ਪੰਜਾਬ ‘ਚ ਅੱਜ ਤੋਂ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਗਰਮੀ ਤੇ ਹੁੰਮਸ ਤੋਂ ਲੋਕਾਂ ਨੂੰ ਮਿਲੇਗੀ ਰਾਹਤ!

ਪੰਜਾਬ ਦੇ ਕੁੱਝ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ ਅਤੇ ਕੁੱਝ ਥਾਵਾਂ ਉੱਤੇ ਗਰਮੀ ਅਤੇ ਹੁੰਮਸ ਬਣੀ ਹੋਈ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅੱਜ ਤੋਂ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 28 ਅਤੇ 29 ਜੁਲਾਈ ਲਈ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਔਰੇਂਜ ਅਲਰਟ...

By:  Lajwinder Kaur July 27th 2026 09:44 AM -- Updated: July 27th 2026 10:03 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਰਾਤ ਤੋਂ ਹੀ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ (27 ਜੁਲਾਈ) ਤੋਂ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 28 ਅਤੇ 29 ਜੁਲਾਈ ਲਈ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਔਰੇਂਜ ਅਲਰਟ ਘੋਸ਼ਿਤ ਕੀਤਾ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਡੈਮ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹਨ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ 36.8 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿੱਚ ਰਿਕਾਰਡ ਕੀਤਾ ਗਿਆ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਰਾਤ ਤੱਕ 40 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਖ਼ਤਰਾ ਜਤਾਇਆ ਗਿਆ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ), ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ‘ਚ ਫਿਰ ਸਰਗਰਮ ਹੋਵੇਗਾ ਮਾਨਸੂਨ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਰਾਜਸਥਾਨ ਉੱਤੇ ਘੱਟ ਦਬਾਅ ਦਾ ਖੇਤਰ (ਲੋਅ ਪ੍ਰੈਸ਼ਰ ਏਰੀਆ) ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਉੱਤਰ ਭਾਰਤ ਵਿੱਚ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਵੀ ਸਰਗਰਮ ਹੈ। ਇਨ੍ਹਾਂ ਦੋਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦੋਹਾਂ ਖੇਤਰਾਂ ਦੇ ਕਈ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਹਾਲ ਕੁਝ ਇਸ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ:

28 ਜੁਲਾਈ: ਰਾਜ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

29 ਜੁਲਾਈ: 23 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਹੈ, ਜਦਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਗਈ ਹੈ।

30 ਜੁਲਾਈ: ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

© Copyright Galactic Television & Communications Pvt. Ltd. 2026. All rights reserved.