ਸ੍ਰੀ ਹਰਿਮੰਦਰ ਸਾਹਿਬ 'ਚ 25 ਤੋਂ 27 ਅਕਤੂਬਰ ਤੱਕ ਧੂਮਧਾਮ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਮੰਗਲਵਾਰ ਨੂੰ ਰਹੇਗੀ ਛੁੱਟੀ
ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਕੀਰਤਨ ਦਰਬਾਰ, ਨਗਰ ਕੀਰਤਨ, ਅਲੌਕਿਕ ਰੋਸ਼ਨੀ, ਦੀਪਮਾਲਾ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹਿਣਗੇ।
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਪਵਿੱਤਰ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।
25 ਅਤੇ 26 ਅਕਤੂਬਰ ਨੂੰ ਸਜਣਗੇ ਵਿਸ਼ੇਸ਼ ਕੀਰਤਨ ਦਰਬਾਰ
ਗਿਆਨੀ ਅਮਰਜੀਤ ਸਿੰਘ ਅਨੁਸਾਰ 25 ਅਤੇ 26 ਅਕਤੂਬਰ ਨੂੰ ਰਹਿਰਾਸ ਸਾਹਿਬ (ਸੋਦਰ) ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸ਼ਾਮ 7 ਵਜੇ ਤੋਂ ਰਾਤ 1 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਦੇਸ਼-ਵਿਦੇਸ਼ ਦੇ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।
26 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਵੇਰੇ 10 ਵਜੇ ਇੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਸਿੰਘ ਸਾਹਿਬ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਨਗਰ ਕੀਰਤਨ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
27 ਅਕਤੂਬਰ ਨੂੰ ਮਨਾਇਆ ਜਾਵੇਗਾ ਮੁੱਖ ਪ੍ਰਕਾਸ਼ ਪੁਰਬ
27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਦੇ ਮੁੱਖ ਦਿਹਾੜੇ 'ਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਇ ਜੀ ਵਿਖੇ ਸ਼ਾਨਦਾਰ ਜਲੌਅ (ਸੁੰਦਰ ਸਜਾਵਟ) ਦੇਖਣ ਨੂੰ ਮਿਲਣਗੇ। ਬਾਬਾ ਦੀਪ ਸਿੰਘ ਜੀ ਦੇ ਅਸਥਾਨ 'ਤੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਜਾਵੇਗਾ। ਰਾਤ ਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਅਤੇ ਆਕਰਸ਼ਕ ਆਤਿਸ਼ਬਾਜ਼ੀ ਕੀਤੀ ਜਾਵੇਗੀ। ਇਸ ਦਿਨ ਰਾਤ ਦੇ ਦੀਵਾਨ ਵਿੱਚ ਭਾਈ ਜਸਬੀਰ ਸਿੰਘ ਖੰਨੇ ਵਾਲੇ ਅਤੇ ਭਾਈ ਸਾਹਿਬ ਭਾਈ ਇੰਦਰਪਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ।

ਮੰਗਲਵਾਰ ਨੂੰ ਰਹੇਗੀ ਛੁੱਟੀ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 27 ਅਕਤੂਬਰ, ਮੰਗਲਵਾਰ ਨੂੰ ਸਥਾਨਕ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ।
ਪੰਜਾਬ ਸਰਕਾਰ ਦੇ ਕਾਰਮਿਕ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਇਹ ਛੁੱਟੀ ਸਿਰਫ਼ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਤੱਕ ਹੀ ਸੀਮਤ ਰਹੇਗੀ। ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਦੀ ਜਾਣਕਾਰੀ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿੱਤੀ ਗਈ ਹੈ, ਤਾਂ ਜੋ ਉਹ ਆਪਣੇ ਪੱਧਰ 'ਤੇ ਲੋੜੀਂਦੇ ਪ੍ਰਬੰਧ ਕਰ ਸਕਣ।
9 ਨਵੰਬਰ ਤੱਕ ਚੱਲਣਗੇ ਗੁਰਮਤਿ ਸਮਾਗਮ
ਇਸ ਤੋਂ ਇਲਾਵਾ 25 ਅਕਤੂਬਰ ਤੋਂ 9 ਨਵੰਬਰ ਤੱਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੰਮ੍ਰਿਤ ਵੇਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਵਾਕਾਂ ਅਤੇ ਗੁਰਮਤਿ ਵਿਚਾਰਾਂ ਦਾ ਪ੍ਰਵਾਹ ਨਿਰੰਤਰ ਜਾਰੀ ਰਹੇਗਾ। ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਅਤੇ ਆਸ਼ੀਰਵਾਦ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਹੈ।