ਪੰਜਾਬ-ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ਏ.ਕੇ. ਮਿਸ਼ਰਾ, CM ਸੈਣੀ ਅਤੇ ਰਾਜਪਾਲ ਕਟਾਰੀਆ ਰਹੇ ਮੌਜੂਦ

ਪੰਜਾਬ ਕੈਬਨਿਟ ਵੱਲੋਂ ਕੇਂਦਰ ਸਰਕਾਰ ਨੂੰ ਸਹੁੰ ਚੁੱਕ ਸਮਾਗਮ ਰੋਕਣ ਦੀ ਅਪੀਲ ਦਰਮਿਆਨ Justice A.K. Mishra ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ । ਚੀਫ਼ ਜਸਟਿਸ ਮਿਸ਼ਰਾ ਹੁਣ ਜਸਟਿਸ ਸ਼ੀਲ ਨਾਗੂ ਦੀ ਥਾਂ ਲੈਣਗੇ। ਪੰਜਾਬ ਸਰਕਾਰ ਨੇ ਜਸਟਿਸ ਮਿਸ਼ਰਾ ਦੀ ਨਿਯੁਕਤੀ ’ਤੇ ਇਤਰਾਜ਼ ਜਤਾਇਆ ਸੀ। ਇਸ ਸਮਾਗਮ ਚ ਸੀਐਮ ਮਾਨ ਸਣੇ ਕੋਈ ਵੀ ਮੰਤਰੀ ਨਹੀਂ ਪਹੁੰਚਿਆ।

By:  Lajwinder Kaur September 7th 2026 11:05 AM -- Updated: September 7th 2026 12:32 PM

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ (7 ਸਤੰਬਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ (ਗਵਰਨਰ ਹਾਊਸ) ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਦਗੁਪਤਤਾ ਦੀ ਸਹੁੰ ਚੁਕਾਈ। ਜਸਟਿਸ ਮਿਸ਼ਰਾ ਤੋਂ ਪਹਿਲਾਂ ਜਸਟਿਸ ਸ਼ੀਲ ਨਾਗੂ ਚੀਫ਼ ਜਸਟਿਸ ਸਨ। ਜੂਨ 2026 ਵਿੱਚ ਉਨ੍ਹਾਂ ਦੀ ਨਿਯੁਕਤੀ ਸੁਪਰੀਮ ਕੋਰਟ ਦੇ ਜੱਜ ਵਜੋਂ ਹੋਈ ਸੀ।


ਜਸਟਿਸ ਮਿਸ਼ਰਾ ਜੂਨ 2026 ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਵਜੋਂ ਕੰਮ ਕਰ ਰਹੇ ਸਨ। ਸੁਪਰੀਮ ਕੋਰਟ ਕਾਲੇਜੀਅਮ ਨੇ 6 ਅਗਸਤ ਨੂੰ ਉਨ੍ਹਾਂ ਨੂੰ ਚੀਫ ਜਸਟਿਸ ਬਣਾਉਣ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ 5 ਸਤੰਬਰ ਨੂੰ ਉਨ੍ਹਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ।

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ 1993 ਵਿੱਚ ਵਕੀਲ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਸੀ। ਸਾਲ 2013 ਵਿੱਚ ਉਨ੍ਹਾਂ ਨੂੰ ਸੀਨੀਅਰ ਵਕੀਲ ਦਾ ਦਰਜਾ ਦਿੱਤਾ ਗਿਆ। ਫਰਵਰੀ 2014 ਵਿੱਚ ਉਨ੍ਹਾਂ ਨੇ ਇਲਾਹਾਬਾਦ ਹਾਈਕੋਰਟ ਦੇ ਵਧੀਕ ਜੱਜ ਵਜੋਂ ਸਹੁੰ ਚੁੱਕੀ ਅਤੇ ਫਰਵਰੀ 2016 ਵਿੱਚ ਸਥਾਈ ਜੱਜ ਬਣੇ।

ਜੁਲਾਈ 2025 ਵਿੱਚ ਉਨ੍ਹਾਂ ਦਾ ਤਬਾਦਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕਰ ਦਿੱਤਾ ਗਿਆ ਸੀ। ਹੁਣ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਆਪਣੀ ਜ਼ਿੰਮੇਵਾਰੀ ਸੰਭਾਲਣਗੇ।


ਸਮਾਰੋਹ ਵਿੱਚ ਸ਼ਖ਼ਸੀਅਤਾਂ ਦੀ ਹਾਜ਼ਰੀ

ਸਹੁੰ ਚੁੱਕ ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ਿਮ ਕੁਮਾਰ ਘੋਸ਼, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ।

