ਪੰਜਾਬ ਦੇ ਕਿਸਾਨਾਂ ਨੂੰ ਵੱਡੀ ਸੌਗਾਤ; ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ 36 ਕਰੋੜ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ, ਕਿਸਾਨਾਂ ਨੂੰ ਮਿਲੇਗਾ ਭਰਪੂਰ ਨਹਿਰੀ ਪਾਣੀ
ਪੰਜਾਬ ਵਿੱਚ ਪਾਣੀ ਦੀ ਸੁਚਾਰੂ ਵਰਤੋਂ ਅਤੇ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬਠਿੰਡਾ ਦਾ ਦੌਰਾ ਕੀਤਾ ਅਤੇ ਲਗਭਗ 36 ਕਰੋੜ 32 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਨਾਲ ਇਲਾਕੇ ਦੇ ਲਗਭਗ 11,000 ਏਕੜ ਖੇਤਰ ਨੂੰ ਵਧੇਰੇ ਨਹਿਰੀ ਪਾਣੀ ਮੁਹੱਈਆ ਹੋਵੇਗਾ।
ਟੇਲਾਂ ਤੱਕ ਪਾਣੀ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ
ਦੌਰੇ ਦੌਰਾਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਬਠਿੰਡਾ ਦੇ ਫੂਲ ਵਿਖੇ 30 ਕਿਲੋਮੀਟਰ ਲੰਬੇ ਰਜਵਾਹੇ ਨੂੰ 27 ਕਰੋੜ 88 ਲੱਖ ਰੁਪਏ ਦੀ ਲਾਗਤ ਨਾਲ ਪੱਕਾ (ਕੰਕਰੀਟ) ਕੀਤਾ ਗਿਆ ਹੈ, ਜਿਸ ਨਾਲ 17 ਪਿੰਡਾਂ ਦੇ ਖੇਤਾਂ ਨੂੰ ਸਿੱਧਾ ਪਾਣੀ ਮਿਲੇਗਾ। ਇਸ ਤੋਂ ਇਲਾਵਾ ਕਰੋੜਾਂ ਰੁਪਏ ਦੀ ਲਾਗਤ ਨਾਲ ਮਾਈਨਰਾਂ ਨੂੰ ਪੱਕਾ ਕਰਨ ਅਤੇ ਨਵੇਂ ਪੱਕੇ ਖਾਲੇ ਬਣਾਉਣ ਦਾ ਕੰਮ ਵੀ ਕੀਤਾ ਗਿਆ ਹੈ, ਤਾਂ ਜੋ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਕੋਈ ਘਾਟ ਨਾ ਆਵੇ।
ਪਾਣੀ ਦੇ ਭੰਡਾਰਾਂ ਨੂੰ ਲੈ ਕੇ ਵੱਡਾ ਦਾਅਵਾ
ਬਾਰਿਸ਼ਾਂ ਘੱਟ ਹੋਣ ਦੇ ਸਵਾਲ 'ਤੇ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਇਸ ਵਾਰ ਬਾਰਿਸ਼ਾਂ ਘੱਟ ਹੋਈਆਂ ਹਨ, ਪਰ ਸਰਕਾਰ ਕੋਲ ਰਿਜ਼ਰਵ ਪਾਣੀ ਦੀ ਕੋਈ ਘਾਟ ਨਹੀਂ ਹੈ। 1 ਜੂਨ ਤੋਂ ਲੈ ਕੇ ਹੁਣ ਤੱਕ ਨਹਿਰਾਂ ਵਿੱਚ ਪੂਰਾ ਪਾਣੀ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਸਿੰਜਾਈ ਲਈ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।
ਵਿਰੋਧੀਆਂ ਅਤੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ
ਇਸ ਮੌਕੇ ਸਿਆਸੀ ਮੁੱਦਿਆਂ 'ਤੇ ਗੱਲ ਕਰਦਿਆਂ ਉਨ੍ਹਾਂ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ, ਬੇਸ਼ੱਕ ਉਹ ਕਿਸੇ ਨੂੰ ਵੀ ਪਾਰਟੀ ਪ੍ਰਧਾਨ ਬਣਾ ਦੇਣ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਹਮੇਸ਼ਾ ਸਾਡੀ ਕਿਸਾਨੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੇ ਨਾਲ ਹੀ ਡੀ.ਏ. (DA) ਦੀ ਕਿਸ਼ਤ ਜਾਰੀ ਕਰਨ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਇਸ ਬਾਰੇ ਫ਼ੈਸਲਾ ਦਿੱਤਾ ਹੈ, ਪਰ ਸਾਨੂੰ ਵੀ ਆਪਣੇ ਹੱਕਾਂ ਬਾਰੇ ਸੋਚਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਇਸ ਨੂੰ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ ਦੱਸਿਆ।