Sunday, 27th of September 2026

ਅੰਮ੍ਰਿਤਸਰ ‘ਚ 1.80 ਕਿਲੋ ਹੈਰੋਇਨ ਤੇ ਡਰੋਨ ਬਰਾਮਦ, ਸਰਹੱਦ ਪਾਰੋਂ ਨਸ਼ਾ ਮੰਗਵਾਉਣ ਲਈ ਹੋ ਰਹੀ ਸੀ ਵਰਤੋਂ, ਨੈੱਟਵਰਕ ਦੀ ਜਾਂਚ ਸ਼ੁਰੂ

Edited By: Lajwinder Kaur | Updated at:
ਅੰਮ੍ਰਿਤਸਰ ‘ਚ 1.80 ਕਿਲੋ ਹੈਰੋਇਨ ਤੇ ਡਰੋਨ ਬਰਾਮਦ, ਸਰਹੱਦ ਪਾਰੋਂ ਨਸ਼ਾ ਮੰਗਵਾਉਣ ਲਈ ਹੋ ਰਹੀ ਸੀ ਵਰਤੋਂ, ਨੈੱਟਵਰਕ ਦੀ ਜਾਂਚ ਸ਼ੁਰੂ

ਅੰਮ੍ਰਿਤਸਰ ‘ਚ 1.80 ਕਿਲੋ ਹੈਰੋਇਨ ਤੇ ਡਰੋਨ ਬਰਾਮਦ, ਸਰਹੱਦ ਪਾਰੋਂ ਨਸ਼ਾ ਮੰਗਵਾਉਣ ਲਈ ਹੋ ਰਹੀ ਸੀ ਵਰਤੋਂ, ਨੈੱਟਵਰਕ ਦੀ ਜਾਂਚ ਸ਼ੁਰੂ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਲੋਪੋਕੇ ਦੀ ਪੁਲਿਸ ਨੇ 1 ਕਿਲੋ 80 ਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਇਸ ਡਰੋਨ ਦੀ ਵਰਤੋਂ ਸਰਹੱਦ ਪਾਰੋਂ ਨਸ਼ੇ ਦੀ ਖੇਪ ਮੰਗਵਾਉਣ ਲਈ ਕੀਤੀ ਜਾ ਰਹੀ ਸੀ, ਜੋ ਤਸਕਰਾਂ ਵੱਲੋਂ ਅਪਣਾਏ ਜਾ ਰਹੇ ਨਵੇਂ ਅਤੇ ਆਧੁਨਿਕ ਤਰੀਕਿਆਂ ਵੱਲ ਇਸ਼ਾਰਾ ਕਰਦਾ ਹੈ।

ਤੋੜਿਆ ਨਸ਼ਾ ਤਸਕਰੀ ਦਾ ਨੈੱਟਵਰਕ

ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਸਰਚ ਆਪਰੇਸ਼ਨ ਚਲਾਇਆ। ਤਲਾਸ਼ੀ ਦੌਰਾਨ ਮੌਕੇ ਤੋਂ ਹੈਰੋਇਨ ਦੀ ਵੱਡੀ ਖੇਪ ਅਤੇ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਇਸ ਬਰਾਮਦਗੀ ਨੂੰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਇੱਕ ਅਹਿਮ ਕੜੀ ਮੰਨਿਆ ਜਾ ਰਿਹਾ ਹੈ।

ਪੁਲਿਸ ਵੱਲੋਂ ਕੀਤਾ ਜਾ ਰਹੀ ਹੈ ਹੋਰ ਸਖਤੀ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਿਛਲੇ ਕੁਝ ਸਮੇਂ ਤੋਂ ਡਰੋਨ ਰਾਹੀਂ ਤਸਕਰੀ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਨਿਗਰਾਨੀ ਅਤੇ ਸਖ਼ਤੀ ਹੋਰ ਵਧਾ ਦਿੱਤੀ ਹੈ।

ਇਸ ਮਾਮਲੇ ਵਿੱਚ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਹੁਣ ਇਸ ਗੱਲ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਸ ਤਸਕਰੀ ਪਿੱਛੇ ਕੌਣ ਲੋਕ ਸ਼ਾਮਲ ਹਨ ਅਤੇ ਇਹ ਨੈੱਟਵਰਕ ਕਿੰਨੇ ਵੱਡੇ ਪੱਧਰ 'ਤੇ ਕੰਮ ਕਰ ਰਿਹਾ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ੇ ਦੇ ਇਸ ਕਾਰੋਬਾਰ 'ਤੇ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ।