ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਸੁਸਤ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, ਅੱਜ ਕੁੱਝ ਥਾਵਾਂ ‘ਤੇ ਪੈ ਸਕਦਾ ਛਮ-ਛਮ ਮੀਂਹ
ਪੰਜਾਬ ਦੇ ਵਿੱਚ ਮੌਸਮ ਨੇ ਕੁੱਝ ਕਰਵਟ ਲੈ ਲਈ ਹੈ, ਜਿਸ ਕਰਕੇ ਸਵੇਰੇ-ਸ਼ਾਮ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨੂੰ ਠੰਡਾ-ਠੰਡਾ ਮਹਿਸੂਸ ਹੁੰਦਾ ਹੈ। ਉੱਧਰ ਮਾਨਸੂਨ ਦੀ ਰਫਤਾਰ ਸੁਸਤ ਹੋ ਗਈ। ਮੌਸਮ ਵਿਭਾਗ ਵੱਲੋਂ ਅੱਜ ਕੁੱਝ ਜ਼ਿਲ੍ਹਿਆਂ ਦੇ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਸੁਸਤ ਪੈ ਗਈ ਹੈ। ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ। ਮੀਂਹ ਘੱਟ ਹੋਣ ਕਰਕੇ ਗਰਮੀ ਅਤੇ ਹੁੰਮਸ ਵਧ ਸਕਦੀ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਪਠਾਨਕੋਟ ਨੂੰ ਛੱਡ ਕੇ ਪੰਜਾਬ ਦੇ ਕਿਸੇ ਵੀ ਹੋਰ ਜ਼ਿਲ੍ਹੇ ਵਿੱਚ ਮੀਂਹ ਦਰਜ ਨਹੀਂ ਕੀਤਾ ਗਿਆ, ਜਦਕਿ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ। ਪਠਾਨਕੋਟ ਵਿੱਚ 0.5 ਮਿਲੀਮੀਟਰ ਮੀਂਹ ਪਿਆ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਪਠਾਨਕੋਟ ਦੇ 31.2 ਡਿਗਰੀ ਤੋਂ ਲੈ ਕੇ ਬਠਿੰਡਾ ਦੇ 36.4 ਡਿਗਰੀ ਤੱਕ ਦਰਜ ਕੀਤਾ ਗਿਆ।
ਪੰਜਾਬ ਅਤੇ ਚੰਡੀਗੜ੍ਹ ਦੇ ਆਸ-ਪਾਸ ਇਸ ਸਮੇਂ ਦੋ ਵੈਸਟਰਨ ਡਿਸਟਰਬੈਂਸ ਸਰਗਰਮ ਹਨ। ਇਹਨਾਂ ਵਿੱਚੋਂ ਇੱਕ ਕਸ਼ਮੀਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿੱਚ ਬਣੀ ਹੋਈ ਹੈ, ਜਦਕਿ ਦੂਜੀ ਉੱਚਾਈ ਵਾਲੇ ਪੱਧਰ 'ਤੇ ਸਰਗਰਮ ਹੈ। ਇਸ ਦੇ ਨਾਲ ਹੀ ਮਾਨਸੂਨ ਟ੍ਰਫ ਵੀ ਉੱਤਰੀ ਭਾਰਤ ਤੋਂ ਹੋ ਕੇ ਲੰਘ ਰਹੀ ਹੈ। ਇਹਨਾਂ ਮੌਸਮੀ ਪ੍ਰਣਾਲੀਆਂ ਦੇ ਅਸਰ ਨਾਲ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
ਆਉਣ ਵਾਲੇ ਤਿੰਨ ਦਿਨਾਂ ਵਿੱਚ ਮੌਸਮ ਅਜਿਹਾ ਰਹੇਗਾ:
9 ਸਤੰਬਰ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
10 ਸਤੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
11 ਸਤੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਹਨ।