ਪੰਜਾਬ ‘ਚ 2 ਦਿਨ ਭਾਰੀ ਮੀਂਹ ਦਾ ਅਲਰਟ; ਅੰਮ੍ਰਿਤਸਰ ‘ਚ ਸਭ ਤੋਂ ਵੱਧ ਬਾਰਿਸ਼; IMD ਨੇ ਗਰਜ-ਚਮਕ ਸਣੇ ਤੇਜ਼ ਮੀਂਹ ਦੀ ਭਵਿੱਖਬਾਣੀ…

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ ਅਤੇ 17-18 ਅਗਸਤ ਨੂੰ ਕਈ ਥਾਵਾਂ ‘ਤੇ ਭਾਰੀ ਮੀਂਹ, ਗਰਜ-ਚਮਕ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ 40.1 ਮਿਲੀਮੀਟਰ ਮੀਂਹ ਦਰਜ ਹੋਇਆ। ਚੰਡੀਗੜ੍ਹ ਵਿੱਚ 34 ਡਿਗਰੀ ਤੱਕ ਤਾਪਮਾਨ ਰਹੇਗਾ। 19 ਤੋਂ 22 ਅਗਸਤ ਤੱਕ ਮੀਂਹ ਦੀਆਂ ਗਤੀਵਿਧੀਆਂ ਘੱਟ ਹੋਣ ਦੀ ਉਮੀਦ ਹੈ।

By:  Lajwinder Kaur August 17th 2026 09:57 AM -- Updated: August 17th 2026 10:04 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਤੜਕ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ 17 ਅਤੇ 18 ਅਗਸਤ ਨੂੰ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਖਾਸ ਥਾਵਾਂ 'ਤੇ ਤੇਜ਼ ਮੀਂਹ, ਗਰਜ-ਚਮਕ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲਿਆ ਹੈ ਅਤੇ ਤਾਪਮਾਨ ਆਮ ਨਾਲੋਂ ਲਗਭਗ 1.7 ਡਿਗਰੀ ਸੈਲਸੀਅਸ ਉੱਪਰ ਰਿਹਾ।

ਮੌਸਮ ਵਿਭਾਗ ਮੁਤਾਬਕ 19 ਤੋਂ 22 ਅਗਸਤ ਦੇ ਵਿਚਕਾਰ ਮੀਂਹ ਪੈਣ ਦੀਆਂ ਸਰਗਰਮੀਆਂ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਕੁਝ ਕੁ ਇਲਾਕਿਆਂ ਵਿੱਚ ਹੀ ਮੀਂਹ ਦੇ ਛਿੱਟੇ ਪੈ ਸਕਦੇ ਹਨ। ਹਾਲਾਂਕਿ, ਇਸ ਦੌਰਾਨ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਅੰਮ੍ਰਿਤਸਰ ਵਿੱਚ 40.1 ਮਿਲੀਮੀਟਰ ਮੀਂਹ

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋਈ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 40.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 14 ਮਿਲੀਮੀਟਰ, ਰੂਪਨਗਰ ਵਿੱਚ 13 ਮਿਲੀਮੀਟਰ, ਪਠਾਨਕੋਟ ਵਿੱਚ 4 ਮਿਲੀਮੀਟਰ, ਪਟਿਆਲਾ ਵਿੱਚ 3.4 ਮਿਲੀਮੀਟਰ, ਲੁਧਿਆਣਾ ਵਿੱਚ 2.8 ਮਿਲੀਮੀਟਰ ਅਤੇ ਮੋਹਾਲੀ ਵਿੱਚ 2 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ ਵਿੱਚ ਮੀਂਹ ਮਾਮੂਲੀ ਮਾਤਰਾ ਵਿੱਚ ਦਰਜ ਕੀਤਾ ਗਿਆ।

ਚੰਡੀਗੜ੍ਹ ਵਿੱਚ ਤਾਪਮਾਨ 34 ਡਿਗਰੀ ਤੱਕ ਰਹੇਗਾ

ਚੰਡੀਗੜ੍ਹ ਵਿੱਚ ਆਉਣ ਵਾਲੇ ਕੁਝ ਦਿਨਾਂ ਦੌਰਾਨ ਮੌਸਮ ਮੁੱਖ ਤੌਰ 'ਤੇ ਬੱਦਲਾਂ ਨਾਲ ਘਿਰਿਆ ਰਹਿਣ ਦੀ ਸੰਭਾਵਨਾ ਹੈ। 17 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ ਲਗਭਗ 34 ਡਿਗਰੀ ਅਤੇ ਘੱਟੋ-ਘੱਟ 25 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 18 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 32 ਅਤੇ ਘੱਟੋ-ਘੱਟ 24 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

ਇਸ ਤੋਂ ਬਾਅਦ ਵੀ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਮੀਂਹ ਦੇ ਨਾਲ-ਨਾਲ ਗਰਜ-ਚਮਕ ਵੀ ਹੋ ਸਕਦੀ ਹੈ। ਮੋਹਾਲੀ ਵਿੱਚ ਵੀ ਮੌਸਮ ਦਾ ਮਿਜਾਜ਼ ਇਸੇ ਤਰ੍ਹਾਂ ਦਾ ਰਹਿਣ ਦੀ ਸੰਭਾਵਨਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਬਠਿੰਡਾ ਸਭ ਤੋਂ ਗਰਮ, ਅੰਮ੍ਰਿਤਸਰ ਵਿੱਚ ਰਾਤ ਸਭ ਤੋਂ ਠੰਢਾ

ਪੰਜਾਬ ਵਿੱਚ ਐਤਵਾਰ ਨੂੰ ਬਠਿੰਡਾ ਸਭ ਤੋਂ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰੂਪਨਗਰ ਵਿੱਚ 36.3, ਪਟਿਆਲਾ ਅਤੇ ਫਿਰੋਜ਼ਪੁਰ ਵਿੱਚ 36.1, ਜਦੋਂ ਕਿ ਫ਼ਰੀਦਕੋਟ ਵਿੱਚ 36 ਡਿਗਰੀ ਸੈਲਸੀਅਸ ਤਾਪਮਾਨ ਰਿਹਾ।

ਰਾਤ ਦੇ ਤਾਪਮਾਨ ਵਿੱਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 22.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਲੰਧਰ ਵਿੱਚ ਵੱਧ ਤੋਂ ਵੱਧ 32.9 ਅਤੇ ਘੱਟੋ-ਘੱਟ 24.8 ਡਿਗਰੀ, ਚੰਡੀਗੜ੍ਹ ਵਿੱਚ 36.2 ਅਤੇ 25.6 ਡਿਗਰੀ, ਜਦੋਂ ਕਿ ਮੋਹਾਲੀ ਵਿੱਚ 34.9 ਅਤੇ 26.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ।

ਪੰਜਾਬ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦਾ ਹਾਲ

ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਇਸ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ: 17 ਅਗਸਤ ਨੂੰ ਸੂਬੇ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਈ ਥਾਵਾਂ 'ਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, 18 ਅਗਸਤ ਨੂੰ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਰਹੇਗਾ। ਹਾਲਾਂਕਿ, 19 ਤੋਂ 22 ਅਗਸਤ ਤੱਕ ਮੌਸਮ ਵਿੱਚ ਬਦਲਾਅ ਆਵੇਗਾ, ਜਿਸ ਦੌਰਾਨ ਕੁਝ ਕੁ ਸਥਾਨਾਂ 'ਤੇ ਹੀ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਇਸ ਸਮੇਂ ਦੌਰਾਨ ਕੋਈ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.