ਅਕਾਲੀ ਦਲ ਨੂੰ ਵੱਡਾ ਝਟਕਾ! ਬੁਢਲਾਡਾ ਤੋਂ ਹਲਕਾ ਇੰਚਾਰਜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਆਗਾਮੀ ਵਿਧਾਨ ਸਭਾ ਚੋਣ ਨੂੰ ਲੈ ਕੇ ਪੰਜਾਬ ਦੇ ਵਿੱਚ ਸਿਆਸੀ ਹਲਚਲ ਤੇਜ਼ ਹੋਈ ਪਈ ਹੈ। ਕੋਈ ਕਿਸੇ ਪਾਰਟੀ ਦੇ ਨਾਲ ਜੁੜ ਰਿਹਾ ਹੈ ਤੇ ਕੋਈ ਪਾਰਟੀ ਨੂੰ ਛੱਡ ਰਿਹਾ ਹੈ। ਅਜਿਹਾ ਹੀ ਇੱਕ ਝਟਕਾ ਅਕਾਲੀ ਦਲ ਨੂੰ ਲੱਗਿਆ ਜਦੋਂ ਬੁਢਲਾਡਾ ਤੋਂ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਨਿਸ਼ਾਨ ਸਿੰਘ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਹੈ, ਜਦੋਂ ਬੁਢਲਾਡਾ ਤੋਂ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਨਿਸ਼ਾਨ ਸਿੰਘ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਭੇਜ ਦਿੱਤਾ ਹੈ।
ਸਿਹਤ ਅਤੇ ਘਰੇਲੂ ਕਾਰਨਾਂ ਦਾ ਦਿੱਤਾ ਹਵਾਲਾ
ਡਾਕਟਰ ਨਿਸ਼ਾਨ ਸਿੰਘ ਨੇ ਅਸਤੀਫ਼ੇ ਪਿੱਛੇ ਆਪਣੀ ਖ਼ਰਾਬ ਸਿਹਤ, ਘਰੇਲੂ ਕਾਰਨਾਂ ਅਤੇ ਆਰਥਿਕ ਮੁਸ਼ਕਲਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਹੁਣ ਪਾਰਟੀ ਨਾਲ ਨਹੀਂ ਜੁੜੇ ਰਹਿ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਬੁਢਲਾਡਾ ਹਲਕੇ ਤੋਂ ਭਵਿੱਖ ਵਿੱਚ ਕਿਸੇ ਵੀ ਵਿਅਕਤੀ ਨੂੰ ਟਿਕਟ ਦੇ ਸਕਦੀ ਹੈ, ਪਰ ਉਹ ਹੁਣ ਅਕਾਲੀ ਦਲ ਦਾ ਹਿੱਸਾ ਨਹੀਂ ਹਨ।

ਤਨਦੇਹੀ ਨਾਲ ਨਿਭਾਈ ਜ਼ਿੰਮੇਵਾਰੀ
ਆਪਣੀ ਗੱਲ ਰੱਖਦਿਆਂ ਡਾਕਟਰ ਨਿਸ਼ਾਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਿੱਚ ਰਹਿ ਕੇ ਹਮੇਸ਼ਾ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਬੀਤੇ ਕੱਲ੍ਹ ਹੀ ਉਨ੍ਹਾਂ ਨੇ ਬਿਜਲੀ ਦੇ ਲੰਬੇ ਕੱਟਾਂ ਦੇ ਖ਼ਿਲਾਫ਼ ਜਨਤਾ ਦੀ ਆਵਾਜ਼ ਬੁਲੰਦ ਕਰਦਿਆਂ ਧਰਨਾ ਵੀ ਦਿੱਤਾ ਸੀ।
ਕਿਸੇ ਹੋਰ ਪਾਰਟੀ ਵਿੱਚ ਜਾਣ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ
ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਨੂੰ ਵਿਰਾਮ ਲਾਉਂਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਫ਼ਿਲਹਾਲ ਉਨ੍ਹਾਂ ਦਾ ਕਿਸੇ ਵੀ ਹੋਰ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦਾ ਹੁਣ ਤੱਕ ਦੇ ਸਫ਼ਰ ਵਿੱਚ ਮਿਲਣ ਵਾਲੇ ਸਹਿਯੋਗ ਲਈ ਧੰਨਵਾਦ ਕੀਤਾ ਹੈ।
ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।