ਸੂਬੇ ਦੇ 8 ਜ਼ਿਲ੍ਹਿਆਂ ‘ਚ ਗਰਮੀ ਅਤੇ ਹੁੰਮਸ ਭਰੇ ਮੌਸਮ ਲਈ 'ਯੈਲੋ ਅਲਰਟ' ਜਾਰੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ!
ਪੰਜਾਬ ਵਿੱਚ ਮਾਨਸੂਨ ਫਿਲਹਾਲ ਸੁਸਤ ਪਿਆ ਹੈ, ਜਿਸ ਕਾਰਨ ਗਰਮੀ ਅਤੇ ਹੁੰਮਸ ਵਿੱਚ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਗਰਮ ਤੇ ਹੁੰਮਸ ਭਰੇ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਜਦਕਿ 16 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 19 ਜੁਲਾਈ ਤੋਂ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋਣ ਅਤੇ ਜ਼ਿਆਦਾਤਰ ਇਲਾਕਿਆਂ ਵਿੱਚ ਬਾਰਿਸ਼ ਦੇ ਆਸਾਰ ਹਨ। ਇਸ ਦੌਰਾਨ 40-50 ਕਿਮੀ/ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਜਿਨ੍ਹਾਂ ਦੇ ਬੁੱਲੇ 60 ਕਿਮੀ/ਘੰਟਾ ਤੱਕ ਪਹੁੰਚ ਸਕਦੇ ਹਨ, ਚੱਲਣ ਦੀ ਸੰਭਾਵਨਾ ਹੈ। ਗਰਮੀ ਕਾਰਨ ਬਿਜਲੀ ਦੀ ਮੰਗ ਵੀ ਵਧ ਗਈ ਹੈ, ਜਦਕਿ ਭਾਖੜਾ ਅਤੇ ਪੌਂਗ ਡੈਮਾਂ ਦੇ ਜਲ ਪੱਧਰ ਹਾਲੇ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹਨ।
ਪੰਜਾਬ ਵਿੱਚ ਇਸ ਸਮੇਂ ਮਾਨਸੂਨ ਦੀ ਰਫ਼ਤਾਰ ਸੁਸਤ ਪੈ ਗਈ ਹੈ, ਜਿਸ ਕਾਰਨ ਮੀਂਹ ਰੁਕਣ ਨਾਲ ਗਰਮੀ ਅਤੇ ਹੁੰਮਸ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ਕਾਰਨ ਲੋਕਾਂ ਦਾ ਦਿਨ ਵੇਲੇ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਗਰਮ ਅਤੇ ਹੁੰਮਸ ਭਰੇ ਮੌਸਮ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ, ਜਦਕਿ 16 ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੌਸਮ ਗਰਮ ਅਤੇ ਹੁੰਮਸ ਭਰਿਆ ਰਹੇਗਾ। ਦੂਜੇ ਪਾਸੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਸਮੇਤ ਕੁਝ ਹੋਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਉੱਪਰ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਸੁਰਿੰਦਰ ਪਾਲ ਅਨੁਸਾਰ, ਮਾਨਸੂਨ ਦੀ ਸਰਗਰਮ ਰੇਖਾ ਫਿਲਹਾਲ ਉੱਤਰ ਭਾਰਤ ਤੋਂ ਬੰਗਾਲ ਦੀ ਖਾੜੀ ਤੱਕ ਬਣੀ ਹੋਈ ਹੈ, ਜਿਸ ਕਾਰਨ ਪੰਜਾਬ ਵਿੱਚ ਨਮੀ ਬਣੀ ਰਹੇਗੀ। ਹਾਲਾਂਕਿ, ਮਾਨਸੂਨ ਨੂੰ ਸਰਗਰਮ ਕਰਨ ਵਾਲੇ ਜ਼ਰੂਰੀ 'ਟ੍ਰਿਗਰਿੰਗ ਮਕੈਨਿਜ਼ਮ', ਜਿਵੇਂ ਕਿ ਮਾਨਸੂਨ ਟਰਫ ਦਾ ਦੱਖਣ ਵੱਲ ਖਿਸਕਣਾ ਜਾਂ ਚੱਕਰਵਾਤੀ ਹਵਾਵਾਂ ਦਾ ਘੇਰਾ, ਇਸ ਸਮੇਂ ਮੌਜੂਦ ਨਹੀਂ ਹਨ।
60 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਉਨ੍ਹਾਂ ਦੱਸਿਆ ਕਿ ਉੱਤਰੀ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਨੇੜੇ ਇੱਕ ਪੱਛਮੀ ਗੜਬੜੀ (Western Disturbance) ਸਰਗਰਮ ਹੈ, ਜਦਕਿ 19 ਜੁਲਾਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ। ਇਸ ਦੇ ਪ੍ਰਭਾਵ ਨਾਲ ਪੰਜਾਬ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਦੁਬਾਰਾ ਤੇਜ਼ ਹੋਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਰਾਜ ਦੇ ਕੁਝ ਸਥਾਨਾਂ 'ਤੇ ਗਰਜ-ਚਮਕ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ, ਹਵਾ ਦੇ ਬੁੱਲੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਤੱਕ ਵੀ ਪਹੁੰਚ ਸਕਦੇ ਹਨ।
