁੱਟੇ, ਜਿਸ ਕਾਰਨ ਤਿੰਨ ਲੋਕ ਜ਼ਖ਼ਮੀ ਹੋ ਗਏ ਅਤੇ ਘਰ ਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਜਾਰੀ ਹੈ, ਜਦਕਿ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਪੈਂਦੇ ਹਲਕਾ ਅਜਨਾਲਾ ਦੇ ਪਿੰਡ ਜੱਟਾ ਵਿੱਚ ਦੇਰ ਰਾਤ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਗ੍ਰਨੇਡ ਹਮਲੇ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਘਰ ‘ਤੇ ਦੋ ਗ੍ਰਨੇਡ ਸੁੱਟੇ ਗਏ, ਜਿਸ ਕਾਰਨ ਜ਼ੋਰਦਾਰ ਧਮਾਕੇ ਹੋਏ।
ਤਿੰਨ ਜਣੇ ਗੰਭੀਰ ਜ਼ਖ਼ਮੀ; ਦਰਵਾਜ਼ੇ, ਖਿੜਕੀਆਂ ਦੇ ਸ਼ੀਸ਼ੇ ਟੁੱਟੇ
ਇਸ ਘਟਨਾ ਦੌਰਾਨ ਘਰ ਵਿੱਚ ਮੌਜੂਦ ਤਿੰਨ ਵਿਅਕਤੀ (ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਹਨ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਧਮਾਕਿਆਂ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਇਸ ਨਾਲ ਘਰ ਦੇ ਦਰਵਾਜ਼ੇ, ਖਿੜਕੀਆਂ ਦੇ ਸ਼ੀਸ਼ੇ ਅਤੇ ਬਾਹਰ ਖੜ੍ਹੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਕੋਈ ਰੰਜਿਸ਼ ਨਹੀਂ; ਨਾ ਆਈ ਕੋਈ ਧਮਕੀ
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਨੂੰ ਪਹਿਲਾਂ ਕੋਈ ਧਮਕੀ ਮਿਲੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਤੋਂ ਬਾਅਦ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਹੱਦੀ ਖੇਤਰਾਂ ਵਿੱਚ ਵਧ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾਣ।
ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਫਿਲਹਾਲ ਪੁਲਿਸ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਹਮਲੇ ਦਾ ਮਕਸਦ ਕੀ ਸੀ ਅਤੇ ਇਸ ਦੇ ਪਿੱਛੇ ਕੌਣ ਲੋਕ ਸ਼ਾਮਲ ਹਨ।