Sunday, 27th of September 2026

DC ਦੇ ਸਖ਼ਤ ਹੁਕਮ ਜਾਰੀ; ਸ਼ਰਾਬ-ਮਾਸ ਸਣੇ ਤੰਬਾਕੂ ਉਤਪਾਦਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ 'ਤੇ ਪਾਬੰਦੀ, ਆਦੇਸ਼ ਨਾ ਮੰਨਣ ਵਾਲਿਆਂ ਖਿਲਾਫ...

Edited By: Lajwinder Kaur | Updated at:
DC ਦੇ ਸਖ਼ਤ ਹੁਕਮ ਜਾਰੀ; ਸ਼ਰਾਬ-ਮਾਸ ਸਣੇ ਤੰਬਾਕੂ ਉਤਪਾਦਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ 'ਤੇ ਪਾਬੰਦੀ, ਆਦੇਸ਼ ਨਾ ਮੰਨਣ ਵਾਲਿਆਂ ਖਿਲਾਫ...

DC ਦੇ ਸਖ਼ਤ ਹੁਕਮ ਜਾਰੀ; ਸ਼ਰਾਬ-ਮਾਸ ਸਣੇ ਤੰਬਾਕੂ ਉਤਪਾਦਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ 'ਤੇ ਪਾਬੰਦੀ, ਆਦੇਸ਼ ਨਾ ਮੰਨਣ ਵਾਲਿਆਂ ਖਿਲਾਫ...

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਦੀ ਧਾਰਮਿਕ ਮਰਿਆਦਾ ਅਤੇ ਪਵਿੱਤਰ ਵਾਤਾਵਰਣ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਇੱਕ ਵਾਰ ਫਿਰ ਵੱਡਾ ਫੈਸਲਾ ਲਿਆ ਹੈ। ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਅੰਮ੍ਰਿਤਸਰ ਦੀ ਚਾਰਦੀਵਾਰੀ ਦੇ ਅੰਦਰ ਸ਼ਰਾਬ, ਮਾਸ, ਤੰਬਾਕੂ ਉਤਪਾਦਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ, ਵਰਤੋਂ ਅਤੇ ਭੰਡਾਰਨ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।

ਇਹ ਹੁਕਮ ਪੰਜਾਬ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਘੋਸ਼ਿਤ ਕੀਤੇ ਗਏ ਖੇਤਰਾਂ ਵਿੱਚ ਲਾਗੂ ਕੀਤੇ ਗਏ ਹਨ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਰਗੇ ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਗਰਿਮਾ ਨੂੰ ਬਰਕਰਾਰ ਰੱਖਣ ਲਈ ਇਹ ਕਦਮ ਚੁੱਕਣਾ ਬਹੁਤ ਜ਼ਰੂਰੀ ਹੈ।

ਧਾਰਾ 163 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੁੜ ਜਾਰੀ ਕੀਤੇ ਹੁਕਮ

ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਦੁਬਾਰਾ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ, ਚਾਰਦੀਵਾਰੀ ਦੇ ਅੰਦਰ ਪਾਨ, ਬੀੜੀ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਾਂ ਭੰਡਾਰਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲੋਕ ਹਿੱਤ ਵਿੱਚ ਲਿਆ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਸ਼ਹਿਰ ਦੀ ਪਵਿੱਤਰਤਾ ਬਣਾਈ ਰੱਖਣ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ।

7 ਜੁਲਾਈ 2026 ਤੱਕ ਲਾਗੂ ਰਹਿਣਗੇ ਪ੍ਰਸ਼ਾਸਨ ਦੇ ਹੁਕਮ

ਜ਼ਿਲ੍ਹਾ ਪ੍ਰਸ਼ਾਸਨ ਨੇ ਸਿਹਤ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿਵਲ ਸਰਜਨ ਅੰਮ੍ਰਿਤਸਰ ਨੂੰ ਵਿਸ਼ੇਸ਼ ਤੌਰ 'ਤੇ ਨਿਗਰਾਨੀ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਸ਼ਾਸਨ ਵੱਲੋਂ ਜਾਰੀ ਇਹ ਹੁਕਮ 7 ਜੁਲਾਈ 2026 ਤੱਕ ਪ੍ਰਭਾਵੀ ਰਹਿਣਗੇ। ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।