ਡੈਮਾਂ ਦੀ ਕੀ ਹੈ ਸਥਿਤੀ
ਬੀ.ਬੀ.ਐਮ.ਬੀ. (BBMB) ਦੇ ਤਾਜ਼ਾ ਅੰਕੜਿਆਂ ਅਨੁਸਾਰ, ਭਾਖੜਾ ਡੈਮ ਦਾ ਜਲ ਪੱਧਰ 1582.13 ਫੁੱਟ ਦਰਜ ਕੀਤਾ ਗਿਆ ਹੈ, ਜੋ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ (ਡੈਂਜਰ ਲੈਵਲ) ਤੋਂ 97.87 ਫੁੱਟ ਹੇਠਾਂ ਹੈ। ਇਸੇ ਤਰ੍ਹਾਂ ਪੌਂਗ ਡੈਮ ਦਾ ਜਲ ਪੱਧਰ 1322.54 ਫੁੱਟ ਹੈ, ਜੋ ਕਿ 1390 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ 67.46 ਫੁੱਟ ਘੱਟ ਹੈ।
ਭਾਖੜਾ ਡੈਮ ਵਿੱਚ 33,701 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ, ਜਦੋਂ ਕਿ 26,409 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਦੂਜੇ ਪਾਸੇ, ਪੌਂਗ ਡੈਮ ਵਿੱਚ 14,841 ਕਿਊਸਿਕ ਪਾਣੀ ਦਰਜ ਕੀਤਾ ਗਿਆ ਹੈ, ਜਦੋਂ ਕਿ 18,487 ਕਿਊਸਿਕ ਪਾਣੀ ਬਾਹਰ ਕੱਢਿਆ ਜਾ ਰਿਹਾ ਹੈ।
ਹੁੰਮਸ ਕਰਕੇ ਵਧੀ ਗਰਮੀ ਦੀ ਮੰਗ
ਗਰਮੀ ਅਤੇ ਹੁੰਮਸ ਵਧਣ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਵੱਧ ਗਈ ਹੈ। ਫਿਲਹਾਲ ਪੰਜਾਬ ਵਿੱਚ ਬਿਜਲੀ ਦੀ ਮੰਗ 15,388 ਮੈਗਾਵਾਟ ਹੈ, ਜਦੋਂ ਕਿ ਸੂਬੇ ਵਿੱਚ 6,036 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਮੰਗ ਅਤੇ ਉਤਪਾਦਨ ਵਿਚਕਾਰਲੇ ਪਾੜੇ ਨੂੰ ਪੂਰਾ ਕਰਨ ਲਈ ਪੰਜਾਬ ਨੇ ਗਰਿੱਡ ਤੋਂ 9,349 ਮੈਗਾਵਾਟ ਬਿਜਲੀ ਲਈ ਹੈ, ਜੋ ਕਿ ਇਸ ਦੇ ਨਿਰਧਾਰਤ ਹਿੱਸੇ ਨਾਲੋਂ 269 ਮੈਗਾਵਾਟ ਵੱਧ ਹੈ। ਉੱਥੇ ਹੀ, ਗਰਿੱਡ ਦੀ ਫ੍ਰੀਕੁਐਂਸੀ 49.97 ਹਰਟਜ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਸੰਚਾਲਨ ਸਥਿਤੀ ਦਾ ਸੰਕੇਤ ਹੈ।
ਜਾਣੋ ਕਿਵੇਂ ਦਾ ਰਹੇਗਾ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਦਾ ਮੌਸਮ
17 ਜੁਲਾਈ: ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਇੱਕ-ਦੋ ਸਥਾਨਾਂ 'ਤੇ ਗਰਮ ਅਤੇ ਹੁੰਮਸ ਭਰਿਆ ਮੌਸਮ ਰਹਿਣ ਦੀ ਸੰਭਾਵਨਾ ਹੈ, ਜਦਕਿ ਬਾਕੀ 16 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
18 ਜੁਲਾਈ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਸਮੇਤ ਕੁੱਲ 15 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
19 ਜੁਲਾਈ: ਪੂਰੇ ਪੰਜਾਬ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਜ਼ਿਆਦਾਤਰ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਅਨੁਮਾਨ ਹੈ।