Punjab Weather: ਪੰਜਾਬ 'ਚ ਫਿਰ ਮੁੜੀ ਠੰਢ, ਤੇਜ਼ ਹਵਾਵਾਂ ਤੇ ਗੜੇਮਾਰੀ ਨੇ ਵਧਾਈ ਕੰਬਣੀ, 19 ਮਾਰਚ ਤੋਂ ਫਿਰ ਬਦਲੇਗਾ ਮੌਸਮ

By:  Lajwinder Kaur March 17th 2026 09:49 AM -- Updated: March 17th 2026 09:55 AM

ਪੰਜਾਬ ਵਿੱਚ ਠੰਢ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਸੋਮਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਗੜੇਮਾਰੀ ਹੋਈ। ਇਸ ਅਚਾਨਕ ਆਈ ਤਬਦੀਲੀ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਇੱਕ ਵਾਰ ਫਿਰ ਕੰਬਣੀ ਦਾ ਅਹਿਸਾਸ ਹੋਣ ਲੱਗਾ ਹੈ। ਮੌਸਮ ਵਿਭਾਗ ਅਨੁਸਾਰ, ਤਾਪਮਾਨ ਡਿੱਗਣ ਦਾ ਇਹ ਸਿਲਸਿਲਾ ਸੋਮਵਾਰ ਨੂੰ ਵੀ ਲਗਾਤਾਰ ਜਾਰੀ ਰਿਹਾ, ਜਿਸ ਨੇ ਮਾਰਚ ਦੇ ਮਹੀਨੇ ਵਿੱਚ ਦੋਬਾਰਾ ਸਿਆਲ ਵਰਗਾ ਮਾਹੌਲ ਬਣਾ ਦਿੱਤਾ ਹੈ।

ਅਚਾਨਕ ਬਦਲੇ ਇਸ ਮੌਸਮ ਕਰਕੇ ਕਿਸਾਨਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਤੇਜ਼ ਹਵਾਵਾਂ ਕਰਕੇ ਜ਼ਿਆਦਾਤਰ ਖੇਤਾਂ ਦੇ ਵਿੱਚ ਕਣਕ ਦੀ ਫਸਲ ਵਿਛ ਗਈ ਹੈ। ਇਸ ਲਈ ਕਣਕ ਦੇ ਕਾਲੇ ਹੋਣ ਦਾ ਖਤਰਾ ਪੈਂਦਾ ਹੋ ਗਿਆ ਹੈ।

ਤਾਪਮਾਨ ਵਿੱਚ ਗਿਰਾਵਟ ਅਤੇ ਮੌਸਮ ਵਿਭਾਗ ਦੀ ਚੇਤਾਵਨੀ

ਪੰਜਾਬ ਵਿੱਚ ਪਾਰੇ ਦਾ ਡਿੱਗਣਾ ਲਗਾਤਾਰ ਜਾਰੀ ਹੈ, ਜਿਸ ਕਾਰਨ ਤਾਪਮਾਨ ਵਿੱਚ 1.4 ਡਿਗਰੀ ਦੀ ਹੋਰ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਤਾਪਮਾਨ ਆਮ ਨਾਲੋਂ 3.7 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ। ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 2.6 ਡਿਗਰੀ ਦੀ ਕਮੀ ਆਈ ਹੈ, ਜੋ ਫਿਲਹਾਲ ਆਮ ਦੇ ਨੇੜੇ ਬਣਿਆ ਹੋਇਆ ਹੈ।

ਮੌਸਮ ਵਿਭਾਗ ਅਨੁਸਾਰ, ਸੋਮਵਾਰ ਰਾਤ ਤੋਂ ਇੱਕ ਨਵਾਂ ਵੈਸਟਨ ਡਿਸਟਰਬਨ (Western Disturbance) ਸਰਗਰਮ ਹੋ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਮੰਗਲਵਾਰ ਅਤੇ ਬੁੱਧਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ 19 ਅਤੇ 20 ਮਾਰਚ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈਣ ਦੀ ਉਮੀਦ ਹੈ।

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਪ੍ਰਮੁੱਖ ਹਿੱਸਿਆਂ ਵਿੱਚ ਖ਼ਰਾਬ ਮੌਸਮ ਨੂੰ ਦੇਖਦੇ ਹੋਏ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਤਹਿਗੜ੍ਹ ਸਾਹਿਬ, ਕਪੂਰਥਲਾ, ਜਲੰਧਰ, ਮਾਲੇਰਕੋਟਲਾ, ਲੁਧਿਆਣਾ, ਸੰਗਰੂਰ, ਪਟਿਆਲਾ, ਐਸ.ਏ.ਐਸ. ਨਗਰ (ਮੋਹਾਲੀ), ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਵਿਸ਼ੇਸ਼ ਤੌਰ 'ਤੇ ਅਲਰਟ ਜਾਰੀ ਕੀਤਾ ਹੈ। ਇਹਨਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਤਾਪਮਾਨ ਦੀ ਸਥਿਤੀ

ਸੋਮਵਾਰ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 26.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰਨਾਂ ਸ਼ਹਿਰਾਂ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 21.0 ਡਿਗਰੀ, ਲੁਧਿਆਣਾ ਵਿੱਚ 21.6 ਡਿਗਰੀ, ਪਟਿਆਲਾ ਵਿੱਚ 26.0 ਡਿਗਰੀ, ਪਠਾਨਕੋਟ ਵਿੱਚ 22.7 ਡਿਗਰੀ, ਬਠਿੰਡਾ ਵਿੱਚ 25.2 ਡਿਗਰੀ, ਫਾਜ਼ਿਲਕਾ ਵਿੱਚ 24.9 ਡਿਗਰੀ, ਫਿਰੋਜ਼ਪੁਰ ਵਿੱਚ 21.7 ਡਿਗਰੀ, ਹੁਸ਼ਿਆਰਪੁਰ ਵਿੱਚ 17.2 ਡਿਗਰੀ ਅਤੇ ਰੂਪਨਗਰ ਵਿੱਚ 21.0 ਡਿਗਰੀ ਰਿਹਾ।

ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 10 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ 12.4 ਡਿਗਰੀ, ਲੁਧਿਆਣਾ ਵਿੱਚ 11.5 ਡਿਗਰੀ, ਪਟਿਆਲਾ ਵਿੱਚ 13.3 ਡਿਗਰੀ, ਪਠਾਨਕੋਟ ਵਿੱਚ 11.9 ਡਿਗਰੀ ਅਤੇ ਬਠਿੰਡਾ ਵਿੱਚ 12.5 ਡਿਗਰੀ ਨਿਊਨਤਮ ਤਾਪਮਾਨ ਰਿਹਾ।


© Copyright Galactic Television & Communications Pvt. Ltd. 2026. All rights reserved.