ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਵੱਡੀ ਕਾਰਵਾਈ! ਨਾਮੀ ਆਗੂ ਨੂੰ ਨੋਟਿਸ ਕੀਤਾ ਜਾਰੀ, ਮੰਗਿਆ ਜਵਾਬ
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪਾਰਟੀ ਅੰਦਰ ਅਨੁਸ਼ਾਸਨਹੀਣਤਾ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪਾਰਟੀ ਅੰਦਰ ਅਨੁਸ਼ਾਸਨਹੀਣਤਾ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਪਾਰਟੀ ਆਗੂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ 'ਤੇ ਕਾਂਗਰਸ ਭਵਨ ਵਿੱਚ ਇੱਕ ਹੋਰ ਆਗੂ ਨਾਲ ਬਦਸਲੂਕੀ ਅਤੇ ਗਾਲੀ-ਗਲੋਚ ਕਰਨ ਦੇ ਦੋਸ਼ ਲੱਗੇ ਹਨ।
ਰਣਜੀਤ ਸਿੰਘ ਤਰਖਾਣਮਾਜਰਾ ਨਾਲ ਤਕਰਾਰ ਦਾ ਮਾਮਲਾ
ਜਾਣਕਾਰੀ ਅਨੁਸਾਰ, ਇਹ ਮਾਮਲਾ ਪੰਜਾਬ ਕਾਂਗਰਸ ਦੇ ਆਗੂ ਰਣਜੀਤ ਸਿੰਘ ਤਰਖਾਣਮਾਜਰਾ ਨਾਲ ਕਥਿਤ ਤੌਰ 'ਤੇ ਹੋਈ ਬਦਸਲੂਕੀ ਨਾਲ ਸਬੰਧਤ ਹੈ। ਦੋਸ਼ ਹਨ ਕਿ ਕਾਂਗਰਸ ਭਵਨ ਵਿੱਚ ਦੋਵਾਂ ਆਗੂਆਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ, ਜੋ ਬਾਅਦ ਵਿੱਚ ਕਾਫ਼ੀ ਵਧ ਗਈ ਅਤੇ ਗੱਲ ਗਾਲੀ-ਗਲੋਚ ਤੱਕ ਪਹੁੰਚ ਗਈ।
ਇਸ ਘਟਨਾ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਮਾਹੌਲ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਬਰਿੰਦਰ ਸਿੰਘ ਢਿੱਲੋਂ ਤੋਂ ਜਵਾਬ ਮੰਗਿਆ ਗਿਆ ਹੈ। ਨੋਟਿਸ ਵਿੱਚ ਉਨ੍ਹਾਂ ਨੂੰ ਆਪਣੇ ਉੱਪਰ ਲੱਗੇ ਦੋਸ਼ਾਂ ਸਬੰਧੀ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ।
ਸੀਨੀਅਰ ਆਗੂ ਅਵਤਾਰ ਹੈਨਰੀ ਨੇ ਜਾਰੀ ਕੀਤਾ ਨੋਟਿਸ
ਮਿਲੀ ਜਾਣਕਾਰੀ ਮੁਤਾਬਕ, ਬਰਿੰਦਰ ਸਿੰਘ ਢਿੱਲੋਂ ਨੂੰ ਇਹ ਕਾਰਨ ਦੱਸੋ ਨੋਟਿਸ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਵਤਾਰ ਹੈਨਰੀ ਵੱਲੋਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਆਪਣਾ ਜਵਾਬ ਪੇਸ਼ ਕਰਨ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।
ਨੋਟਿਸ ਜਾਰੀ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਅੰਦਰੂਨੀ ਸਿਆਸੀ ਮਾਹੌਲ ਵਿੱਚ ਸਰਗਰਮੀ ਵਧ ਗਈ ਹੈ। ਇੱਕ ਪਾਸੇ ਦੋ ਆਗੂਆਂ ਵਿਚਾਲੇ ਹੋਈ ਕਥਿਤ ਤਕਰਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਪਾਰਟੀ ਲੀਡਰਸ਼ਿਪ ਵੱਲੋਂ ਅਨੁਸ਼ਾਸਨ ਬਣਾਈ ਰੱਖਣ ਲਈ ਜਵਾਬਦੇਹੀ ਤੈਅ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਫਿਲਹਾਲ ਬਰਿੰਦਰ ਸਿੰਘ ਢਿੱਲੋਂ ਵੱਲੋਂ ਨੋਟਿਸ ਦੇ ਜਵਾਬ ਵਿੱਚ ਕੀ ਪੱਖ ਰੱਖਿਆ ਜਾਂਦਾ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹੁਣ ਦੇਖਣਾ ਹੋਵੇਗਾ ਕਿ ਉਹ ਤਿੰਨ ਦਿਨਾਂ ਦੇ ਅੰਦਰ ਕੀ ਸਪੱਸ਼ਟੀਕਰਨ ਦਿੰਦੇ ਹਨ ਅਤੇ ਇਸ ਤੋਂ ਬਾਅਦ ਪਾਰਟੀ ਲੀਡਰਸ਼ਿਪ ਵੱਲੋਂ ਕੋਈ ਅਗਲੀ ਕਾਰਵਾਈ ਕੀਤੀ ਜਾਂਦੀ ਹੈ ਜਾਂ ਨਹੀਂ।