ਜਲੰਧਰ 'ਚ ਬਦਲਿਆ ਮੌਸਮ: ਪੰਜਾਬ ਦੇ ਕਈ ਇਲਾਕਿਆਂ 'ਚ 50 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਮੀਂਹ ਤੇ ਤੂਫਾਨ ਦੀ ਚੇਤਾਵਨੀ

By:  Lajwinder Kaur June 19th 2026 09:53 AM -- Updated: June 19th 2026 10:11 AM

ਪੰਜਾਬ ਦੇ ਜਲੰਧਰ ਵਿੱਚ ਅੱਜ ਸਵੇਰੇ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਨੇ ਅੱਜ (19 ਜੂਨ) ਪੰਜਾਬ ਦੇ 8 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿੱਥੇ ਮੀਂਹ, ਹਨ੍ਹੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਬੀਤੇ ਦਿਨ ਵੀ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਤੇਜ਼ ਹਨ੍ਹੇਰੀ ਦਾ ਪ੍ਰਕੋਪ ਦੇਖਣ ਨੂੰ ਮਿਲਿਆ। ਮੋਹਾਲੀ ਦੇ ਵਿੱਚ ਦੁਪਹਿਰ ਸਮੇਂ ਹਲਕੀ-ਫੁਲਕੀ ਬਾਰਿਸ਼ ਵੀ ਦੇਖਣ ਨੂੰ ਮਿਲੀ। 

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਵੀ ਆਸਾਰ ਹਨ।

ਦੂਜੇ ਪਾਸੇ, ਚੰਡੀਗੜ੍ਹ ਵਿੱਚ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਬੁੱਧਵਾਰ ਦੇ ਮੁਕਾਬਲੇ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਇਹ ਹੁਣ ਆਮ ਤਾਪਮਾਨ ਦੇ ਕਰੀਬ ਪਹੁੰਚ ਗਿਆ ਹੈ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਦਾ ਤਾਪਮਾਨ 39.2 ਡਿਗਰੀ ਰਿਹਾ। ਮੌਸਮ ਵਿਭਾਗ ਮੁਤਾਬਕ 22 ਜੂਨ ਤੱਕ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਗਰਮੀ ਵਧਣ ਦੇ ਨਾਲ ਹੀ ਬਿਜਲੀ ਦੀ ਮੰਗ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਸ਼ਾਮ ਦੇ ਸਮੇਂ ਬਿਜਲੀ ਦੀ ਮੰਗ 13,290 ਮੈਗਾਵਾਟ ਤੱਕ ਪਹੁੰਚ ਗਈ ਸੀ। ਇਹ ਮੰਗ ਰਾਤ ਪੌਣੇ ਅੱਠ ਵਜੇ ਦਰਜ ਕੀਤੀ ਗਈ, ਜਿਸ ਤੋਂ ਬਾਅਦ ਇਸ ਵਿੱਚ ਕੁਝ ਕਮੀ ਆਉਣੀ ਸ਼ੁਰੂ ਹੋ ਗਈ। ਵਰਤਮਾਨ ਵਿੱਚ, ਰਾਜ ਆਪਣੇ ਬਿਜਲੀ ਘਰਾਂ ਰਾਹੀਂ 4,358 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ, ਜਦੋਂ ਕਿ ਲੋੜ ਪੂਰੀ ਕਰਨ ਲਈ ਕੇਂਦਰ ਤੋਂ ਕਰੀਬ 8,800 ਮੈਗਾਵਾਟ ਬਿਜਲੀ ਖਰੀਦੀ ਜਾ ਰਹੀ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੱਛਮੀ ਗੜਬੜੀ (Western Disturbance) ਅਤੇ ਦੱਖਣੀ ਪੰਜਾਬ ਦੇ ਉੱਪਰ ਬਣੇ ਚੱਕਰਵਾਤੀ ਸਿਸਟਮ ਕਾਰਨ ਪੰਜਾਬ ਵਿੱਚ ਮੌਸਮ ਸਰਗਰਮ ਬਣਿਆ ਹੋਇਆ ਹੈ। 22 ਜੂਨ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਅਗਲੇ ਤਿੰਨ ਦਿਨਾਂ ਦਾ ਮੌਸਮ:

20 ਜੂਨ: ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ, ਹਨ੍ਹੇਰੀ ਅਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

21 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਹਨ੍ਹੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

22 ਜੂਨ: ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਅਤੇ ਹਨ੍ਹੇਰੀ ਦੇ ਆਸਾਰ ਹਨ।

Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.