ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਨੂੰ ਲੈ ਕੇ ਵੱਡਾ ਅਪਡੇਟ! ‘ਵਾਰਿਸ ਪੰਜਾਬ ਦੇ' ਵੱਲੋਂ ਅਹਿਮ ਦਾਅਵਾ- ‘21 ਨਵੰਬਰ ਨੂੰ ਪਹੁੰਚਣਗੇ ਪੰਜਾਬ’
ਪਾਰਟੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਕੇ ਪੰਜਾਬ ਪਹੁੰਚਣਗੇ।
ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਨੂੰ ਲੈ ਕੇ ਜਲਦ ਫੈਸਲਾ ਆ ਸਕਦਾ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸੇ ਦੌਰਾਨ ਉਨ੍ਹਾਂ ਦੀ ਪਾਰਟੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਕੇ ਪੰਜਾਬ ਪਹੁੰਚਣਗੇ।
ਪਾਰਟੀ ਵੱਲੋਂ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਵੀ ਸਾਂਝੀ ਕੀਤੀ ਗਈ ਹੈ। ਪੋਸਟ ਵਿੱਚ ਲਿਖਿਆ ਗਿਆ, "21 ਨਵੰਬਰ ਨੂੰ ਖਡੂਰ ਸਾਹਿਬ ਤੋਂ ਐੱਮਪੀ ਭਾਈ ਅੰਮ੍ਰਿਤਪਾਲ ਸਿੰਘ ਜੀ ਪੰਜਾਬ ਆ ਰਹੇ ਹਨ। ਸੰਗਤ ਦਾ ਧੰਨਵਾਦ, ਜਿਨ੍ਹਾਂ ਨੇ ਹਮੇਸ਼ਾ ਸਾਡਾ ਸਾਥ ਦਿੱਤਾ।"
ਦਾਦੀ ਦੇ ਅੰਤਿਮ ਸੰਸਕਾਰ ਲਈ ਮੰਗੀ ਪੈਰੋਲ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦੇ ਹਨ। ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ, ਪਰਿਵਾਰ ਵੱਲੋਂ ਅਜੇ ਤੱਕ ਉਨ੍ਹਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਨੂੰ 3 ਘੰਟਿਆਂ ਦੀ ਕਸਟਡੀ ਪੈਰੋਲ ਮਿਲੀ ਸੀ, ਪਰ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਨਹੀਂ ਲਿਆਉਂਦਾ ਜਾ ਸਕਿਆ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ 21 ਤੋਂ 23 ਨਵੰਬਰ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਹੈ।
ਹੁਣ ਅਦਾਲਤ ਦੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਹਾਲਾਂਕਿ, 21 ਨਵੰਬਰ ਨੂੰ ਪੰਜਾਬ ਆਉਣ ਸਬੰਧੀ ਪਾਰਟੀ ਵੱਲੋਂ ਕੀਤਾ ਗਿਆ ਦਾਅਵਾ ਅਜੇ ਅਦਾਲਤੀ ਫੈਸਲੇ 'ਤੇ ਨਿਰਭਰ ਕਰਦਾ ਹੈ।