ਪਹਾੜਾਂ 'ਚ ਬਾਰਿਸ਼ ਨੇ ਬਦਲਿਆ ਪੰਜਾਬ ਦਾ ਮੌਸਮ, ਚੱਲ ਰਹੀਆਂ ਠੰਡੀਆਂ ਹਵਾਵਾਂ, ਭਲਕੇ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ

By:  Lajwinder Kaur May 1st 2026 09:10 AM -- Updated: May 1st 2026 09:19 AM

30 ਅਪ੍ਰੈਲ ਦੀ ਸ਼ਾਮ ਨੂੰ ਮੌਸਮ ਨੇ ਕਰਵਟ ਲਈ ਅਤੇ ਕਈ ਥਾਵਾਂ ਉੱਤੇ ਮੀਂਹ ਪਿਆ। ਉੱਧਰ ਪਹਾੜਾਂ ਵਿੱਚ ਹੋਈ ਬਾਰਿਸ਼ ਅਤੇ ਗੜੇਮਾਰੀ ਕਾਰਨ ਪੰਜਾਬ ਦੇ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਸੂਬੇ ਵਿੱਚ ਅੱਜ ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ, ਪਰ ਫਿਰ ਵੀ ਇਹ ਆਮ ਨਾਲੋਂ 2.5 ਡਿਗਰੀ ਘੱਟ ਰਿਹਾ। ਬਠਿੰਡਾ 39.3 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਇਲਾਕਾ ਦਰਜ ਕੀਤਾ ਗਿਆ। ਹਾਲਾਂਕਿ ਅੱਜ ਯਾਨੀਕਿ 1 ਮਈ ਲਈ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਭਲਕੇ 2 ਮਈ ਤੋਂ 6 ਮਈ ਤੱਕ ਸੂਬੇ ਵਿੱਚ ਤੇਜ਼ ਹਵਾਵਾਂ ਅਤੇ ਬਾਰਿਸ਼ ਦੀ ਸੰਭਾਵਨਾ ਹੈ, ਜਿਸ ਲਈ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।

ਸੂਬੇ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੱਧ ਹਿੱਸਿਆਂ ਵਿੱਚ ਇਹ 36 ਤੋਂ 38 ਡਿਗਰੀ ਅਤੇ ਦੱਖਣ-ਪੱਛਮੀ ਤੇ ਦੱਖਣੀ ਹਿੱਸਿਆਂ ਵਿੱਚ 38 ਤੋਂ 40 ਡਿਗਰੀ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਹੀ ਰਹਿਣ ਦੀ ਉਮੀਦ ਹੈ।

ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ

ਮੌਸਮ ਵਿਭਾਗ ਅਨੁਸਾਰ 2 ਮਈ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਪੱਛਮੀ ਹਿਮਾਲਿਆ ਖੇਤਰ ਨੂੰ ਪ੍ਰਭਾਵਿਤ ਕਰ ਸਕਦਾ ਹੈ। ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਲੂ (ਹੀਟ ਵੇਵ) ਦਾ ਅਸਰ ਖ਼ਤਮ ਹੋ ਗਿਆ ਹੈ। ਇਸ ਦੌਰਾਨ ਲੁਧਿਆਣਾ ਅਤੇ ਪਠਾਨਕੋਟ ਵਿੱਚ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਵਿੱਚੋਂ ਪਠਾਨਕੋਟ ਵਿੱਚ 3.8 ਐਮ.ਐਲ. ਮੀਂਹ ਪਿਆ ਹੈ।

ਤਾਪਮਾਨ 'ਚ ਆਈ ਕੁੱਝ ਕਮੀ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਪਾਰਾ 35 ਤੋਂ 40 ਡਿਗਰੀ ਦੇ ਵਿਚਕਾਰ ਰਿਹਾ ਅਤੇ ਛੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ। ਚੰਡੀਗੜ੍ਹ (ਸਿਟੀ) ਵਿੱਚ 2.7 ਡਿਗਰੀ ਦੇ ਵਾਧੇ ਨਾਲ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 1.1 ਡਿਗਰੀ ਦੀ ਕਮੀ ਆਉਣ ਨਾਲ ਤਾਪਮਾਨ 33.0 ਡਿਗਰੀ ਰਿਹਾ। ਉੱਥੇ ਹੀ ਲੁਧਿਆਣਾ ਵਿੱਚ 1.6 ਡਿਗਰੀ ਦੇ ਵਾਧੇ ਨਾਲ ਪਾਰਾ 35.6 ਡਿਗਰੀ ਅਤੇ ਪਟਿਆਲਾ ਵਿੱਚ 1.6 ਡਿਗਰੀ ਦੇ ਵਾਧੇ ਨਾਲ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।

ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, 2 ਅਤੇ 3 ਮਈ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਮੀਂਹ ਜਾਰੀ ਰਹਿ ਸਕਦਾ ਹੈ। ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਉਮੀਦ ਹੈ। ਇਸ ਤੋਂ ਇਲਾਵਾ, 3 ਤੋਂ 6 ਮਈ ਦੇ ਵਿਚਕਾਰ ਸੂਬੇ ਵਿੱਚ ਕਈ ਥਾਵਾਂ 'ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.