ਪੰਜਾਬ ਵਿਧਾਨ ਸਭਾ 'ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- 'ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ'

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਵੋਟਾਂ ਕੱਟੇ ਜਾਣ ਦੇ ਮੁੱਦੇ 'ਤੇ ਮਤਾ ਪਾਸ ਕੀਤਾ ਗਿਆ। ਇਹ ਮਤਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ਦੀ ਕਾਰਵਾਈ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਹੀ ਧੱਕੇਸ਼ਾਹੀ ਵਿਰੁੱਧ ਆਵਾਜ਼ ਉਠਾਉਣ ਵਾਲਾ ਸੂਬਾ ਰਿਹਾ ਹੈ।

By:  Lajwinder Kaur October 23rd 2026 04:18 PM -- Updated: October 23rd 2026 04:28 PM

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਵੋਟਾਂ ਕੱਟੇ ਜਾਣ ਦੇ ਮੁੱਦੇ 'ਤੇ ਮਤਾ ਪਾਸ ਕੀਤਾ ਗਿਆ। ਇਹ ਮਤਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ਦੀ ਕਾਰਵਾਈ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਹੀ ਧੱਕੇਸ਼ਾਹੀ ਵਿਰੁੱਧ ਆਵਾਜ਼ ਉਠਾਉਣ ਵਾਲਾ ਸੂਬਾ ਰਿਹਾ ਹੈ।

CM ਭਗਵੰਤ ਮਾਨ ਨੇ ਕਿਹਾ ਕਿ ਅੱਜ ਲੋਕਤੰਤਰ ਲਈ ਚਿੰਤਾ ਵਾਲੀ ਗੱਲ ਹੈ ਕਿ ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਪਰ ਹੁਣ ਸਰਕਾਰਾਂ ਇਹ ਤੈਅ ਕਰ ਰਹੀਆਂ ਹਨ ਕਿ ਕੌਣ ਵੋਟ ਪਾਵੇਗਾ ਅਤੇ ਕਿਸ ਦੀ ਵੋਟ ਕੱਟੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ 14 ਕਰੋੜ ਲੋਕਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ ਅਤੇ ਨਵੇਂ ਵੋਟਰਾਂ ਦੀਆਂ ਵੋਟਾਂ ਨਹੀਂ ਬਣ ਰਹੀਆਂ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੇ ਸਮੇਂ ਈਡੀ (ED) ਅਤੇ ਸੀਬੀਆਈ (CBI) ਵਿਰੋਧੀ ਧਿਰ ਦੇ ਆਗੂਆਂ ਦੇ ਘਰ ਪਹੁੰਚ ਜਾਂਦੀਆਂ ਹਨ ਅਤੇ ਹੁਣ ਇਹ ਏਜੰਸੀਆਂ ਉਨ੍ਹਾਂ ਦੇ ਘਰਾਂ ਤੱਕ ਵੀ ਪਹੁੰਚ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਦੇ ਚਾਰੇ ਥੰਮ੍ਹ ਤਾਨਾਸ਼ਾਹੀ ਦੀਆਂ ਜ਼ੰਜੀਰਾਂ ਵਿੱਚ ਜਕੜੇ ਹੋਏ ਹਨ। ਉਨ੍ਹਾਂ ਵੋਟਾਂ ਦੀ ਇਸ ਕਥਿਤ ਲੁੱਟ ਨੂੰ ਖ਼ਤਰਨਾਕ ਕਰਾਰ ਦਿੱਤਾ।

ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ

ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿੱਚ ਹੰਗਾਮਾ ਹੋ ਗਿਆ। ਕਾਲੇ ਕੱਪੜੇ ਗਲਾਂ ਵਿੱਚ ਪਾ ਕੇ ਪਹੁੰਚੇ ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਪਹਿਲਾਂ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕਰਵਾਈ ਜਾਵੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ 'ਤੇ ਗੱਲ ਕੀਤੀ ਜਾਵੇਗੀ, ਪਰ ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਨ ਕਾਲ ਸ਼ੁਰੂ ਕਰ ਦਿੱਤਾ। ਇਸ ਤੋਂ ਨਾਰਾਜ਼ ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਹਰਪਾਲ ਚੀਮਾ ਨੇ ਪਰਗਟ ਸਿੰਘ 'ਤੇ ਸਾਧਿਆ ਨਿਸ਼ਾਨਾ

ਹੰਗਾਮੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਪਣੀ ਸੀਟ ਤੋਂ ਖੜ੍ਹੇ ਹੋ ਗਏ ਅਤੇ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਪਰਗਟ ਸਿੰਘ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਚਿੱਟੇ ਦਾ ਨਸ਼ਾ ਫੈਲਾਉਣ ਵਾਲੀ ਪਾਰਟੀ ਦੇ ਮੈਂਬਰ ਰਹੇ ਹਨ। ਚੀਮਾ ਨੇ ਦੋਸ਼ ਲਾਇਆ ਕਿ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਣ ਦੇ ਬਾਵਜੂਦ ਇਸ ਸਬੰਧੀ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ।

ਸੁਖਪਾਲ ਸਿੰਘ ਖਹਿਰਾ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਕੀਤਾ ਮੁਅੱਤਲ

ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਖਹਿਰਾ ਨੇ ਸਦਨ ਦੀ ਮਰਿਆਦਾ ਭੰਗ ਕੀਤੀ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ।

ਇਸ ਦੇ ਜਵਾਬ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਦੇ ਚੁੱਕਣਾ ਗੁਨਾਹ ਹੈ ਤਾਂ ਵੀ ਉਹ ਇਨ੍ਹਾਂ ਮੁੱਦਿਆਂ ਨੂੰ ਚੁੱਕਦੇ ਰਹਿਣਗੇ। ਉਨ੍ਹਾਂ ਵਿੱਤ ਮੰਤਰੀ ਨੂੰ ਵਿਧਾਨ ਸਭਾ ਵਿੱਚ ਲਾਏ ਗਏ ਦੋਸ਼ ਸਾਬਤ ਕਰਨ ਜਾਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 27 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

© Copyright Galactic Television & Communications Pvt. Ltd. 2026. All rights reserved.