ਪੰਜਾਬ ਦੇ 11 ਜ਼ਿਲ੍ਹਿਆਂ 'ਚ ਅਲਰਟ: ਰਾਤ ਨੂੰ ਜਲੰਧਰ-ਪਠਾਨਕੋਟ 'ਚ ਭਾਰੀ ਮੀਂਹ; ਲੈਂਡਸਲਾਈਡ ਤੋਂ ਬਾਅਦ ਕੁੱਲੂ ‘ਚ ਸਕੂਲ ਬੰਦ

ਪੰਜਾਬ ਅਤੇ ਹਿਮਾਚਲ ਵਿੱਚ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਪਠਾਨਕੋਟ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪਿਆ, ਜਦਕਿ ਪੰਜਾਬ ਦੇ 11 ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਕੁੱਲੂ ਵਿੱਚ ਲੈਂਡਸਲਾਈਡ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ ਅਤੇ ਆਨੀ, ਬੰਜਾਰ ਤੇ ਨੀਰਮੰਡ ਦੇ ਸਕੂਲਾਂ ਵਿੱਚ ਅੱਜ ਛੁੱਟੀ ਐਲਾਨੀ ਗਈ ਹੈ। ਕਾਂਗੜਾ ਅਤੇ ਮੰਡੀ ਵਿੱਚ ਵੀ ਔਰੇਂਜ ਅਲਰਟ ਹੈ।

By:  Lajwinder Kaur July 22nd 2026 09:43 AM -- Updated: July 22nd 2026 09:59 AM

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਤਾਪਮਾਨ ਆਮ ਨਾਲੋਂ 2.6 ਡਿਗਰੀ ਹੇਠਾਂ ਪਹੁੰਚ ਗਿਆ ਹੈ। ਪਠਾਨਕੋਟ ਵਿੱਚ ਰਾਤ ਤੋਂ ਅਤੇ ਚੰਡੀਗੜ੍ਹ ਵਿੱਚ ਸਵੇਰੇ 6 ਵਜੇ ਤੋਂ ਭਾਰੀ ਮੀਂਹ ਪਿਆ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ 22 ਜੁਲਾਈ ਨੂੰ ਪੰਜਾਬ ਵਿੱਚ ਵੀ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਰਾਜ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 35.6 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ, ਜਿਸ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ ਹੈ।

11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਅੱਜ ਪੰਜਾਬ ਦੇ ਕੁੱਲ 20 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ ਅਤੇ ਮੋਹਾਲੀ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ, ਜਦੋਂ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਉਧਰ, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਰਾਤ 12 ਵਜੇ ਤੋਂ ਭਾਰੀ ਮੀਂਹ ਪੈ ਰਿਹਾ ਹੈ। ਕੁੱਲੂ ਜ਼ਿਲ੍ਹੇ ਵਿੱਚ ਵੀ ਮੋਹਲੇਧਾਰ ਮੀਂਹ ਤੋਂ ਬਾਅਦ ਲੈਂਡਸਲਾਈਡ ਕਾਰਨ ਵੱਡੀ ਗਿਣਤੀ ਵਿੱਚ ਸੜਕਾਂ ਬੰਦ ਹੋ ਗਈਆਂ ਹਨ। ਹਾਲਾਤ ਨੂੰ ਦੇਖਦਿਆਂ ਡੀਸੀ ਕੁੱਲੂ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਚਾਅ ਵਜੋਂ ਆਨੀ, ਬੰਜਾਰ ਅਤੇ ਨੀਰਮੰਡ ਸਬ-ਡਿਵੀਜ਼ਨ ਦੇ ਸਾਰੇ ਸਿੱਖਿਆ ਅਦਾਰਿਆਂ ਵਿੱਚ ਅੱਜ (22 ਜੁਲਾਈ) ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਸ਼ਿਮਲਾ ਸ਼ਹਿਰ ਸਮੇਤ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਸਵੇਰੇ 7 ਵਜੇ ਤੱਕ ਭਾਰੀ ਮੀਂਹ ਪਿਆ। ਮੌਸਮ ਵਿਭਾਗ (IMD) ਅਨੁਸਾਰ, ਰਾਜ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਕਾਂਗੜਾ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਚੰਬਾ, ਕੁੱਲੂ, ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਹੈ।

ਪੰਜਾਬ ‘ਚ ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ ਇਸ ਤਰ੍ਹਾਂ ਰਹੇਗਾ

23 ਜੁਲਾਈ: ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

24 ਜੁਲਾਈ: ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਕਿਤੇ ਨਾ ਕਿਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ, ਪਰ ਭਾਰੀ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦਿਨ ਸਭ ਤੋਂ ਵੱਧ ਬਾਰਿਸ਼ ਦੀ ਸੰਭਾਵਨਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹੈ।

25 ਜੁਲਾਈ: ਇਸ ਦਿਨ ਬਾਰਿਸ਼ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।

Related Post

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ! ਖੜਕੇ-ਦੜਕੇ ਦੇ ਆਸਾਰ, ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰੇਗਾ ਵਿਰੋਧੀ ਧਿਰ
ਨਸ਼ੇ ਦੇ ਮੁੱਦੇ 'ਤੇ ਅਮਿਤ ਸ਼ਾਹ ਦਾ ‘ਆਪ’ ਸਰਕਾਰ 'ਤੇ ਤਿੱਖਾ ਹਮਲਾ, 20 ਅਕਤੂਬਰ ਨੂੰ ਤਿੰਨ ਸ਼ਹਿਰਾਂ ਦਾ ਕਰਨਗੇ ਦੌਰਾ
ਪੰਜਾਬ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਨੇ ਇਸ ਸੀਨੀਅਰ ਕਾਂਗਰਸੀ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪੋਸਟ ਪਾ ਕੀਤਾ ਧੰਨਵਾਦ
AAP ਹੋਈ ਹੋਰ ਮਜ਼ਬੂਤ! ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ 'ਚ ਕਈ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ‘ਚ ਸ਼ਾਮਲ
ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਦਾ ਵੱਡਾ ਕਦਮ, ਕਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ
SGPC ਦਾ ਵੱਡਾ ਫ਼ੈਸਲਾ! ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੇਗੀ ਪਰਵਿੰਦਰ ਝੋਟਾ ਦੀ ਤਸਵੀਰ, ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਦੀ ਸਹਾਇਤਾ ਦਾ ਐਲਾਨ

© Copyright Galactic Television & Communications Pvt. Ltd. 2026. All rights reserved.