ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਸੂਬਾ ਸੰਗਠਨ ਵਿੱਚ ਵੱਡੇ ਬਦਲਾਅ ਦੀਆਂ ਅਟਕਲਾਂ 'ਤੇ ਵਿਰਾਮ ਲਗਾ ਦਿੱਤਾ ਹੈ। ਬੁੱਧਵਾਰ ਨੂੰ ਪਾਰਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਫਿਲਹਾਲ ਸੂਬਾਈ ਲੀਡਰਸ਼ਿਪ ਵਿੱਚ ਕੋਈ ਵੱਡਾ ਫੇਰਬਦਲ ਨਹੀਂ ਕੀਤਾ ਜਾਵੇਗਾ। ਇਸ ਤੋਂ ਬਾਅਦ ਲੋਕ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਸਿਆਸੀ ਗਲਿਆਰਿਆਂ ਵਿੱਚ ਇਹ ਵੀ ਚਰਚਾ ਹੈ ਕਿ ਉਹ ਪਾਰਟੀ ਛੱਡ ਸਕਦੇ ਹਨ। ਹਾਲਾਂਕਿ, ਇਸ ਸਬੰਧੀ ਮਨੀਸ਼ ਤਿਵਾੜੀ ਜਾਂ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਕਾਂਗਰਸ ਹਾਈਕਮਾਨ ਦੇ ਫੈਸਲੇ ਤੋਂ ਅਗਲੇ ਦਿਨ, 2 ਜੁਲਾਈ (ਵੀਰਵਾਰ) ਨੂੰ ਮਨੀਸ਼ ਤਿਵਾੜੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਨੂੰ ਉਨ੍ਹਾਂ ਦੇ ਸਿਆਸੀ ਭਵਿੱਖ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਤਿਵਾੜੀ ਨੇ ਕਿਹਾ ਕਿ ਕਾਸ਼ ਮੇਰੇ ਕੋਲ ਕੋਈ ਗਿੱਦੜ ਸਿੰਙੀ ਹੁੰਦੀ
ਤਿਵਾੜੀ ਨੇ ਤੰਜ ਕੱਸਦੇ ਹੋਏ ਲਿਖਿਆ, "ਹੈ ਬੜਾ ਕੋਈ ਅਵਗੁਣ ਉਸਮੇਂ, ਜਿਸੇ ਕੋਈ ਹੁਨਰ ਆਵੇ।
ਕਾਸ਼ ਮੇਰੇ ਕੋਲ ਲੋਕਾਂ ਅਤੇ ਸੰਸਥਾਵਾਂ ਦੀਆਂ ਅਸੁਰੱਖਿਆਵਾਂ ਦਾ ਕੋਈ ਇਲਾਜ (ਗਿੱਦੜ ਸਿੰਙੀ) ਹੁੰਦਾ!"
ਉਨ੍ਹਾਂ ਨੇ ਅੱਗੇ ਕਿਹਾ- “ਇਹ ਕਹਿਣਾ ਚਾਹਾਂਗਾ ਕਿ ਭਾਰਤੀ ਰਾਸ਼ਟਰੀ ਕਾਂਗਰਸ ਨੇ ਮੈਨੂੰ ਪਿਛਲੇ 45 ਸਾਲਾਂ ਵਿੱਚ ਬਹੁਤ ਕੁਝ ਦਿੱਤਾ ਹੈ ਅਤੇ ਮੈਂ ਵੀ ਆਪਣਾ ਪੂਰਾ ਬਾਲਗ ਜੀਵਨ ਦਹਾਕਿਆਂ ਤੋਂ ਕਾਂਗਰਸ ਦੀ ਸੇਵਾ ਵਿੱਚ ਸਮਰਪਿਤ ਕੀਤਾ ਹੈ।”
ਪੋਸਟ ਦੇ ਅੰਤ ਵਿੱਚ ਉਨ੍ਹਾਂ ਨੇ ਇੱਕ ਮਸ਼ਹੂਰ ਅੰਗਰੇਜ਼ੀ ਗੀਤ ਦੀ ਲਾਈਨ ਲਿਖੀ, 'Que sera, sera, Whatever will be, will be…', ਜਿਸ ਦਾ ਅਰਥ ਹੈ—'ਜੋ ਹੋਣਾ ਹੈ, ਉਹ ਹੋ ਕੇ ਰਹੇਗਾ' ਜਾਂ 'ਜੋ ਹੋਵੇਗਾ, ਸੋ ਹੋਵੇਗਾ।'
ਮਨੀਸ਼ ਤਿਵਾੜੀ ਨੂੰ ਮਿਲਿਆ ਨਜ਼ਰਅੰਦਾਜ਼ੀ ਦਾ ਅਹਿਸਾਸ, ਕਿਉਂਕਿ ਕਾਂਗਰਸ ਨੇ ਪੰਜਾਬ ਲਈ ਨਵੇਂ ਕਾਰਜਕਾਰੀ ਪ੍ਰਧਾਨਾਂ ਅਤੇ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ।
ਹਾਈਕਮਾਨ ਨੇ ਲਿਆ ਆਹ ਫੈਸਲਾ
1 ਜੁਲਾਈ ਨੂੰ ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ, ਜਦਕਿ ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।
ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੁਹਿੰਮ ਕਮੇਟੀ ਦਾ ਪ੍ਰਧਾਨ ਬਣਾਇਆ ਹੈ। ਇਸ ਤੋਂ ਇਲਾਵਾ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ, ਅਤੇ ਸੰਸਦ ਮੈਂਬਰ ਅਮਰ ਸਿੰਘ ਨੂੰ ਮੈਨੀਫੈਸਟੋ (ਘੋਸ਼ਣਾ ਪੱਤਰ) ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਸੰਗਠਨਾਤਮਕ ਵਿਸਤਾਰ ਦੇ ਤਹਿਤ ਸੁਖਵਿੰਦਰ ਸਿੰਘ ਡੈਨੀ, ਰਾਜਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਉੱਥੇ ਹੀ, ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਅਤੇ ਡਾ. ਧਰਮਵੀਰ ਗਾਂਧੀ ਨੂੰ ਚੋਣ ਮੁਹਿੰਮ ਕਮੇਟੀ ਦਾ ਸਹਿ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।