SGPC ਦਾ ਵੱਡਾ ਫ਼ੈਸਲਾ! ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੇਗੀ ਪਰਵਿੰਦਰ ਝੋਟਾ ਦੀ ਤਸਵੀਰ, ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਦੀ ਸਹਾਇਤਾ ਦਾ ਐਲਾਨ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਜਾਨ ਗੁਆਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ।

By:  Lajwinder Kaur October 17th 2026 12:29 PM -- Updated: October 17th 2026 12:44 PM

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਜਾਨ ਗੁਆਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਯਤਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ ਅਤੇ ਇਸ ਸੰਘਰਸ਼ ਨੂੰ ਅੱਗੇ ਵਧਾਉਣਾ ਚਾਹੀਦਾ ਹੈ।

ਪਰਿਵਾਰ ਨਾਲ ਮੁਲਾਕਾਤ ਕਰਕੇ ਪ੍ਰਗਟਾਈ ਹਮਦਰਦੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।

ਝੋਟੇ ਲਈ ਕੀਤਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਭਾਈ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਉਪਰਾਲਾ ਉਨ੍ਹਾਂ ਦੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਪ੍ਰਤੀ ਵਚਨਬੱਧਤਾ ਨੂੰ ਸਤਿਕਾਰ ਸਹਿਤ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ।

ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਜੋ ਵੀ ਸਹਿਯੋਗ ਮੰਗਿਆ ਜਾਵੇਗਾ, ਸ਼੍ਰੋਮਣੀ ਕਮੇਟੀ ਉਸ ਲਈ ਯਤਨ ਕਰੇਗੀ। ਅਜਿਹੇ ਔਖੇ ਸਮੇਂ ਵਿੱਚ ਪਰਿਵਾਰ ਦਾ ਸਾਥ ਦੇਣਾ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ।

ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ

ਇਸ ਮੌਕੇ ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ-ਚਾਲ ਵੀ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਜ਼ਖ਼ਮੀ ਨੌਜਵਾਨ ਚਾਹੁਣ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਇਲਾਜ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ, ਸ੍ਰੀ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।

ਉਨ੍ਹਾਂ ਭਰੋਸਾ ਦਿੱਤਾ ਕਿ ਨੌਜਵਾਨਾਂ ਨੂੰ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਇਲਾਜ ਦਾ ਸਮੁੱਚਾ ਖ਼ਰਚ ਚੁੱਕਣ ਲਈ ਸ਼੍ਰੋਮਣੀ ਕਮੇਟੀ ਤਿਆਰ ਹੈ।

ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਵਾਸਤੇ ਲੰਗਰ ਸੇਵਾ ਜਾਰੀ ਰਹੇਗੀ

ਐਡਵੋਕੇਟ ਧਾਮੀ ਨੇ ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਵਾਸਤੇ ਲੰਗਰ ਸੇਵਾ ਲਗਾਤਾਰ ਜਾਰੀ ਰੱਖਣ ਅਤੇ ਪਖਾਨਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਬੀਰ ਸਿੰਘ, ਹਰਭਜਨ ਸਿੰਘ ਵਕਤਾ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

© Copyright Galactic Television & Communications Pvt. Ltd. 2026. All rights reserved.