ਆਪ ਵੱਲੋਂ ਕੀਤਾ ਗਿਆ ਵਿਰੋਧ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਜਸਟਿਸ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦਾ ਤਰਕ ਸੀ ਕਿ ਜਸਟਿਸ ਮਿਸ਼ਰਾ ਦੀ ਇਸ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਨਾਲ ਸਹਿਮਤੀ ਨਹੀਂ ਲਈ ਗਈ, ਅਤੇ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਨੂੰ ਰੋਕਣ ਦੀ ਵੀ ਮੰਗ ਕੀਤੀ ਸੀ।

ਸਹੁੰ ਚੁੱਕ ਸਮਾਗਮ ‘ਚ CM ਮਾਨ ਸਣੇ ਕੋਈ ਵੀ ਮੰਤਰੀ ਨਹੀਂ ਪਹੁੰਚਿਆ

ਇਸੇ ਵਜ੍ਹਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਹੁੰਚਿਆ। ਦੂਜੇ ਪਾਸੇ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਸਮਾਗਮ ਵਿੱਚ ਮੌਜੂਦ ਰਹੇ।

ਕੱਲ੍ਹ ਬੁਲਾਈ ਗਈ ਸੀ ਐਮਰਜੈਂਸੀ ਕੈਬਨਿਟ ਮੀਟਿੰਗ

ਇਸ ਤੋਂ ਇੱਕ ਦਿਨ ਪਹਿਲਾਂ, ਐਤਵਾਰ (6 ਸਤੰਬਰ) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾ ਕੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ ਕੀਤਾ ਸੀ। ਇਸ ਮਤੇ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਚੀਫ਼ ਜਸਟਿਸ ਨੂੰ ਸਹੁੰ ਨਾ ਚੁਕਾਈ ਜਾਵੇ। ਪੰਜਾਬ ਸਰਕਾਰ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਵੀ ਇਸ ਮਾਮਲੇ ਵਿੱਚ ਅਪੀਲ ਕੀਤੀ ਸੀ।

ਵਿੱਤ ਮੰਤਰੀ ਬੋਲੇ-ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬੀਆਂ ਨੂੰ ਕੀਤਾ ਨਜ਼ਰਅੰਦਾਜ਼

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕੀਤਾ ਹੈ। ਜਲੰਧਰ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਲਈ ਸਬੰਧਤ ਰਾਜ ਸਰਕਾਰ ਦੀ ਰਾਏ ਅਤੇ ਸਹਿਮਤੀ ਲੈਣੀ ਜ਼ਰੂਰੀ ਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਇਸ ਤੈਅ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ ਹੈ।

Related Post

ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, 3 ਦਿਨ ਬਾਰਿਸ਼ ਦਾ ਅਲਰਟ
ਪੰਜਾਬ ’ਚ ਬਿਜਲੀ ਸੰਕਟ ਗਹਿਰਾਇਆ: ਕੋਲੇ ਦੀ ਘਾਟ ਕਾਰਨ ਘਰੇਲੂ ਤੇ ਇੰਡਸਟਰੀ ’ਚ ਕੱਟ, 1500 MW ਉਤਪਾਦਨ ਘਟਿਆ...
ਪੰਜਾਬ ਦੇ ਸੇਵਾ ਕੇਂਦਰਾਂ ਨੂੰ ਲੈ ਕੇ ਵੱਡੀ ਖ਼ਬਰ: 15 ਸਤੰਬਰ ਨੂੰ ਸੂਬੇ ਭਰ ‘ਚ ਰਹਿਣਗੇ ਪੂਰੀ ਤਰ੍ਹਾਂ ਬੰਦ, ਜਾਣੋ ਵਜ੍ਹਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ 'ਤੇ ਕੇਂਦਰ 'ਤੇ ਵਰ੍ਹੇ ਹਰਪਾਲ ਚੀਮਾ, ਬੋਲੇ- ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬੀਆਂ ਨੂੰ ਕੀਤਾ ਨਜ਼ਰਅੰਦਾਜ਼
ਕਾਂਗਰਸ 'ਚ ਵੱਡਾ ਫੇਰਬਦਲ: ਭੂਪੇਸ਼ ਬਘੇਲ ਦੀ ਪੰਜਾਬ ਇੰਚਾਰਜ ਤੋਂ ਛੁੱਟੀ, ਸਚਿਨ ਪਾਇਲਟ ਨੂੰ ਮਿਲੀ ਵੱਡੀ ਜ਼ਿੰਮੇਵਾਰੀ
CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਅਹਿਮ ਫ਼ੈਸਲਿਆਂ 'ਤੇ ਲੱਗ ਸਕਦੀ ਮੋਹਰ…

© Copyright Galactic Television & Communications Pvt. Ltd. 2026. All rights reserved.