ਪੰਜਾਬ-ਚੰਡੀਗੜ੍ਹ ‘ਚ 4 ਦਿਨ ਮੀਂਹ-ਝੱਖੜ ਦਾ ਅਲਰਟ: ਗਰਮੀ ਤੋਂ ਮਿਲੇਗੀ ਰਾਹਤ, 4 ਜੂਨ ਤੋਂ ਬਾਅਦ ਫਿਰ ਵਧੇਗਾ ਤਾਪਮਾਨ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ 3 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਖੁਸ਼ਨੁਮਾ ਹੋਣ ਕਰਕੇ ਲੋਕਾਂ ਦੇ ਚਿਹਰੇ ਖਿੜ ਗਏ ਹਨ। ਉੱਧਰ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵੀ ਹੋ ਗਈਆਂ ਨੇ, ਮੌਸਮ ਵਧੀਆ ਹੋਣ ਕਰਕੇ ਬੱਚੇ ਆਰਾਮ ਨਾਲ ਖੇਡ ਸਕਦੇ ਹਨ। ਮੌਸਮ ਵਿਭਾਗ ਨੇ 4 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ, ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਹੈ। ਇਸੇ ਦੇ ਮੱਦੇਨਜ਼ਰ ਅੱਜ 10 ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਮੀਂਹ ਕਾਰਨ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਹੁਣ ਆਮ ਨਾਲੋਂ 7.6 ਡਿਗਰੀ ਘੱਟ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ 6 ਜੂਨ ਤੱਕ ਮੌਸਮ ਵਿੱਚ ਬਦਲਾਅ ਜਾਰੀ ਰਹੇਗਾ, ਪਰ ਅਗਲੇ ਇੱਕ ਹਫ਼ਤੇ ਵਿੱਚ ਤਾਪਮਾਨ ਫਿਰ ਤੋਂ 6 ਤੋਂ 8 ਡਿਗਰੀ ਤੱਕ ਵਧ ਸਕਦਾ ਹੈ।
ਇਸ ਵਾਰ ਮਾਨਸੂਨ ਕਮਜ਼ੋਰ ਰਹੇਗਾ-IMD
ਦੂਜੇ ਪਾਸੇ, ਪੰਜਾਬ ਵਿੱਚ ਇਸ ਸਾਲ ਮਾਨਸੂਨ ਦੇ ਕਮਜ਼ੋਰ ਰਹਿਣ ਦੀ ਸੰਭਾਵਨਾ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਇਸ ਵਾਰ ਸੂਬੇ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਸਕਦਾ ਹੈ। ਇਸ ਕਾਰਨ ਝੋਨੇ ਦੀ ਖੇਤੀ ਲਈ ਪਾਣੀ ਦੀ ਜ਼ਰੂਰਤ ਵਧੇਗੀ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਵਧਣ ਨਾਲ ਬਿਜਲੀ ਦੀ ਮੰਗ ਰਿਕਾਰਡ 18 ਹਜ਼ਾਰ ਮੈਗਾਵਾਟ ਤੱਕ ਪਹੁੰਚ ਸਕਦੀ ਹੈ।
ਮਾਹਿਰਾਂ ਦਾ ਮੰਨਣਾ ਹੈ ਕਿ ਘੱਟ ਮੀਂਹ ਅਤੇ 'ਐਲ-ਨੀਨੋ' (El-Nino) ਦੇ ਪ੍ਰਭਾਵ ਕਾਰਨ ਪਾਣੀ ਦਾ ਸੰਕਟ ਹੋਰ ਡੂੰਘਾ ਹੋ ਸਕਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਸਰਕਾਰ 'ਡੀ.ਐੱਸ.ਆਰ.' (DSR) ਤਕਨੀਕ ਨੂੰ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬੱਚਤ ਕੀਤੀ ਜਾ ਸਕੇ।
ਗਰਮੀ ਤੋਂ ਰਾਹਤ ਮਿਲੀ ਹੈ ਅਤੇ ਅੱਜ 10 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸੂਨ ਹੌਲੀ-ਹੌਲੀ ਅੱਗੇ ਵਧ ਰਿਹਾ ਹੈ ਅਤੇ ਅਗਲੇ 3-4 ਦਿਨਾਂ ਵਿੱਚ ਇਸ ਦੇ ਕੇਰਲ, ਤਾਮਿਲਨਾਡੂ, ਲਕਸ਼ਦੀਪ ਅਤੇ ਬੰਗਾਲ ਦੀ ਖਾੜੀ ਦੇ ਕਈ ਹੋਰ ਹਿੱਸਿਆਂ ਵਿੱਚ ਪਹੁੰਚਣ ਦੀ ਉਮੀਦ ਹੈ। ਇਸ ਦੇ ਨਾਲ ਹੀ, ਉੱਤਰ ਪ੍ਰਦੇਸ਼ ਦੇ ਨੇੜੇ ਇੱਕ ਪੱਛਮੀ ਗੜਬੜੀ (Western Disturbance) ਸਰਗਰਮ ਹੈ, ਜਿਸ ਕਾਰਨ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਇਸ ਦਾ ਅਸਰ ਪੰਜਾਬ 'ਤੇ ਵੀ ਪਵੇਗਾ, ਜਿਸ ਨਾਲ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਠੰਢਾ ਰਹੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਮੁਤਾਬਕ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 6 ਜੂਨ ਤੱਕ ਮੌਸਮ ਵਿੱਚ ਬਦਲਾਅ ਜਾਰੀ ਰਹੇਗਾ ਅਤੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 4 ਜੂਨ ਨੂੰ ਮੀਂਹ ਪੈਣ ਦੀਆਂ ਗਤੀਵਿਧੀਆਂ ਜ਼ਿਆਦਾ ਰਹਿ ਸਕਦੀਆਂ ਹਨ। ਹਾਲਾਂਕਿ, ਅਗਲੇ 7 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ 6 ਤੋਂ 8 ਡਿਗਰੀ ਤੱਕ ਵਧ ਸਕਦਾ ਹੈ।
ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਹਾਲ
2 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਨਾਲ ਹੀ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
3 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ 'ਤੇ ਗਰਜ-ਚਮਕ ਨਾਲ ਮੀਂਹ ਪੈਣ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
4 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਉਮੀਦ ਹੈ।